ਬੇਅਦਬੀ ਮਾਮਲਿਆਂ ’ਤੇ ਕਾਨੂੰਨ ਬਣਾਉਣਾ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਕਦਮ : ਸਰਪੰਚ
ਬੇਅਦਬੀ ਮਾਮਲਿਆਂ ‘ਤੇ ਕਾਨੂੰਨ ਬਣਾਉਣਾ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਕਦਮ : ਸਰਪੰਚ ਮਲਕੀਤ ਸਿੰਘ
Publish Date: Wed, 22 Apr 2026 04:39 PM (IST)
Updated Date: Wed, 22 Apr 2026 04:43 PM (IST)

ਸਤਨਾਮ ਸਿੰਘ ਚੀਮਾ•, ਪੰਜਾਬੀ ਜਾਗਰਣ ਘਰਿਆਲਾ : ਸਰਪੰਚ ਮਲਕੀਤ ਸਿੰਘ ਮਾਹਣਕੇ ਤੇ ਗ੍ਰਾਮ ਪੰਚਾਇਤ ਨੇ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਲਈ ਬਣਾਏ ਗਏ ਕਾਨੂੰਨ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਬੇਅਦਬੀਆਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਜੋ ਕਾਨੂੰਨ ਬਣਾਏ ਗਏ ਹਨ, ਉਹ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦੀ ਰੱਖਿਆ ਲਈ ਬਹੁਤ ਹੀ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਇਹ ਸਾਬਿਤ ਕੀਤਾ ਹੈ ਕਿ ਉਹ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਦੀ ਹੈ ਅਤੇ ਉਨ੍ਹਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖ ਕੌਮ ਦੇ ਜੀਵਤ ਗੁਰੂ ਹਨ ਅਤੇ ਉਨ੍ਹਾਂ ਦੀ ਬੇਅਦਬੀ ਕਰਨਾ ਬਹੁਤ ਹੀ ਸੰਵੇਦਨਸ਼ੀਲ ਅਤੇ ਗੰਭੀਰ ਮਾਮਲਾ ਹੈ। ਜਿਸ ਨੂੰ ਕਿਸੇ ਵੀ ਹਾਲਾਤ ਵਿਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਬੇਅਦਬੀਆਂ ਦੀਆਂ ਘਟਨਾਵਾਂ ਨੇ ਲੋਕਾਂ ਦੇ ਦਿਲਾਂ ਨੂੰ ਝੰਜੋੜ ਕੇ ਰੱਖ ਦਿੱਤਾ ਤੇ ਸਮਾਜ ਵਿਚ ਗੁੱਸੇ ਅਤੇ ਨਿਰਾਸ਼ਾ ਦਾ ਮਾਹੌਲ ਬਣ ਗਿਆ। ਸਰਪੰਚ ਨੇ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਸਖ਼ਤ ਕਾਨੂੰਨ ਲਿਆਂਦੇ ਜਾਣ ਨਾਲ ਲੋਕਾਂ ਵਿਚ ਇਕ ਨਵੀਂ ਉਮੀਦ ਜਗੀ ਹੈ ਕਿ ਦੋਸ਼ੀਆਂ ਨੂੰ ਸਖ਼ਤ ਸਜ਼ਾ ਮਿਲੇਗੀ ਅਤੇ ਭਵਿੱਖ ਵਿਚ ਅਜਿਹੀਆਂ ਘਟਨਾਵਾਂ ’ਤੇ ਰੋਕ ਲੱਗੇਗੀ। ਉਨ੍ਹਾਂ ਕਿਹਾ ਕਿ ਇਸ ਬਿੱਲ ਵਿਚ ਬੇਅਦਬੀਆਂ ਦੇ ਦੋਸ਼ੀਆਂ ਲਈ ਸਖ਼ਤ ਸਜ਼ਾਵਾਂ ਦੀ ਵਿਵਸਥਾ ਕੀਤੀ ਗਈ ਹੈ ਜੋ ਕਿ ਕਾਬਲੇ ਤਾਰੀਫ਼ ਕਦਮ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਸਿਰਫ਼ ਸਿੱਖ ਧਰਮ ਲਈ ਹੀ ਨਹੀਂ ਸਗੋਂ ਹਰ ਧਰਮ ਦੇ ਪਵਿੱਤਰ ਗ੍ਰੰਥਾਂ ਦੀ ਇੱਜਤ ਅਤੇ ਰੱਖਿਆ ਨੂੰ ਯਕੀਨੀ ਬਣਾਉਣ ਵੱਲ ਇਕ ਵੱਡਾ ਕਦਮ ਹੈ। ਇਸ ਨਾਲ ਸਮਾਜ ਵਿਚ ਭਾਈਚਾਰੇ ਤੇ ਧਾਰਮਿਕ ਸਾਂਝ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਅਮਨ ਚੈਨ ਦਾ ਮਾਹੌਲ ਬਣੇਗਾ। ਇਸ ਮੌਕੇ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਟੀਮ ਦਾ ਧੰਨਵਾਦ ਵੀ ਕੀਤਾ।