ਵਿਦਿਆਰਥੀਆਂ ਨੂੰ ਗੁਰਬਾਣੀ ਨਾਲ ਜੋੜਿਆ
ਭਾਈ ਗੁਰਦਾਸ ਅਕੈਡਮੀ ’ਚ ਵਿਦਿਆਰਥੀਆਂ ਨੂੰ ਗੁਰਬਾਣੀ ਨਾਲ ਜੋੜਨ ਲਈ ਲਗਾਇਆ ਵਿਸ਼ੇਸ਼ ਸੈਮੀਨਾਰ
Publish Date: Fri, 08 May 2026 04:27 PM (IST)
Updated Date: Fri, 08 May 2026 04:29 PM (IST)

ਤੇਜਿੰਦਰ ਸਿੰਘ ਬੱਬੂ•, ਪੰਜਾਬੀ ਜਾਗਰਣ ਝਬਾਲ : ਭਾਈ ਗੁਰਦਾਸ ਅਕੈਡਮੀ ਵਿਖੇ ਵਿਦਿਆਰਥੀਆਂ ਨੂੰ ਗੁਰਬਾਣੀ ਨਾਲ ਜੋੜਨ ਤੇ ਆਤਮਿਕ ਜੀਵਨ ਵੱਲ ਪ੍ਰੇਰਿਤ ਕਰਨ, ਸਿੱਖਿਆ ਦੇ ਨਾਲ-ਨਾਲ ਧਾਰਮਿਕ ਮੁੱਲਾਂ ਦੀ ਮਹੱਤਤਾ ਸਮਝਾਉਣ ਲਈ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਹ ਸੈਮੀਨਾਰ ਸਹਿਜ ਪਾਠ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਸੈਮੀਨਾਰ ਵਿਚ ਪ੍ਰੋ. ਮਨਜੀਤ ਸਿੰਘ ਅਤੇ ਅਮਨਪ੍ਰੀਤ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਪ੍ਰੋ. ਮਨਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿਚ ਇਕਾਗਰਤਾ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਅਤੇ ਦੱਸਿਆ ਕਿ ਗੁਰਬਾਣੀ ਮਨੁੱਖ ਦੇ ਮਨ ਨੂੰ ਸ਼ਾਂਤੀ, ਸਹੀ ਦਿਸ਼ਾ ਅਤੇ ਆਤਮਿਕ ਤਾਕਤ ਪ੍ਰਦਾਨ ਕਰਦੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਹਿਜ ਪਾਠ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ ਅਤੇ ਰੂਹ ਤੇ ਪਰਮਾਤਮਾ ਦੇ ਮਿਲਾਪ ਦੇ ਮਾਰਗ ਬਾਰੇ ਵੀ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਵਿਚਾਰ ਸਾਂਝੇ ਕੀਤੇ। ਅਧਿਆਪਕ ਅਮਨਪ੍ਰੀਤ ਕੌਰ ਨੇ ਵੀ ਵਿਦਿਆਰਥੀਆਂ ਨੂੰ ਗੁਰਬਾਣੀ ਨਾਲ ਜੁੜਨ, ਸਤਿਸੰਗ ਕਰਨ ਅਤੇ ਆਪਣੇ ਜੀਵਨ ਵਿਚ ਚੰਗੀਆਂ ਆਦਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਗੁਰਬਾਣੀ ਸਾਨੂੰ ਸੱਚਾਈ, ਨਿਮਰਤਾ ਅਤੇ ਸੇਵਾ ਭਾਵਨਾ ਦਾ ਪਾਠ ਪੜ੍ਹਾਉਂਦੀ ਹੈ। ਇਸ ਮੌਕੇ ਪਿਛਲੇ ਸਾਲ ਸਹਿਜ ਪਾਠ ਪੂਰਾ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਸੈਮੀਨਾਰ ਵਿਚ ਹਿੱਸਾ ਲਿਆ ਅਤੇ ਗੁਰਬਾਣੀ ਨਾਲ ਜੁੜਨ ਦਾ ਸੰਕਲਪ ਵੀ ਲਿਆ। ਸਕੂਲ ਵਿਚ ਵਿਸ਼ੇਸ਼ ਧਾਰਮਿਕ ਮਾਹੌਲ ਬਣਿਆ ਹੋਇਆ ਸੀ ਅਤੇ ਵਿਦਿਆਰਥੀਆਂ ਨੇ ਬਹੁਤ ਅਨੁਸ਼ਾਸਨ ਅਤੇ ਸ਼ਰਧਾ ਨਾਲ ਸਮਾਗਮ ਦਾ ਆਨੰਦ ਮਾਣਿਆ। ਇਸ ਮੌਕੇ ਪ੍ਰਿੰਸੀਪਲ ਵਰਦੀਪ ਕੌਰ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਰੋਜ਼ਾਨਾ ਗੁਰਬਾਣੀ ਦਾ ਪਾਠ ਕਰਨ ਅਤੇ ਆਪਣੀ ਜ਼ਿੰਦਗੀ ਵਿਚ ਚੰਗੇ ਸੰਸਕਾਰ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਤਰ੍ਹਾਂ ਦੇ ਸੈਮੀਨਾਰ ਵਿਦਿਆਰਥੀਆਂ ਦੇ ਚਰਿੱਤਰ ਨਿਰਮਾਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।