ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਮਿਤ ਸਮਾਗਮ
ਗੁਰਦੁਆਰਾ ਸ੍ਰੀ ਲਕੀਰ ਸਾਹਿਬ ’ਚ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਮਿਤ ਸਮਾਗਮ ਕਰਵਾਇਆ
Publish Date: Tue, 21 Apr 2026 08:36 PM (IST)
Updated Date: Wed, 22 Apr 2026 04:13 AM (IST)

ਪੰਥ ਪ੍ਰਸਿੱਧ ਜਥਿਆਂ ਨੇ ਲਗਾਈ ਗੁਰਬਾਣੀ ਦੀ ਛਹਿਬਰ, ਸੰਗਤ ਨੇ ਦੇਰ ਸ਼ਾਮ ਤਕ ਭਰੀ ਹਾਜ਼ਰੀ ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ ਧੰਨ ਧੰਨ ਬਾਬਾ ਦੀਪ ਸਿੰਘ ਜੀ ਨਾਲ ਸਬੰਧਤ ਇਤਿਹਾਸਿਕ ਗੁਰਦੁਆਰਾ ਸ੍ਰੀ ਲਕੀਰ ਸਾਹਿਬ ਫਤਹਿਚੱਕ ਵਿਖੇ ਮੰਗਲਵਾਰ ਸ਼ਾਮ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਗੁਰਦੁਆਰਾ ਸਾਹਿਬ ਦੀ ਕਮੇਟੀ ਦੇ ਪ੍ਰਧਾਨ ਜਸਵੰਤ ਸਿੰਘ ਪੱਡਾ ਤੇ ਸੰਗਤ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ਵਿਚ ਦੇਰ ਰਾਤ ਤਕ ਜਿਥੇ ਵੱਡੀ ਗਿਣਤੀ ਸੰਗਤ ਨੇ ਸ਼ਰਧਾ ਭਾਵਨਾ ਨਾਲਲ ਹਾਜਰੀ ਭਰੀ। ਉਥੇ ਹੀ ਪੰਥ ਪ੍ਰਸਿੱਧ ਕੀਰਤਨੀ ਜਥਿਆਂ ਤੇ ਕਥਾ ਵਾਚਕਾਂ ਨੇ ਗੁਰਬਾਣੀ ਦੀ ਛਹਿਬਰ ਲਾ ਕੇ ਸੰਗਤ ਨੂੰ ਸ਼ਬਦ ਗੁਰੂ ਨਾਲ ਜੋੜਿਆ ਸ਼ਾਮ 6 ਵਜੇ ਤੋਂ ਰਾਤ ਸਾਢੇ 9 ਵਜੇ ਤਕ ਹੋਏ ਇਸ ਮਹਾਨ ਗੁਰਮਤਿ ਸਮਾਗਮ ਮੌਕੇ ਭਾਈ ਅਮਨਦੀਪ ਸਿੰਘ ਹਜੂਰੀ ਰਾਗੀ ਗੁਰਦੁਆਰਾ ਸ੍ਰੀ ਲਕੀਰ ਸਾਹਿਬ ਤਰਨਤਾਰਨ, ਭਾਈ ਲਖਮੀਰ ਸਿੰਘ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤ ਵੇਲੇ ਦਾ ਕੀਰਤਨੀ ਜਥਾ, ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਕਥਾ ਵਾਚਕ ਅੰਮ੍ਰਿਤਸਰ ਵਾਲੇ ਅਤੇ ਬੀਬੀ ਦਲੇਰ ਕੌਰ ਦੇ ਢਾਡੀ ਜਥੇ ਨੇ ਸੰਗਤ ਨੂੰ ਹਰ ਜਸ ਸਰਵਣ ਕਰਵਾ ਕੇ ਨਿਹਾਲ ਕੀਤਾ। ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਇਸ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੀਆਂ ਇਮਾਰਤਾਂ ਤੇ ਦੀਵਾਨ ਹਾਲ ਵਿਚ ਰੰਗ ਬਿਰੰਗੀਆਂ ਰੌਸ਼ਨੀਆਂ ਨਾਲ ਅਲੌਕਿਕ ਸਜਾਵਟ ਵੀ ਕੀਤੀ ਗਈ। ਜਦੋਂਕਿ ਸਮਾਗਮ ਵਿਚ ਹਾਜ਼ਰੀ ਭਰਨ ਵਾਲੀ ਸੰਗਤ ਨੂੰ ਗੁਰਦੁਆਰਾ ਸਾਹਿਬ ਪ੍ਰਬੰਧਕੀ ਕਮੇਟੀ ਦੇ ਮੈਨੇਜਰ ਪ੍ਰਿੰਸੀਪਲ ਬਖਸ਼ੀਸ਼ ਸਿੰਘ ਤੋਂ ਇਲਾਵਾ ਕਮੇਟੀ ਮੈਂਬਰਾਂ ਨੇ ਤਹਿ ਦਿਲੋਂ ਜੀ ਆਇਆਂ ਆਖਿਆ। ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਕਮੇਟੀ ਦੇ ਮੈਂਬਰ ਕੁਲਦੀਪ ਸਿੰਘ, ਜਤਿੰਦਰ ਸਿੰਘ, ਲਖਵਿੰਦਰ ਸਿੰਘ, ਜਗਦੀਸ਼ ਸਿੰਘ, ਹਰਿੰਦਰ ਸਿੰਘ ਨੰਬਰਦਾਰ, ਹੈੱਡ ਗ੍ਰੰਥੀ ਬਾਬਾ ਸਤਨਾਮ ਸਿੰਘ, ਗ੍ਰੰਥੀ ਭਾਈ ਮੁਖਤਾਰ ਸਿੰਘ, ਭਾਈ ਰਣਜੀਤ ਸਿੰਘ, ਭਾਈ ਨਿਰਮਲ ਸਿੰਘ, ਭਾਈ ਸਿਮਰਨਜੀਤ ਸਿੰਘ ਸਮੇਤ ਹੋਰ ਸੇਵਾਦਾਰ ਜਿਥੇ ਮੌਜੂਦ ਸਨ, ਉਥੇ ਹੀ ਵੱਡੀ ਗਿਣਤੀ ਵਿਚ ਸੰਗਤ ਨੇ ਵੀ ਹਾਜਰੀ ਭਰਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।