ਮਜ਼ਦੂਰ ਦਿਵਸ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਆਯੋਜਿਤ
ਸਤਲੁਜ ਪਬਲਿਕ ਸਕੂਲ ਠੱਕਰਪੁਰਾ ’ਚ ਮਜ਼ਦੂਰ ਦਿਵਸ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਆਯੋਜਿਤ
Publish Date: Thu, 30 Apr 2026 05:31 PM (IST)
Updated Date: Fri, 01 May 2026 04:11 AM (IST)

ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਪੱਟੀ ਸਤਲੁਜ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਠੱਕਰਪੁਰਾ ਵਿਖੇ ਮਜ਼ਦੂਰ ਦਿਵਸ ਨੂੰ ਸਮਰਪਿਤ ਇਕ ਵਿਸ਼ੇਸ਼ ਪ੍ਰੋਗਰਾਮ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਮਜ਼ਦੂਰਾਂ ਦੀ ਮਿਹਨਤ, ਉਨ੍ਹਾਂ ਦੇ ਅਧਿਕਾਰਾਂ ਅਤੇ ਸਮਾਜ ਵਿਚ ਉਨ੍ਹਾਂ ਦੇ ਮਹੱਤਵ ਬਾਰੇ ਜਾਗਰੂਕ ਕਰਨਾ ਸੀ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵੱਲੋਂ ਮਜ਼ਦੂਰ ਦਿਵਸ ਨਾਲ ਸਬੰਧਤ ਭਾਸ਼ਣ, ਕਵਿਤਾਵਾਂ ਅਤੇ ਵਿਚਾਰ ਪੇਸ਼ ਕੀਤੇ ਗਏ, ਜਿਨ੍ਹਾਂ ਰਾਹੀਂ ਮਜ਼ਦੂਰ ਵਰਗ ਦੀ ਅਹਿਮੀਅਤ ਨੂੰ ਰੋਸ਼ਨ ਕੀਤਾ ਗਿਆ। ਵਿਦਿਆਰਥੀਆਂ ਨੇ ਦੱਸਿਆ ਕਿ ਮਜ਼ਦੂਰ ਸਾਡੇ ਸਮਾਜ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਮਿਹਨਤ ਨਾਲ ਹੀ ਦੇਸ਼ ਦੀ ਤਰੱਕੀ ਸੰਭਵ ਹੁੰਦੀ ਹੈ। ਇਸ ਮੌਕੇ ਅਧਿਆਪਕਾਂ ਵੱਲੋਂ ਵੀ ਮਜ਼ਦੂਰ ਦਿਵਸ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਜ਼ਦੂਰਾਂ ਦੀ ਮਿਹਨਤ ਦਾ ਸਤਿਕਾਰ ਕਰਨ ਅਤੇ ਉਨ੍ਹਾਂ ਦੇ ਹੱਕਾਂ ਲਈ ਜਾਗਰੂਕ ਰਹਿਣ ਦੀ ਪ੍ਰੇਰਣਾ ਦਿੱਤੀ। ਅਧਿਆਪਕਾਂ ਨੇ ਕਿਹਾ ਕਿ ਹਰ ਵਰਗ ਦੇ ਲੋਕਾਂ ਨੂੰ ਮਜ਼ਦੂਰਾਂ ਦੀ ਕਦਰ ਕਰਨੀ ਚਾਹੀਦੀ ਹੈ, ਕਿਉਂਕਿ ਉਨ੍ਹਾਂ ਦੇ ਬਿਨ੍ਹਾਂ ਸਮਾਜ ਦੀ ਪ੍ਰਗਤੀ ਅਸੰਭਵ ਹੈ। ਇਸ ਮੌਕੇ ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਵਿਚ ਸਮਾਜਿਕ ਮੁੱਲਾਂ ਨੂੰ ਮਜ਼ਬੂਤ ਕਰਦੇ ਹਨ ਅਤੇ ਉਨ੍ਹਾਂ ਨੂੰ ਜ਼ਿੰਮੇਵਾਰ ਨਾਗਰਿਕ ਬਣਾਉਣ ਵਿਚ ਮਦਦਗਾਰ ਸਾਬਤ ਹੁੰਦੇ ਹਨ। ਪ੍ਰੋਗਰਾਮ ਦੇ ਅੰਤ ਵਿਚ ਸਕੂਲ ਮੈਨੇਜਮੈਂਟ ਮੈਂਬਰ ਹਰਬੀਰ ਸਿੰਘ, ਪ੍ਰਿੰਸੀਪਲ ਅਤੇ ਵਾਈਸ ਪ੍ਰਿੰਸੀਪਲ ਵੱਲੋਂ ਸਕੂਲ ਦੇ ਚੌਥੇ ਦਰਜੇ ਦੇ ਕਰਮਚਾਰੀਆਂ ਨੂੰ ਉਨ੍ਹਾਂ ਦੀਆਂ ਸਰਾਹਣਯੋਗ ਸੇਵਾਵਾਂ ਲਈ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਰਾਜਬੀਰ ਕੌਰ, ਦਲਬੀਰ ਕੌਰ ਅਤੇ ਯਾਦਵਿੰਦਰ ਸਿੰਘ ਸਮੇਤ ਹੋਰ ਕਰਮਚਾਰੀਆਂ ਨੂੰ ਸਨਮਾਨ ਪੱਤਰ ਅਤੇ ਉਪਹਾਰ ਦੇ ਕੇ ਉਨ੍ਹਾਂ ਦੀ ਮਿਹਨਤ ਦੀ ਕਦਰ ਕੀਤੀ ਗਈ।