ਨਗਰ ਕੌਂਸਲ ਦਫ਼ਤਰ ਅੱਗੇ ਮੁਲਾਜ਼ਮਾਂ ਵੱਲੋਂ ਧਰਨਾ, ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
ਨਗਰ ਕੌਂਸਲ ਪੱਟੀ ਦਫ਼ਤਰ ਅੱਗੇ ਮੁਲਾਜ਼ਮਾਂ ਦਾ ਜ਼ਬਰਦਸਤ ਧਰਨਾ, ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
Publish Date: Fri, 08 May 2026 04:45 PM (IST)
Updated Date: Fri, 08 May 2026 04:47 PM (IST)

ਬੱਲੂ ਮਹਿਤਾ, •ਪੰਜਾਬੀ ਜਾਗਰਣ ਪੱਟੀ : ਨਗਰ ਕੌਂਸਲ ਪੱਟੀ ਦੇ ਮਿਊਂਸੀਪਲ ਕਰਮਚਾਰੀਆਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦੀ ਪ੍ਰਾਪਤੀ ਲਈ ਸ਼ੁਰੂ ਕੀਤੀ ਗਈ ਕਲਮ ਛੋੜ ਹੜਤਾਲ ਤੀਸਰੇ ਦਿਨ ਵੀ ਪੂਰੇ ਜੋਸ਼ ਅਤੇ ਇਕਜੁਟਤਾ ਨਾਲ ਜਾਰੀ ਰਹੀ। ਲੋਅਰ ਗਰੇਡ ਮਿਊਂਸਪਲ ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਬਲਵੰਤ ਰਾਏ ਦੀ ਅਗਵਾਈ ਹੇਠ ਕਰਮਚਾਰੀਆਂ ਨੇ ਦਫ਼ਤਰੀ ਕੰਮਕਾਜ ਮੁਕੰਮਲ ਤੌਰ ’ਤੇ ਠੱਪ ਕਰ ਕੇ ਨਗਰ ਪਾਲਿਕਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਰਨਾ ਦਿੱਤਾ। ਧਰਨੇ ਦੌਰਾਨ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਜਲਦੀ ਮੰਨਣ ਦੀ ਮੰਗ ਕੀਤੀ। ਧਰਨੇ ਵਿਚ ਸ਼ਾਮਲ ਮੁਲਾਜ਼ਮਾਂ ਦਾ ਕਹਿਣਾ ਸੀ ਕਿ ਪੰਜਾਬ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕਈ ਵਾਅਦੇ ਕੀਤੇ ਗਏ ਸਨ, ਪਰ ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਵਿੱਚੋਂ ਇਕ ਵੀ ਮੰਗ ਨੂੰ ਪੂਰਾ ਨਹੀਂ ਕੀਤਾ ਗਿਆ। ਇਸ ਕਾਰਨ ਸਰਕਾਰੀ ਕਰਮਚਾਰੀਆਂ ਵਿਚ ਗਹਿਰਾ ਰੋਸ ਪਾਇਆ ਜਾ ਰਿਹਾ ਹੈ ਅਤੇ ਉਹ ਮਜਬੂਰਨ ਸੰਘਰਸ਼ ਦਾ ਰਾਹ ਅਪਣਾਉਣ ਲਈ ਮਜਬੂਰ ਹੋਏ ਹਨ। ਇਸ ਮੌਕੇ ਜਨਰਲ ਸਕੱਤਰ ਗੁਰਨਾਮ ਸਿੰਘ, ਸਾਬਕਾ ਪ੍ਰਧਾਨ ਗੌਰਵ, ਜਥੇਬੰਦੀ ਆਗੂ ਸੰਦੀਪ ਸਿੰਘ ਪੱਟੀ, ਮੀਤ ਪ੍ਰਧਾਨ ਚਾਂਦ, ਸਾਬਕਾ ਪ੍ਰਧਾਨ ਲੇਖ ਰਾਜ ਅਤੇ ਦਫ਼ਤਰੀ ਸਕੱਤਰ ਲਖਬੀਰ ਸਿੰਘ ਸ਼ਹੀਦ ਤੋਂ ਇਲਾਵਾ ਪੈਨਸ਼ਨਰ ਐਸੋਸੀਏਸ਼ਨ ਸਰਕਲ ਤਰਨਤਾਰਨ ਦੇ ਵਿੱਤ ਸਕੱਤਰ ਹਰਭਜਨ ਸਿੰਘ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕਈ ਸਹਿਮਤੀਆਂ ਕੀਤੀਆਂ ਗਈਆਂ ਸਨ, ਪਰ ਅੱਜ ਤਕ ਉਨ੍ਹਾਂ ’ਤੇ ਕੋਈ ਕਾਰਵਾਈ ਨਹੀਂ ਹੋਈ। ਆਗੂਆਂ ਨੇ ਦੋਸ਼ ਲਾਇਆ ਕਿ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੈ ਕੇ ਕਰੀਬ ਸੱਤ ਮਹੀਨੇ ਪਹਿਲਾਂ ਵੀ ਲੰਮਾ ਸੰਘਰਸ਼ ਕੀਤਾ ਗਿਆ ਸੀ, ਜੋ ਲਗਭਗ ਦੋ ਮਹੀਨੇ ਤਕ ਚੱਲਿਆ। ਉਸ ਸਮੇਂ ਸਰਕਾਰ ਦੇ ਨੁਮਾਇੰਦਿਆਂ ਅਤੇ ਜਥੇਬੰਦੀ ਆਗੂਆਂ ਵਿਚਾਲੇ ਕਈ ਮੰਗਾਂ ’ਤੇ ਸਹਿਮਤੀ ਬਣੀ ਸੀ ਅਤੇ ਭਰੋਸਾ ਦਿੱਤਾ ਗਿਆ ਸੀ ਕਿ ਜਲਦੀ ਹੀ ਮੰਗਾਂ ਲਾਗੂ ਕਰ ਦਿੱਤੀਆਂ ਜਾਣਗੀਆਂ। ਪਰ ਅਜੇ ਤਕ ਉਹ ਸਹਿਮਤੀਆਂ ਸਿਰਫ਼ ਕਾਗਜ਼ਾਂ ਤਕ ਹੀ ਸੀਮਿਤ ਹਨ। ਇਸ ਕਾਰਨ ਕਰਮਚਾਰੀਆਂ ਵਿਚ ਸਰਕਾਰ ਪ੍ਰਤੀ ਨਿਰਾਸ਼ਾ ਅਤੇ ਗੁੱਸਾ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਇਸ ਮੌਕੇ ਬਲਵੰਤ ਰਾਏ ਨੇ ਕਿਹਾ ਕਿ ਸਰਕਾਰ ਦੀ ਮੁਲਾਜ਼ਮ ਵਿਰੋਧੀ ਨੀਤੀ ਕਾਰਨ ਕਰਮਚਾਰੀ ਵਰਗ ਆਰਥਿਕ ਅਤੇ ਮਾਨਸਿਕ ਤੌਰ ’ਤੇ ਬਹੁਤ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਮਹਿੰਗਾਈ ਲਗਾਤਾਰ ਵਧ ਰਹੀ ਹੈ, ਜਦਕਿ ਦੂਜੇ ਪਾਸੇ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਅਣਡਿੱਠਾ ਕੀਤਾ ਜਾ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਸਮੇਂ ਸਿਰ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਵੀ ਤੇਜ਼ ਕੀਤਾ ਜਾਵੇਗਾ ਅਤੇ ਇਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਮੁਲਾਜ਼ਮ ਆਗੂਆਂ ਨੇ ਮੰਗ ਕੀਤੀ ਕਿ ਨਗਰ ਪਾਲਿਕਾਵਾਂ ਅਤੇ ਹੋਰ ਵਿਭਾਗਾਂ ਵਿਚ ਕੰਮ ਕਰ ਰਹੇ ਕੱਚੇ ਕਰਮਚਾਰੀਆਂ ਨੂੰ ਤੁਰੰਤ ਪੱਕਾ ਕੀਤਾ ਜਾਵੇ। ਇਸ ਤੋਂ ਇਲਾਵਾ ‘ਬਰਾਬਰ ਕੰਮ-ਬਰਾਬਰ ਤਨਖਾਹ’ ਸਬੰਧੀ ਅਦਾਲਤ ਦੇ ਫੈਸਲੇ ਨੂੰ ਲਾਗੂ ਕਰ ਕੇ ਕਰਮਚਾਰੀਆਂ ਨੂੰ ਨਿਆਂ ਦਿੱਤਾ ਜਾਵੇ। ਉਨ੍ਹਾਂ ਨੇ ਇਹ ਵੀ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਸਕੀਮ ਨੂੰ ਮੁੜ ਬਹਾਲ ਕੀਤਾ ਜਾਵੇ, ਤਾਂ ਜੋ ਮੁਲਾਜ਼ਮਾਂ ਦਾ ਭਵਿੱਖ ਸੁਰੱਖਿਅਤ ਹੋ ਸਕੇ। ਧਰਨਾਕਾਰੀਆਂ ਨੇ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਅਤੇ ਹੋਰ ਵਿੱਤੀ ਦੇਣਦਾਰੀਆਂ ਨੂੰ ਜਲਦੀ ਜਾਰੀ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜਾਰੀ ਹੁਕਮਾਂ ਦੇ ਬਾਵਜੂਦ ਸਰਕਾਰ ਕਰਮਚਾਰੀਆਂ ਦੇ ਹੱਕਾਂ ਨੂੰ ਲਾਗੂ ਕਰਨ ਵਿਚ ਗੰਭੀਰਤਾ ਨਹੀਂ ਦਿਖਾ ਰਹੀ। ਕਰਮਚਾਰੀਆਂ ਨੇ ਕਿਹਾ ਕਿ ਉਹ ਆਪਣੇ ਹੱਕਾਂ ਲਈ ਲੜਾਈ ਲੜ ਰਹੇ ਹਨ ਅਤੇ ਜਦੋਂ ਤਕ ਮੰਗਾਂ ਪ੍ਰਵਾਨ ਨਹੀਂ ਹੁੰਦੀਆਂ, ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ। ਧਰਨੇ ਦੌਰਾਨ ਕਰਮਚਾਰੀਆਂ ਨੇ ਹੱਥਾਂ ਵਿਚ ਬੈਨਰ ਅਤੇ ਝੰਡੇ ਫੜ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ‘ਮੁਲਾਜ਼ਮ ਏਕਤਾ ਜ਼ਿੰਦਾਬਾਦ’, ‘ਸਾਡੀਆਂ ਮੰਗਾਂ ਪੂਰੀਆਂ ਕਰੋ’ ਅਤੇ ‘ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰੋ’ ਵਰਗੇ ਨਾਅਰੇ ਲਗਾਤਾਰ ਗੂੰਜਦੇ ਰਹੇ। ਕਰਮਚਾਰੀਆਂ ਵਿਚ ਭਾਰੀ ਜੋਸ਼ ਦੇਖਣ ਨੂੰ ਮਿਲਿਆ ਅਤੇ ਉਨ੍ਹਾਂ ਨੇ ਇਕਜੁੱਟ ਰਹਿਣ ਦਾ ਸੰਕਲਪ ਦੁਹਰਾਇਆ। ਇਸ ਮੌਕੇ ਸਾਬਕਾ ਪ੍ਰਧਾਨ ਗੌਰਵ, ਸਾਬਕਾ ਪ੍ਰਧਾਨ ਲੇਖ ਰਾਜ, ਸੰਦੀਪ ਸਿੰਘ, ਮੀਤ ਪ੍ਰਧਾਨ ਚਾਂਦ, ਰਾਮ ਲਾਲ, ਰੋਹਿਨ, ਹਰਵਿੰਦਰ ਸਿੰਘ, ਮਾਸਟਰ ਸੁਖਦੇਵ ਰਾਜ, ਜਸਬੀਰ ਸਿੰਘ, ਬਲਕਾਰ ਸਿੰਘ, ਦਿਲਬਾਗ ਸਿੰਘ, ਰਵੀ, ਮਲਕੀਤ ਸਿੰਘ, ਬਲਜਿੰਦਰ ਸਿੰਘ ਪਹਿਲਵਾਨ, ਸੁੱਚਾ ਸਿੰਘ, ਸੋਨਾ ਸਿੰਘ, ਗਗਨਦੀਪ ਸਿੰਘ, ਬਿੱਨੀ, ਅੰਮ੍ਰਿਤਪਾਲ ਸਿੰਘ, ਜਗਦੀਪ ਸਿੰਘ, ਚੰਨਬੀਰ ਸਿੰਘ, ਨਿਰਮਲ ਸਿੰਘ, ਆਕਾਸ਼, ਵਿੱਕੀ, ਰਣਜੀਤ ਕੌਰ, ਕਿਰਨ, ਰਜਨੀਤ ਕੌਰ, ਰਾਜ ਕੌਰ, ਦਰਸ਼ਨ ਕੌਰ, ਹਰਜੀਤ ਕੌਰ, ਮਨਜੀਤ ਕੌਰ ਅਤੇ ਪ੍ਰੀਤਮ ਕੌਰ ਸਮੇਤ ਵੱਡੀ ਗਿਣਤੀ ਵਿਚ ਕਰਮਚਾਰੀ ਹਾਜ਼ਰ ਸਨ। ਧਰਨੇ ਕਾਰਨ ਨਗਰ ਪਾਲਿਕਾ ਦਫ਼ਤਰ ਦਾ ਕੰਮਕਾਜ ਪੂਰੀ ਤਰ੍ਹਾਂ ਪ੍ਰਭਾਵਿਤ ਰਿਹਾ। ਦਫ਼ਤਰ ਵਿਚ ਆਪਣੇ ਕੰਮ ਲਈ ਪਹੁੰਚੇ ਲੋਕਾਂ ਨੂੰ ਵੀ ਖਾਸ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਹਾਲਾਂਕਿ ਕਰਮਚਾਰੀਆਂ ਨੇ ਕਿਹਾ ਕਿ ਉਹ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ ਨੂੰ ਸਮਝਦੇ ਹਨ, ਪਰ ਸਰਕਾਰ ਦੀ ਲਾਪ੍ਰਵਾਹੀ ਕਾਰਨ ਹੀ ਉਹ ਸੰਘਰਸ਼ ਕਰਨ ਲਈ ਮਜਬੂਰ ਹੋਏ ਹਨ। ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦੀ ਹੀ ਮੁਲਾਜ਼ਮ ਮੰਗਾਂ ’ਤੇ ਸਕਾਰਾਤਮਕ ਫੈਸਲਾ ਨਾ ਲਿਆ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਵੱਡੇ ਪੱਧਰ ’ਤੇ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਕਰਮਚਾਰੀ ਆਪਣੇ ਹੱਕਾਂ ਲਈ ਲੜਾਈ ਤੋਂ ਪਿੱਛੇ ਨਹੀਂ ਹਟਣਗੇ ਅਤੇ ਮੰਗਾਂ ਮਨਵਾਉਣ ਤਕ ਸੰਘਰਸ਼ ਜਾਰੀ ਰਹੇਗਾ।