ਸ਼ਿਕਾਗੋ ਦੇ ਸ਼ਹੀਦਾਂ ਨੇ ਮਜ਼ਦੂਰ ਵਰਗ ਹੱਕਾਂ ਪ੍ਰਤੀਕੀਤਾ ਜਾਗਰੂਕ : ਕਾਮਰੇਡ ਗਿੱਲ
ਸ਼ਹੀਦ ਕਾਮਰੇਡ ਅਰਜਨ ਸਿੰਘ ਮਸਤਾਨਾ ਯਾਦਗਾਰੀ ਭਵਨ ’ਚ ਝੰਡਾ ਚੜ੍ਹਾ ਕੇ ਸ਼ਿਕਾਗੋਂ ਦੇ ਸ਼ਹੀਦਾਂ ਨੂੰ ਦਿੱਤੀਆਂ ਸ਼ਰਧਾਂਜਲੀਆਂ
Publish Date: Fri, 01 May 2026 06:44 PM (IST)
Updated Date: Sat, 02 May 2026 04:11 AM (IST)

ਸ਼ਹੀਦ ਕਾਮਰੇਡ ਅਰਜਨ ਸਿੰਘ ਮਸਤਾਨਾ ਯਾਦਗਾਰੀ ਭਵਨ ’ਚ ਝੰਡਾ ਚੜ੍ਹਾ ਕੇ ਸ਼ਿਕਾਗੋਂ ਦੇ ਸ਼ਹੀਦਾਂ ਨੂੰ ਦਿੱਤੀਆਂ ਸ਼ਰਧਾਂਜਲੀਆਂ ਬੱਲੂ ਮਹਿਤਾ, •ਪੰਜਾਬੀ ਜਾਗਰਣ, ਪੱਟੀ : ਪੱਟੀ ਵਿਖੇ ਸ਼ਹੀਦ ਕਾਮਰੇਡ ਅਰਜਨ ਸਿੰਘ ਮਸਤਾਨਾ ਯਾਦਗਾਰੀ ਭਵਨ ਵਿਚ ਮਜ਼ਦੂਰ ਦਿਵਸ ਮੌਕੇ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਝੰਡਾ ਚੜਾ ਕੇ ਸ਼ਿਕਾਗੋਂ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਸਮਾਗਮ ਵਿਚ ਵੱਖ-ਵੱਖ ਕਿਸਾਨ, ਮਜ਼ਦੂਰ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਭਰੀ ਅਤੇ ਮਜ਼ਦੂਰ ਅੰਦੋਲਨ ਦੇ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕੀਤਾ ਗਿਆ। ਇਸ ਮੌਕੇ ਸੰਯੁਕਤ ਕਿਸਾਨ ਮੋਰਚਾ ਦੇ ਕਾਰਜਕਾਰੀ ਸੂਬਾ ਪ੍ਰਧਾਨ ਕਾਮਰੇਡ ਮਹਾਂਵੀਰ ਸਿੰਘ ਗਿੱਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼ਿਕਾਗੋਂ ਦੇ ਸ਼ਹੀਦਾਂ ਨੇ ਮਜ਼ਦੂਰ ਵਰਗ ਨੂੰ ਆਪਣੇ ਹੱਕਾਂ ਲਈ ਇਕੱਠੇ ਹੋ ਕੇ ਸੰਘਰਸ਼ ਕਰਨ ਦੀ ਪ੍ਰੇਰਣਾ ਦਿੱਤੀ ਸੀ। ਉਨ੍ਹਾਂ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਵੀ ਕਿਰਤੀ ਕਾਮਿਆਂ, ਕਿਸਾਨਾਂ ਅਤੇ ਛੋਟੇ ਦੁਕਾਨਦਾਰਾਂ ਦੇ ਹੱਕ ਖੋਹੇ ਜਾ ਰਹੇ ਹਨ ਅਤੇ ਸਰਕਾਰਾਂ ਦੀਆਂ ਨੀਤੀਆਂ ਕਾਰਨ ਆਮ ਲੋਕਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਪੰਜਾਬ ਵਿਚ ਸਰਕਾਰਾਂ ਦੀਆਂ ਧੱਕੇਸ਼ਾਹੀਆਂ ਵਿਰੁੱਧ ਬੋਲਣ ਅਤੇ ਆਵਾਜ਼ ਚੁੱਕਣ ਵਾਲਿਆਂ ਨੂੰ ਡਰਾਇਆ ਅਤੇ ਧਮਕਾਇਆ ਜਾ ਰਿਹਾ ਹੈ, ਪਰ ਸੰਘਰਸ਼ਸ਼ੀਲ ਲੋਕ ਕਦੇ ਵੀ ਆਪਣੇ ਹੱਕਾਂ ’ਤੇ ਡਾਕਾ ਨਹੀਂ ਵੱਜਣ ਦੇਣਗੇ। ਉਨ੍ਹਾਂ ਕਿਹਾ ਕਿ ਜੇ ਲੋਕ ਇਕਜੁੱਟ ਹੋ ਕੇ ਸੰਘਰਸ਼ ਕਰਨ ਤਾਂ ਕਿਸੇ ਵੀ ਤਾਕਤ ਵੱਲੋਂ ਉਨ੍ਹਾਂ ਦੇ ਹੱਕ ਨਹੀਂ ਖੋਹੇ ਜਾ ਸਕਦੇ। ਉਨ੍ਹਾਂ ਨੇ ਕਿਹਾ ਕਿ ਮਜ਼ਦੂਰ ਦਿਵਸ ਸਿਰਫ਼ ਇਕ ਸਮਾਗਮ ਨਹੀਂ, ਸਗੋਂ ਮਿਹਨਤਕਸ਼ ਲੋਕਾਂ ਦੇ ਹੱਕਾਂ ਲਈ ਲੜਨ ਦਾ ਪ੍ਰਤੀਕ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਹੱਕਾਂ ਅਤੇ ਇਨਸਾਫ਼ ਲਈ ਇਕਜੁੱਟ ਰਹਿ ਕੇ ਸੰਘਰਸ਼ ਜਾਰੀ ਰੱਖਿਆ ਜਾਵੇ। ਸਮਾਗਮ ਦੌਰਾਨ ਸ਼ਿਕਾਗੋਂ ਦੇ ਸ਼ਹੀਦਾਂ ਦੀ ਯਾਦ ਵਿਚ ਦੋ ਮਿੰਟ ਦਾ ਮੌਨ ਧਾਰਨ ਕੀਤਾ ਗਿਆ ਅਤੇ ਉਨ੍ਹਾਂ ਦੀ ਕੁਰਬਾਨੀ ਨੂੰ ਸਲਾਮ ਕੀਤਾ ਗਿਆ। ਇਸ ਮੌਕੇ ਦਰਸ਼ਨ ਸਿੰਘ ਢਿੱਲੋਂ, ਪ੍ਰਿੰਸੀਪਲ ਕਾਰਜ਼ ਸਿੰਘ ਕੈਰੋਂ, ਦੀਦਾਰ ਸਿੰਘ ਪੰਜਾਬ ਪ੍ਰਧਾਨ, ਕਾਮਰੇਡ ਬਲਕਾਰ ਸਿੰਘ, ਦਿਲਬਾਗ ਸਿੰਘ ਗਾਬੜੀਆ, ਰਜਵੰਤ ਕੌਰ ਜੋਣੇਕੇ, ਬਲਜੀਤ ਸਿੰਘ, ਕਾਮਰੇਡ ਗੁਰਮੀਤ ਸਿੰਘ ਕਲਸੀ, ਬਲਦੇਵ ਸਿੰਘ, ਲਾਭ ਸਿੰਘ, ਹਰਦੀਪ ਸਿੰਘ, ਰਜਿੰਦਰ ਜੋਸ਼ੀ ਅਤੇ ਗੁਰਦਿਆਲ ਸਿੰਘ ਵਰਨਾਲਾ ਸਮੇਤ ਹੋਰ ਆਗੂਆਂ ਵੱਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।