ਧਰਤੀ ਹੇਠਲੇ ਪਾਣੀ ਦੀ ਖ਼ਪਤ ਨੂੰ ਘਟਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਕਰੋਂ - ਮੁੱਖ ਖੇਤਬਾੜੀ ਅਫ਼ਸਰ

- ਫ਼ਸਲੀ ਵਿੰਭਿਨਤਾ ਤਹਿਤ ਝੋਨੇ ਹੇਠੋਂ ਰਕਬਾ ਘਟਾ ਕੇ ਸਾਉਣੀ ਦੀ ਮੱਕੀ ਹੇਠ ਲਿਆਉਣ ’ਤੇ ਜ਼ੋਰ
ਸਟਾਫ਼ ਰਿਪੋਰਟਰ, •ਪੰਜਾਬੀ ਜਾਗਰਣ, ਤਰਨਤਾਰਨ : ਜ਼ਿਲ੍ਹਾ ਤਰਨਤਾਰਨ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਤੇਜਬੀਰ ਸਿੰਘ ਭੰਗੂ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਸਾਉਣੀ ਸੀਜ਼ਨ ਦੌਰਾਨ ਹਰ ਸਾਲ ਝੋਨੇ ਅਤੇ ਬਾਸਮਤੀ ਦੀ ਬਿਜਾਈ ਲਗਭਗ 1 ਲੱਖ 80 ਹਜ਼ਾਰ ਹੈੱਕਟੇਅਰ ਵਿਚ ਕੀਤੀ ਜਾਂਦੀ ਹੈ। ਕਿਸਾਨਾਂ ਵੱਲੋਂ ਝੋਨੇ ਦੀ ਪਨੀਰੀ ਬੀਜ਼ ਕੇ ਜਦੋਂ ਪਨੀਰੀ 25-35 ਦਿਨਾਂ ਦੀ ਹੋ ਜਾਂਦੀ ਹੈ, ਖੇਤ ਵਿਚ ਕੱਦੂ ਕਰਕੇ ਪਨੀਰੀ ਦੀ ਲੁਆਈ ਕੀਤੀ ਜਾਂਦੀ ਹੈ, ਜਿਸ ਵਿਚ ਕਾਫੀ ਪਾਣੀ ਦੀ ਖਪਤ ਹੋ ਜਾਂਦੀ ਹੈ। ਇਸ ਲਈ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਵਿਚ ਰਵਾਇਤੀ ਝੋਨੇ ਦੀ ਲੁਆਈ ਨਾਲੋਂ ਲਗਭਗ 15-25 ਫੀਸਦੀ ਘੱਟ ਪਾਣੀ ਦੀ ਲੋੜ ਹੁੰਦੀ ਹੈ। ਨਰਸਰੀ ਤਿਆਰ ਕਰਨ ਅਤੇ ਲੁਆਈ ਲਈ ਵੱਖਰੇ ਮਜ਼ਦੂਰਾਂ ਦੀ ਲੋੜ ਨਹੀਂ ਪੈਂਦੀ। ਬੀਜ ਸਿੱਧਾ ਖੇਤ ਵਿਚ ਬੀਜਿਆ ਜਾਂਦਾ ਹੈ ਜਿਸ ਨਾਲ ਫ਼ਸਲ ਦੀ ਬਿਜਾਈ ਜਲਦੀ ਹੋ ਜਾਂਦੀ ਹੈ। ਵਾਰ-ਵਾਰ ਪੱਡਲਿੰਗ ਨਾ ਕਰਨ ਨਾਲ ਮਿੱਟੀ ਦੀ ਬਣਤਰ ਚੰਗੀ ਰਹਿੰਦੀ ਹੈ। ਝੋਨੇ ਦੀ ਸਿੱਧੀ ਬਿਜਾਈ ਨਾਲ ਫ਼ਸਲ ਜਲਦੀ ਤਿਆਰ ਹੋ ਜਾਂਦੀ ਹੈ, ਜਿਸ ਨਾਲ ਅਗਲੀ ਫ਼ਸਲ ਲਈ ਸਮਾਂ ਵੱਧ ਮਿਲਦਾ ਹੈ। ਮੀਥੇਨ ਗੈਸ ਦਾ ਨਿਕਾਸ ਘੱਟ ਹੁੰਦਾ ਹੈ ਜਿਸ ਨਾਲ ਪ੍ਰਦੂਸ਼ਣ ਘੱਟਦਾ ਹੈ। ਝੋਨੇ ਦੀ ਸਿੱਧੀ ਬਿਜਾਈ ਨੂੰ ਡੀਐੱਸਆਰ ਡੁੱਲ ਨਾਲ ਆਸਾਨੀ ਨਾਲ ਕੀਤਾ ਜਾ ਸਕਦਾ ਹੈ।
ਭੂਮੀ ਹੇਠਲੇ ਜਲ ਪੱਧਰ ਨੂੰ ਬਰਕਰਾਰ ਰੱਖਣ ਲਈ, ਧਰਤੀ ਹੇਠਲੇ ਪਾਣੀ ਦੀ ਖਪਤ ਨੂੰ ਘਟਾਉਣ ਅਤੇ ਸਿੱਧੀ ਬਿਜਾਈ ਦੀ ਤਕਨੀਕ ਨੂੰ ਪ੍ਰਫੁਲਿੱਤ ਕਰਨ ਲਈ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਪ੍ਰੋਤਸਾਹਨ ਯੋਜਨਾ ਚਲਾਈ ਜਾ ਰਹੀ ਹੈ । ਇਸ ਸਕੀਮ ਤਹਿਤ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਨੂੰ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਂਦੀ ਹੈ। ਇਸ ਸਕੀਮ ਦਾ ਲਾਭ ਲੈਣ ਲਈ ਕਿਸਾਨ 15 ਜੂਨ ਤਕ ਆਪਣੀ ਰਜਿਸਟਰੇਸ਼ਨ ਆਨਲਾਈਨ ਕਰ ਸਕਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਫ਼ਸਲੀ ਵਿੰਭਿਨਤਾ ਤਹਿਤ ਝੋਨੇ ਹੇਠੋਂ ਰਕਬਾ ਘਟਾ ਕੇ ਸਾਉਣੀ ਦੀ ਮੱਕੀ ਹੇਠ ਲਿਆਉਣ 'ਤੇ ਬਹੁਤ ਜ਼ੋਰ ਦਿੱਤਾ ਜਾ ਰਿਹਾ ਹੈ ਅਤੇ ਸਰਕਾਰ ਵੱਲੋਂ ਝੋਨੇ ਦੀ ਥਾਂ 'ਤੇ ਸਾਉਣੀ ਦੀ ਮੱਕੀ ਬੀਜਣ ਵਾਲੇ ਕਿਸਾਨਾਂ ਲਈ 17 ਹਜ਼ਾਰ 500 ਰੁਪਏ ਪ੍ਰਤੀ ਹੈਕਟੇਅਰ ਪ੍ਰੋਤਸਾਹਨ ਰਾਸ਼ੀ ਦਾ ਉਪਬੰਦ ਵੀ ਕੀਤਾ ਗਿਆ ਹੈ। ਇਸ ਸਕੀਮ ਦਾ ਲਾਭ ਲੈਣ ਲਈ ਵੀ ਕਿਸਾਨ ਵੀਰ ਲਿੰਕ 'ਤੇ ਆਪਣੀ ਰਜਿਸਟਰੇਸ਼ਨ ਕਰ ਸਕਦੇ ਹਨ। ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਸਾਉਣੀ ਦੀ ਮੱਕੀ ਦੀ ਬਿਜਾਈ ਅਤੇ ਝੋਨੇ ਦੀ ਸਿੱਧੀ ਬਿਜਾਈ ਕਰਕੇ ਪੋਰਟਲ 'ਤੇ ਰਜਿਸਟਰੇਸ਼ਨ ਕਰਨ ਅਤੇ ਸਕੀਮਾਂ ਦਾ ਲਾਭ ਲੈਣ।