ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ : ਡੀਐੱਸਪੀ
ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ : ਰਵੀ ਸ਼ੇਰ ਸਿੰਘ ਡੀਐੱਸਪੀ ਪੱਟੀ
Publish Date: Fri, 08 May 2026 04:21 PM (IST)
Updated Date: Fri, 08 May 2026 04:23 PM (IST)

ਬੱਲੂ ਮਹਿਤਾ, •ਪੰਜਾਬੀ ਜਾਗਰਣ ਪੱਟੀ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੱਟੀ ਪੁਲਿਸ ਵੱਲੋਂ ਲਗਾਤਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਡੀਐੱਸਪੀ ਪੱਟੀ ਰਵੀ ਸ਼ੇਰ ਸਿੰਘ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸਿਰਫ਼ ਪੁਲਿਸ ਦੀ ਕਾਰਵਾਈ ਹੀ ਕਾਫ਼ੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਅਤੇ ਆਮ ਜਨਤਾ ਦਾ ਸਹਿਯੋਗ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜਦੋਂ ਲੋਕ ਪੁਲਿਸ ਦੇ ਨਾਲ ਮਿਲ ਕੇ ਨਸ਼ਿਆਂ ਦੇ ਵਿਰੁੱਧ ਖੜ੍ਹੇ ਹੋਣਗੇ, ਤਾਂ ਇਸ ਬੁਰਾਈ ਨੂੰ ਜੜ੍ਹੋਂ ਖਤਮ ਕੀਤਾ ਜਾ ਸਕੇਗਾ। ਡੀਐੱਸਪੀ ਰਵੀ ਸ਼ੇਰ ਸਿੰਘ ਨੇ ਕਿਹਾ ਕਿ ਪੱਟੀ ਸ਼ਹਿਰ ਦੀਆਂ ਕੁਝ ਵਸਤੀਆਂ ਵਿਚ ਕੁਝ ਲੋਕ ਨਸ਼ੇ ਵੇਚਣ ਦੇ ਗੈਰ ਕਾਨੂੰਨੀ ਧੰਦੇ ਨਾਲ ਜੁੜੇ ਹੋਏ ਹਨ, ਜਿਨ੍ਹਾਂ ’ਤੇ ਪੁਲਿਸ ਵੱਲੋਂ ਸਮੇਂ-ਸਮੇਂ ’ਤੇ ਛਾਪਾਮਾਰੀ ਕਰਕੇ ਸਖਤ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਨੇ ਦੱਸਿਆ ਕਿ ਕਈ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹਾਂ ਵਿਚ ਭੇਜਿਆ ਗਿਆ ਹੈ ਅਤੇ ਅਗਾਂਹ ਵੀ ਇਹ ਮੁਹਿੰਮ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਨਸ਼ੇ ਵੇਚਣ ਵਾਲਿਆਂ ਨੂੰ ਕਿਸੇ ਵੀ ਹਾਲਤ ਵਿਚ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਕਾਨੂੰਨ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਇਲਾਕੇ ਵਿਚ ਕੋਈ ਵਿਅਕਤੀ ਨਸ਼ੇ ਦੀ ਵਿਕਰੀ ਕਰਦਾ ਹੈ ਜਾਂ ਸ਼ੱਕੀ ਸਰਗਰਮੀਆਂ ਵਿਚ ਸ਼ਾਮਲ ਹੈ ਤਾਂ ਉਸ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ। ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਹਿਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਸਮਾਜ ਨੂੰ ਨਸ਼ਿਆਂ ਤੋਂ ਬਚਾਉਣ ਲਈ ਹਰ ਨਾਗਰਿਕ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਅਜਿਹੇ ਅਪਰਾਧਾਂ ਖ਼ਿਲਾਫ਼ ਆਵਾਜ਼ ਉਠਾਏ। ਡੀਐੱਸਪੀ ਪੱਟੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਨੂੰ ਲੋਕਾਂ ਵੱਲੋਂ ਵੀ ਵੱਡਾ ਸਹਿਯੋਗ ਮਿਲ ਰਿਹਾ ਹੈ। ਕਈ ਸਮਾਜ ਸੇਵੀ ਸੰਸਥਾਵਾਂ, ਨੌਜਵਾਨ ਕਲੱਬਾਂ ਅਤੇ ਧਾਰਮਿਕ ਜਥੇਬੰਦੀਆਂ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਸਕੂਲਾਂ ਅਤੇ ਕਾਲਜਾਂ ਵਿਚ ਵੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਇਸ ਬੁਰਾਈ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ੇ ਨਾ ਸਿਰਫ਼ ਇਕ ਵਿਅਕਤੀ ਦੀ ਜ਼ਿੰਦਗੀ ਤਬਾਹ ਕਰਦੇ ਹਨ, ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਪ੍ਰਭਾਵਿਤ ਕਰਦੇ ਹਨ। ਨਸ਼ਿਆਂ ਕਾਰਨ ਕਈ ਘਰ ਬਰਬਾਦ ਹੋ ਰਹੇ ਹਨ ਅਤੇ ਨੌਜਵਾਨ ਆਪਣਾ ਭਵਿੱਖ ਖੋ ਰਹੇ ਹਨ। ਇਸ ਲਈ ਲੋੜ ਹੈ ਕਿ ਮਾਪੇ ਆਪਣੇ ਬੱਚਿਆਂ ’ਤੇ ਧਿਆਨ ਦੇਣ ਅਤੇ ਉਨ੍ਹਾਂ ਦੀਆਂ ਸਰਗਰਮੀਆਂ ’ਤੇ ਨਜ਼ਰ ਰੱਖਣ। ਜੇਕਰ ਕਿਸੇ ਬੱਚੇ ਜਾਂ ਨੌਜਵਾਨ ਵਿਚ ਨਸ਼ੇ ਦੀ ਆਦਤ ਦੇ ਲੱਛਣ ਨਜ਼ਰ ਆਉਣ ਤਾਂ ਉਸ ਨੂੰ ਸਮੇਂ ਸਿਰ ਕੌਂਸਲਿੰਗ ਅਤੇ ਇਲਾਜ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਨੇ ਸ਼ਹਿਰ ਦੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਰਾਤ ਸਮੇਂ ਆਪਣੀਆਂ ਦੁਕਾਨਾਂ ਦੇ ਬਾਹਰ ਲਾਈਟਾਂ ਜਗਾ ਕੇ ਜਾਣ ਤਾਂ ਜੋ ਚੋਰੀ ਅਤੇ ਹੋਰ ਅਪਰਾਧਕ ਸਰਗਰਮੀਆਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦੁਕਾਨਾਂ ’ਤੇ ਸੀਸੀਟੀਵੀ ਕੈਮਰੇ ਲੱਗੇ ਹੋਏ ਹਨ, ਉਹ ਰਾਤ ਸਮੇਂ ਚਾਲੂ ਰੱਖੇ ਜਾਣ ਅਤੇ ਜਿਨ੍ਹਾਂ ਦੇ ਕੈਮਰੇ ਖ਼ਰਾਬ ਹਨ, ਉਨ੍ਹਾਂ ਨੂੰ ਤੁਰੰਤ ਠੀਕ ਕਰਵਾਇਆ ਜਾਵੇ। ਉਨ੍ਹਾਂ ਦੱਸਿਆ ਕਿ ਕਈ ਵਾਰ ਸੀਸੀਟੀਵੀ ਫੁਟੇਜ ਪੁਲਿਸ ਲਈ ਅਪਰਾਧੀਆਂ ਤਕ ਪਹੁੰਚਣ ਵਿਚ ਬਹੁਤ ਮਦਦਗਾਰ ਸਾਬਿਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਰਾਤ ਸਮੇਂ ਸ਼ਹਿਰ ਵਿਚ ਪੁਲਿਸ ਦੀ ਪੀਸੀਆਰ ਟੀਮ ਲਗਾਤਾਰ ਗਸ਼ਤ ਕਰਦੀ ਰਹਿੰਦੀ ਹੈ, ਫਿਰ ਵੀ ਦੁਕਾਨਦਾਰਾਂ ਨੂੰ ਆਪਣੀ ਸੁਰੱਖਿਆ ਲਈ ਨਿੱਜੀ ਚੌਕੀਦਾਰ ਜ਼ਰੂਰ ਰੱਖਣਾ ਚਾਹੀਦਾ ਹੈ। ਇਸ ਨਾਲ ਚੋਰੀਆਂ ਅਤੇ ਹੋਰ ਅਪਰਾਧਾਂ ’ਤੇ ਕਾਬੂ ਪਾਉਣ ਵਿਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਪੁਲਿਸ ਹਮੇਸ਼ਾ ਲੋਕਾਂ ਦੀ ਸੁਰੱਖਿਆ ਲਈ ਤਤਪਰ ਹੈ ਅਤੇ ਕਿਸੇ ਵੀ ਸ਼ੱਕੀ ਸਰਗਰਮੀ ਬਾਰੇ ਪੁਲਿਸ ਨੂੰ ਜਾਣਕਾਰੀ ਦੇਣ ਤੋਂ ਨਾ ਡਰਿਆ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਇਹ ਲੜਾਈ ਸਿਰਫ਼ ਪੁਲਿਸ ਦੀ ਨਹੀਂ, ਸਗੋਂ ਪੂਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਜੇਕਰ ਹਰ ਵਿਅਕਤੀ ਆਪਣਾ ਫਰਜ਼ ਸਮਝ ਕੇ ਅੱਗੇ ਆਵੇ ਤਾਂ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦਾ ਸੁਪਨਾ ਜ਼ਰੂਰ ਸਾਕਾਰ ਹੋ ਸਕਦਾ ਹੈ।