ਸਕੂਲ ’ਚ ਜੇਠ ਦੇ ਮਹੀਨੇ ਦੀ ਆਰੰਭਤਾ ਨੂੰ ਸਮਰਪਿਤ ਕਰਵਾਏ ਗੁਰਮਤਿ ਸਮਾਗਮ
ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੱਟੀ ’ਚ ਜੇਠ ਦੇ ਮਹੀਨੇ ਦੀ ਆਰੰਭਤਾ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮ
Publish Date: Fri, 15 May 2026 04:15 PM (IST)
Updated Date: Fri, 15 May 2026 04:18 PM (IST)

ਬੱਲੂ ਮਹਿਤਾ, •ਪੰਜਾਬੀ ਜਾਗਰਣ ਪੱਟੀ : ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੱਟੀ ਵਿਖੇ ਸ਼ੁਭਾਇਮਾਨ ਗੁਰਦੁਆਰਾ ਸਾਹਿਬ ਵਿਖੇ ਜੇਠ ਦੀ ਸੰਗਰਾਂਦ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਮੂਹ ਅਧਿਆਪਕ ਅਤੇ ਵਿਦਿਆਰਥੀਆਂ ਵੱਲੋਂ ਸੰਗਤ ਰੂਪ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਉਚਾਰਨ ਕੀਤੀ ਬਾਣੀ ਸ੍ਰੀ ਜਪੁਜੀ ਸਾਹਿਬ ਦਾ ਪਾਠ ਕੀਤਾ ਗਿਆ। ਉਪਰੰਤ ਸਕੂਲ ਦੇ ਸੰਗੀਤ ਅਧਿਆਪਕ ਭਾਈ ਬਹਾਲ ਸਿੰਘ, ਹਰਜੋਤ ਕੌਰ ਅਤੇ ਬੱਚਿਆਂ ਨੇ ਗੁਰੂ ਦੀ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ। ਧਾਰਮਿਕ ਅਧਿਆਪਕ ਭਾਈ ਜਗਜੀਤ ਸਿੰਘ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਮਨੁੱਖ ਇਸ ਸੰਸਾਰ ਵਿਚ ਰਹਿੰਦਿਆਂ ਜਿਸ ਤਰ੍ਹਾਂ ਦੇ ਕਰਮ ਕਰਦਾ ਹੈ, ਉਸੇ ਤਰ੍ਹਾਂ ਦਾ ਹੀ ਫ਼ਲ ਮਿਲਦਾ ਹੈ, ਇਸ ਲਈ ਮਨੁੱਖ ਨੂੰ ਹਮੇਸ਼ਾ ਚੰਗੇ ਕਰਮ ਕਰਨੇ ਚਾਹੀਦੇ ਹਨ, ਤਾਂ ਜੋ ਪਰਮਾਤਮਾ ਦੀ ਬਖਸ਼ਿਸ਼ ਬਣੀ ਰਹੇ। ਉਨ੍ਹਾਂ ਕਿਹਾ ਕਿ ਸਾਨੂੰ ਬਾਣੀ ਦੇ ਨਾਲ ਜੁੜ ਕੇ ਆਪਣਾ ਜੀਵਨ ਸਫ਼ਲ ਕਰਨਾ ਚਾਹੀਦਾ ਹੈ। ਸਕੂਲ ਦੇ ਪ੍ਰਿੰਸੀਪਲ ਜਸਬੀਰ ਕੌਰ ਸੈਣੀ ਨੇ ਕਿਹਾ ਕਿ ਗੁਰੂ ਸਹਿਬਾਨ ਦੀ ਬਾਣੀ ਸਾਨੂੰ ਜੀਵਨ ਸੇਧ ਦਿੰਦੀ ਹੈ, ਇਸ ਬਾਣੀ ਅੰਦਰ ਨੈਤਿਕ ਕਦਰਾਂ-ਕੀਮਤਾਂ ਦੀ ਭਰਮਾਰ ਹੈ। ਸੋ ਸਾਨੂੰ ਬੱਚਿਆਂ ਵਿਚ ਨੈਤਿਕ ਕਦਰਾਂ-ਕੀਮਤਾਂ ਭਰਨ ਲਈ ਉਨ੍ਹਾਂ ਨੂੰ ਬਾਣੀ ਨਾਲ ਜੋੜਨ ਦੀ ਲੋੜ ਹੈ। ਸਕੂਲ ਦੇ ਮੈਂਬਰ ਇੰਚਾਰਜ ਗੁਰਬੀਰ ਸਿੰਘ ਢਿੱਲੋਂ, ਤਰਲੋਕ ਸਿੰਘ ਅਤੇ ਸਰਬਜੀਤ ਸਿੰਘ ਨੇ ਵੀ ਸਮੂਹ ਸਟਾਫ਼, ਬੱਚਿਆਂ ਨੂੰ ਗੁਰਬਾਣੀ ਅਨੁਸਾਰ ਜੀਵਨ ਜੀਉਣ ਅਤੇ ਗੁਰੂ ਸਹਿਬਾਨ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਸਕੂਲ ਦੇ ਵਾਈਸ ਪ੍ਰਿੰਸੀਪਲ ਨੀਰੂ ਸ਼ਰਮਾ, ਸੁਪਰਵਾਈਜ਼ਰ ਕਰਮਜੀਤ ਕੌਰ, ਪਰਦੀਪ ਕੌਰ, ਰੁਪਿੰਦਰ ਕੌਰ ਨੰਦਾ, ਰਣਜੀਤ ਕੌਰ, ਹਰਪ੍ਰੀਤ ਕੌਰ, ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।