ਡੀਐੱਸਪੀ ਹਰਿੰਦਰ ਸਿੰਘ ਨੇ ਚਾਰਜ ਸੰਭਾਲਿਆ
ਡੀਐੱਸਪੀ ਹਰਿੰਦਰ ਸਿੰਘ ਨੇ ਸਬ ਡਵੀਜ਼ਨ ਗੋਇੰਦਵਾਲ ਸਾਹਿਬ ਦਾ ਚਾਰਜ ਸੰਭਾਲਿਆ
Publish Date: Thu, 30 Apr 2026 06:33 PM (IST)
Updated Date: Fri, 01 May 2026 04:14 AM (IST)

ਗੁਰਬਰਿੰਦਰ ਸਿੰਘ•, ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ ਸਬ-ਡਵੀਜ਼ਨ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਤਾਇਨਾਤ ਡੀਐੱਸਪੀ ਅਤੁਲ ਸੋਨੀ ਦੇ ਤਬਾਦਲੇ ਤੋਂ ਬਾਅਦ ਪੰਜਾਬ ਸਰਕਾਰ ਅਤੇ ਡੀਜੀਪੀ ਗੌਰਵ ਯਾਦਵ ਵੱਲੋਂ ਡੀਐੱਸਪੀ ਹਰਿੰਦਰ ਸਿੰਘ ਨੂੰ ਸਬ-ਡਵੀਜ਼ਨ ਗੋਇੰਦਵਾਲ ਸਾਹਿਬ ਦਾ ਚਾਰਜ ਸੌਂਪਿਆ ਗਿਆ ਹੈ, ਜਿਨ੍ਹਾਂ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਨਵ-ਨਿਯੁਕਤ ਡੀਐੱਸਪੀ ਹਰਿੰਦਰ ਸਿੰਘ ਨੇ ਆਪਣਾ ਅਹੁਦਾ ਸੰਭਾਲਣ ਤੋਂ ਪਹਿਲਾ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਮੱਥਾ ਟੇਕਿਆ, ਜਿਸ ਉਪਰੰਤ ਉਨ੍ਹਾਂ ਸਬ-ਡਵੀਜ਼ਨ ਦਾ ਕਾਰਜਭਾਰ ਸੰਭਾਲ ਲਿਆ ਹੈ। ਡੀਐੱਸਪੀ ਹਰਿੰਦਰ ਸਿੰਘ ਨੇ ਕਿਹਾ ਕਿ ਉਹ ਇਸ ਨਿਯੁਕਤੀ ਲਈ ਪੰਜਾਬ ਸਰਕਾਰ ਤੇ ਪੁਲਿਸ ਮੁਖੀ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਇਸ ਇਤਿਹਾਸਕ ਨਗਰ ’ਚ ਨਿਯੁਕਤੀ ਕਰ ਕੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੇਰੇ ਲਈ ਖੁਸ਼ੀ ਦੀ ਗੱਲ ਹੈ ਕਿ ਜ਼ਿਲ੍ਹਾ ਪੁਲਿਸ ਮੁਖੀ ਸੁਰਿੰਦਰ ਲਾਂਬਾ ਦੀ ਅਗਵਾਈ ’ਚ ਕੰਮ ਕਰਨ ਦਾ ਮੌਕਾ ਮਿਲਿਆ ਹੈ, ਜਿਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਤੇ ਇਲਾਕੇ ਦੇ ਲੋਕਾਂ ਦੀ ਸੇਵਾ ’ਚ ਦਿਨ ਰਾਤ ਹਾਜ਼ਰ ਰਹਿਣਗੇ। ਉਨ੍ਹਾਂ ਕਿਹਾ ਕਿ ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਸਮਾਜ-ਵਿਰੋਧੀ ਅਨਸਰਾਂ ਖਿਲਾਫ਼ ਪੂਰੀ ਸਖ਼ਤੀ ਨਾਲ ਨਿਪਟਣਗੇ। ਉਨ੍ਹਾਂ ਕਿਹਾ ਕਿ ਸਬ-ਡਵੀਜ਼ਨ ਆਉਣ ਵਾਲੇ ਹਰ ਨਾਗਰਿਕ ਦਾ ਮਾਣ ਸਨਮਾਨ ਹੋਵੇਗਾ। ਇਨਸਾਫ਼ ਲੈਣ ਆਏ ਲੋਕਾਂ ਨੂੰ ਕਿਸੇ ਵੀ ਖੱਜਲ-ਖੁਆਰੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਮਕਸਦ ਨਸ਼ਿਆਂ ਦਾ ਖ਼ਾਤਮਾ ਕਰਨਾ ਹੈ। ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਚਲਾਈ ਮੁਹਿੰਮ ’ਚ ਉਨ੍ਹਾਂ ਦਾ ਸਾਥ ਦੇਣ। ਉਨ੍ਹਾਂ ਨੇ ਇਸ ਮੰਤਵ ਲਈ ਮੀਡੀਆ ਦੇ ਸਹਿਯੋਗ ਦੀ ਵੀ ਮੰਗ ਕੀਤੀ ਹੈ।