ਸਫ਼ਾਈ ਸੇਵਕਾਂ ਦੀ ਹੜਤਾਲ ’ਚ ਸ਼ਾਮਲ ਹੋਏ ਕਾਂਗਰਸੀ ਆਗੂ ਤਨੇਜਾ
ਸਫ਼ਾਈ ਸੇਵਕਾਂ ਦੀ ਹੜਤਾਲ ਵਿਚ ਸ਼ਾਮਿਲ ਹੋਏ ਕਾਂਗਰਸੀ ਆਗੂ ਤਨੇਜਾ
Publish Date: Thu, 14 May 2026 04:35 PM (IST)
Updated Date: Thu, 14 May 2026 04:36 PM (IST)

-ਕਿਹਾ, ਪੰਜਾਬ ਸਰਕਾਰ ਸਫ਼ਾਈ ਸੇਵਕਾਂ ਨਾਲ ਤੁਰੰਤ ਗੱਲਬਾਤ ਕਰੇ ਪੱਤਰ ਪ੍ਰੇਰਕ•ਪੰਜਾਬੀ ਜਾਗਰਣ, ਤਰਨਤਾਰਨ ਤਰਨਤਾਰਨ ਵਿਖੇ ਸਫਾਈ ਸੇਵਕ ਯੂਨੀਅਨ ਪੰਜਾਬ ਵੱਲੋਂ ਨਗਰ ਕੌਂਸਲ ਦਫ਼ਤਰ ਅੱਗੇ ਪਿਛਲੇ ਅੱਠ ਦਿਨਾਂ ਤੋਂ ਲਗਾਤਾਰ ਧਰਨਾ ਜਾਰੀ ਹੈ। ਯੂਨੀਅਨ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਫਾਈ ਕਰਮਚਾਰੀਆਂ ਦੀ ਗਿਣਤੀ ਵਧਾਉਣ ਅਤੇ ਹੋਰ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸ ਧਰਨੇ ’ਚ ਸੀਨੀਅਰ ਕਾਂਗਰਸੀ ਆਗੂ ਅਵਤਾਰ ਸਿੰਘ ਤਨੇਜਾ ਨੇ ਵੀ ਸ਼ਮੂਲੀਅਤ ਕੀਤੀ ਤੇ ਧਰਨੇ ਨੂੰ ਆਪਣੀ ਹਮਾਇਤ ਦਿੱਤੀ। ਯੂਨੀਅਨ ਦੇ ਪ੍ਰਧਾਨ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਹਾਲੇ ਤੱਕ ਕੋਈ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਮੰਗਾਂ ਦਾ ਹੱਲ ਹੋਣ ਤੱਕ ਧਰਨਾ ਅਤੇ ਹੜਤਾਲ ਜਾਰੀ ਰਹੇਗੀ। ਅਵਤਾਰ ਸਿੰਘ ਤਨੇਜਾ ਨੇ ਦੱਸਿਆ ਕਿ ਹੜਤਾਲ ਕਾਰਨ ਤਰਨਤਾਰਨ ਸ਼ਹਿਰ ਵਿਚ ਸਫਾਈ ਪ੍ਰਬੰਧ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਕਈ ਇਲਾਕਿਆਂ ਵਿਚ ਗੰਦਗੀ ਦੇ ਢੇਰ ਲੱਗ ਰਹੇ ਹਨ ਅਤੇ ਸੀਵਰੇਜ ਪ੍ਰਣਾਲੀ ਵੀ ਪ੍ਰਭਾਵਿਤ ਹੋ ਰਹੀ ਹੈ। ਗਰਮੀ ਦੇ ਮੌਸਮ ਦੌਰਾਨ ਸਫਾਈ ਪ੍ਰਬੰਧ ਸਹੀ ਤਰ੍ਹਾਂ ਨਾ ਹੋਣ ਕਾਰਨ ਬਿਮਾਰੀਆਂ ਫੈਲਣ ਦਾ ਖ਼ਤਰਾ ਵੱਧ ਸਕਦਾ ਹੈ, ਇਸ ਲਈ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਸਫਾਈ ਸੇਵਕਾਂ ਨਾਲ ਤੁਰੰਤ ਗੱਲਬਾਤ ਕਰਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕੱਢੇ ਤਾਂ ਜੋ ਸ਼ਹਿਰ ਵਿਚ ਸਫਾਈ ਪ੍ਰਬੰਧ ਸੁਚੱਜੇ ਢੰਗ ਨਾਲ ਚੱਲ ਸਕਣ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।