ਹਲਕੇ ਦੇ ਵਿਕਾਸ ’ਚ ਕੋਈ ਕਸਰ ਨਹੀਂ ਛੱਡੀ ਜਾਵੇਗੀ : ਵਿਧਾਇਕ ਲਾਲਪੁਰਾ
ਖਡੂਰ ਸਾਹਿਬ ਹਲਕੇ ਦੇ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ - ਵਿਧਾਇਕ ਲਾਲਪੁਰਾ
Publish Date: Fri, 08 May 2026 07:47 PM (IST)
Updated Date: Fri, 08 May 2026 07:47 PM (IST)

ਸਟਾਫ਼ ਰਿਪੋਰਟਰ•, ਪੰਜਾਬੀ ਜਾਗਰਣ, ਤਰਨਤਾਰਨ : ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਹਲਕੇ ਦੇ ਪਿੰਡਾਂ ਵਿਚ ਲੋਕਾਂ ਨਾਲ ਸੰਪਰਕ ਅਤੇ ਵਿਕਾਸ ਕਾਰਜਾਂ ਨੂੰ ਲੈ ਕੇ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਤਹਿਤ ਉਨ੍ਹਾਂ ਨੇ ਪਿੰਡ ਹੰਸਾਂ ਵਾਲਾ, ਗੋਇੰਦਵਾਲ ਸਾਹਿਬ, ਭਰੋਵਾਲ, ਸ਼ੇਖਚੱਕ ਅਤੇ ਹੋਰ ਪਿੰਡਾਂ ਵਿਚ ਸਰਪੰਚਾਂ, ਪੰਚਾਇਤ ਮੈਂਬਰਾਂ, ਨੌਜਵਾਨਾਂ ਅਤੇ ਇਲਾਕਾ ਵਾਸੀਆਂ ਨਾਲ ਵਿਸ਼ੇਸ਼ ਮੀਟਿੰਗਾਂ ਕੀਤੀਆਂ ਗਈਆਂ। ਮੀਟਿੰਗਾਂ ਦੌਰਾਨ ਲੋਕਾਂ ਵੱਲੋਂ ਇਲਾਕੇ ਨਾਲ ਸਬੰਧਤ ਮੁੱਖ ਮੰਗਾਂ ਅਤੇ ਸਮੱਸਿਆਵਾਂ ਵਿਧਾਇਕ ਦੇ ਧਿਆਨ ਵਿਚ ਲਿਆਂਦੀਆਂ ਗਈਆਂ। ਮਨਜਿੰਦਰ ਸਿੰਘ ਲਾਲਪੁਰਾ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਘਰ ਤਕ ਪਹੁੰਚਾਉਣ ਲਈ ਉਹ ਵਚਨਬੱਧ ਹਨ ਅਤੇ ਹਲਕੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਲਾਲਪੁਰਾ ਨੇ ਕਿਹਾ ਕਿ ਜੋ ਮੈਂ ਹਲਕੇ ਦੇ ਵਿੱਚੋਂ ਛੇਂ ਮਹੀਨੇ ਬਾਹਰ ਰਿਹਾ ਹਾਂ ਉਹ ਵੀ ਛੇਂ ਮਹੀਨਿਆਂ ਦੀ ਕਸਰ ਪੂਰੀ ਕਰ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਨਿਰੰਤਰ ਕੰਮ ਕਰ ਰਹੀ ਹੈ। ਹਲਕਾ ਖਡੂਰ ਸਾਹਿਬ ਦੇ ਹਰ ਪਿੰਡ ਵਿਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਪਿੰਡਾਂ ਦੇ ਵਿਚ ਵਿਕਾਸ ਦੀ ਗੱਲ ਕਰਦਿਆਂ ਲਾਲਪੁਰਾ ਨੇ ਕਿਹਾ ਕਿ ਹਲਕਾ ਖਡੂਰ ਸਾਹਿਬ ਦੇ ਕੁਝ ਪਿੰਡਾਂ ਦੇ ਵਿਚ ਖੇਡ ਮੈਦਾਨ ਬਣਨ ਦਾ ਕੰਮ ਚੱਲ ਰਿਹਾ ਹੈ, ਜੋ ਕਿ ਛੇਤੀ ਹੀ ਮੁਕੰਮਲ ਹੋ ਜਾਵੇਗਾ ਅਤੇ ਆਉਣ ਵਾਲੇ ਸਮੇਂ ਦੇ ਵਿਚ ਕੁਝ ਹੋਰ ਪਿੰਡਾਂ ਨੂੰ ਖੇਡ ਗਰਾਉਂਡ ਦਿੱਤੇ ਜਾਣਗੇ।