ਮਿਲੇਨੀਅਮ ਵਰਲਡ ’ਚ ਮਜ਼ਦੂਰ ਦਿਵਸ ਸ਼ਾਨੋ-ਸ਼ੌਕਤ ਨਾਲ ਮਨਾਇਆ
ਮਿਲੇਨੀਅਮ ਵਰਲਡ ਸਕੂਲ ਕੈਰੋਂ ’ਚ ਮਜ਼ਦੂਰ ਦਿਵਸ ਸ਼ਾਨੋ-ਸ਼ੌਕਤ ਨਾਲ ਮਨਾਇਆ
Publish Date: Thu, 30 Apr 2026 05:23 PM (IST)
Updated Date: Fri, 01 May 2026 04:09 AM (IST)

ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਪੱਟੀ ਮਿਲੇਨੀਅਮ ਵਰਲਡ ਸਕੂਲ ਵਿਚ ਮਜ਼ਦੂਰ ਦਿਵਸ ਬੜੇ ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵੱਲੋਂ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤੇ ਗਏ, ਜਿਨ੍ਹਾਂ ਰਾਹੀਂ ਵਿਦਿਆਰਥੀਆਂ ਨੂੰ ਮਜ਼ਦੂਰਾਂ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ। ਸਕੂਲ ਦੇ ਵਿਦਿਆਰਥੀਆਂ ਨੇ ਕਵਿਤਾਵਾਂ, ਭਾਸ਼ਣਾਂ ਤੇ ਨਾਟਕਾਂ ਰਾਹੀਂ ਮਜ਼ਦੂਰਾਂ ਦੀ ਮਿਹਨਤ ਅਤੇ ਉਨ੍ਹਾਂ ਦੀ ਜ਼ਿੰਦਗੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਬੱਚਿਆਂ ਨੇ ਮਜ਼ਦੂਰਾਂ ਦੀ ਇੱਜ਼ਤ ਕਰਨ ਅਤੇ ਉਨ੍ਹਾਂ ਦੇ ਯੋਗਦਾਨ ਦੀ ਕਦਰ ਕਰਨ ਦਾ ਸੰਦੇਸ਼ ਦਿੱਤਾ। ਛੋਟੇ ਬੱਚਿਆਂ ਨੇ ਖ਼ੂਬਸੂਰਤ ਕਾਰਡ ਤਿਆਰ ਕਰਕੇ ਸਕੂਲ ਦੇ ਡਰਾਈਵਰਾਂ ਅਤੇ ਨੈਨੀਆਂ ਨੂੰ ਭੇਟ ਕੀਤੇ ਅਤੇ ਉਨ੍ਹਾਂ ਨੂੰ ਇਹ ਅਹਿਸਾਸ ਕਰਵਾਇਆ ਕਿ ਉਨ੍ਹਾਂ ਦਾ ਸਾਡੀ ਜ਼ਿੰਦਗੀ ਵਿਚ ਅਹਿਮ ਸਥਾਨ ਹੈ। ਇਸ ਮੌਕੇ ਸਕੂਲ ਵੱਲੋਂ ਡਰਾਈਵਰਾਂ, ਨੈਨੀਆਂ ਤੇ ਗੇਟਕੀਪਰਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੂੰ ਤੋਹਫ਼ੇ ਵੰਡ ਕੇ ਉਨ੍ਹਾਂ ਦੀ ਸੇਵਾ ਅਤੇ ਮਿਹਨਤ ਲਈ ਧੰਨਵਾਦ ਪ੍ਰਗਟਾਇਆ ਗਿਆ। ਇਸ ਸਮਾਰੋਹ ਵਿਚ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਗੀਰ ਸਿੰਘ, ਚੇਅਰਮੈਨ ਨਿਰਵੈਲ ਸਿੰਘ, ਡਾਇਰੈਕਟਰ ਗੁਰਜਿੰਦਰ ਸਿੰਘ ਅਤੇ ਕੁਲਬੀਰ ਕੌਰ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਸਕੂਲ ਦੀ ਪ੍ਰਿੰਸੀਪਲ ਪਵਨਦੀਪ ਕੌਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਮਜ਼ਦੂਰ ਸਾਡੇ ਸਮਾਜ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੇ ਬਿਨ੍ਹਾਂ ਸਾਡੀ ਰੋਜ਼ਾਨਾ ਜ਼ਿੰਦਗੀ ਅਧੂਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਹਰ ਵਰਗ ਦੇ ਲੋਕਾਂ ਦੀ ਇੱਜ਼ਤ ਕਰਨ ਅਤੇ ਉਨ੍ਹਾਂ ਦੇ ਯੋਗਦਾਨ ਦੀ ਕਦਰ ਕਰਨ ਲਈ ਪ੍ਰੇਰਿਤ ਕੀਤਾ। ਅੰਤ ਵਿਚ ਇਹ ਸਮਾਗਮ ਸਭ ਲਈ ਪ੍ਰੇਰਣਾਦਾਇਕ ਸਾਬਤ ਹੋਇਆ ਤੇ ਮਜ਼ਦੂਰਾਂ ਦੇ ਯੋਗਦਾਨ ਪ੍ਰਤੀ ਸਨਮਾਨ ਤੇ ਕਦਰ ਦਾ ਮਜ਼ਬੂਤ ਸੰਦੇਸ਼ ਦਿੱਤਾ ਗਿਆ।