ਬਿਜਲੀ ਸਮੱਸਿਆਵਾਂ ਦੇ ਹੱਲ ਲਈ ਐਕਸੀਅਨ ਨਾਲ ਮੁਲਾਕਾਤ
ਲੋਕਾਂ ਦੀਆਂ ਬਿਜਲੀ ਸਮੱਸਿਆਵਾਂ ਦੇ ਹੱਲ ਲਈ ਚੇਅਰਮੈਨ ਰਣਜੀਤ ਸਿੰਘ ਚੀਮਾ ਨੇ ਐਕਸੀਅਨ ਨਾਲ ਕੀਤੀ ਵਿਸ਼ੇਸ਼ ਮੀਟਿੰਗ
Publish Date: Fri, 08 May 2026 07:55 PM (IST)
Updated Date: Fri, 08 May 2026 07:56 PM (IST)

ਬੱਲੂ ਮਹਿਤਾ•, ਪੰਜਾਬੀ ਜਾਗਰਣ ਪੱਟੀ : ਜਲ ਸਰੋਤ ਵਿਭਾਗ ਪੰਜਾਬ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਨੇ ਆਪਣੇ ਦਫ਼ਤਰ ਪਿੰਡ ਚੀਮਾ ਕਲਾਂ ਵਿਖੇ ਬਿਜਲੀ ਬੋਰਡ ਪੱਟੀ ਡਵੀਜ਼ਨ ਦੇ ਐਕਸੀਅਨ ਵਿਜੇ ਪਾਲ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਬਿਜਲੀ ਖਪਤਕਾਰਾਂ ਨੇ ਆਪਣੇ ਜਾਇਜ਼ ਮਸਲੇ ਚੇਅਰਮੈਨ ਚੀਮਾ ਦੇ ਧਿਆਨ ਵਿਚ ਲਿਆਂਦੇ, ਜਿਨ੍ਹਾਂ ਨੂੰ ਮੌਕੇ ’ਤੇ ਹੀ ਸੁਣਦੇ ਹੋਏ ਸਬੰਧਿਤ ਅਧਿਕਾਰੀਆਂ ਨੂੰ ਤੁਰੰਤ ਹੱਲ ਕਰਨ ਲਈ ਆਦੇਸ਼ ਜਾਰੀ ਕੀਤੇ ਗਏ। ਮੀਟਿੰਗ ਦੌਰਾਨ ਲੋਕਾਂ ਵੱਲੋਂ ਬਿਜਲੀ ਦੀਆਂ ਲਟਕਦੀਆਂ ਤਾਰਾਂ, ਘੱਟ ਵੋਲਟੇਜ, ਟਰਾਂਸਫਾਰਮਰਾਂ ਦੀ ਸਮੱਸਿਆ, ਗਲਤ ਬਿੱਲਾਂ, ਨਵੇਂ ਕੁਨੈਕਸ਼ਨਾਂ ਵਿਚ ਆ ਰਹੀ ਦੇਰੀ ਅਤੇ ਖਰਾਬ ਮੀਟਰਾਂ ਨਾਲ ਸਬੰਧਿਤ ਮੁੱਦੇ ਉਠਾਏ ਗਏ। ਚੇਅਰਮੈਨ ਰਣਜੀਤ ਸਿੰਘ ਚੀਮਾ ਨੇ ਐਕਸੀਅਨ ਵਿਜੇ ਪਾਲ ਨੂੰ ਆਖਿਆ ਕਿ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਖੱਜਲ-ਖੁਆਰ ਨਾ ਹੋਣਾ ਪਵੇ ਅਤੇ ਹਰ ਜਾਇਜ਼ ਸਮੱਸਿਆ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾਵੇ। ਚੇਅਰਮੈਨ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕ-ਪੱਖੀ ਨੀਤੀਆਂ ਅਨੁਸਾਰ ਕੰਮ ਕਰ ਰਹੀ ਹੈ ਅਤੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਤਰਜੀਹ ਦੇ ਕੇ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਬਿਜਲੀ ਸਪਲਾਈ ਨੂੰ ਹੋਰ ਮਜ਼ਬੂਤ ਅਤੇ ਸੁਚਾਰੂ ਬਣਾਉਣ ਲਈ ਵਿਭਾਗ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨਾਂ, ਘਰੇਲੂ ਖਪਤਕਾਰਾਂ ਅਤੇ ਵਪਾਰੀਆਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦੇ ਤੁਰੰਤ ਹੱਲ ਲਈ ਅਜਿਹੀਆਂ ਮੀਟਿੰਗਾਂ ਲਗਾਤਾਰ ਜਾਰੀ ਰਹਿਣਗੀਆਂ। ਚੇਅਰਮੈਨ ਚੀਮਾ ਨੇ ਕਿਹਾ ਕਿ ਉਹ ਹਲਕੇ ਦੇ ਹਰ ਪਿੰਡ ਦੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਦੇ ਹਨ ਅਤੇ ਜਨਤਾ ਦੀ ਸੇਵਾ ਹੀ ਉਨ੍ਹਾਂ ਦੀ ਪਹਿਲ ਹੈ। ਇਸ ਮੌਕੇ ਮੌਜੂਦ ਲੋਕਾਂ ਨੇ ਵੀ ਚੇਅਰਮੈਨ ਰਣਜੀਤ ਸਿੰਘ ਚੀਮਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਜਾਂਦਾ ਹੈ ਅਤੇ ਮੌਕੇ ’ਤੇ ਹੀ ਅਧਿਕਾਰੀਆਂ ਨਾਲ ਗੱਲ ਕਰਕੇ ਹੱਲ ਕਰਵਾਇਆ ਜਾਂਦਾ ਹੈ, ਜਿਸ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ।