ਜ਼ਿਲ੍ਹੇ ’ਚ ਵੋਟਰ ਸੂਚੀਆਂ ਦੀ ਵਿਸ਼ੇਸ਼ ਇੰਟੈਂਸਿਵ ਰਵੀਜ਼ਨ ਦੀਆਂ ਤਿਆਰੀਆਂ ਮੁਕੰਮਲ
ਤਰਨਤਾਰਨ ਜ਼ਿਲ੍ਹੇ ’ਚ ਵੋਟਰ ਸੂਚੀਆਂ ਦੀ ਵਿਸ਼ੇਸ਼ ਇੰਟੈਂਸਿਵ ਰਵੀਜ਼ਨ ਦੀਆਂ ਤਿਆਰੀਆਂ ਮੁਕੰਮਲ
Publish Date: Fri, 15 May 2026 07:19 PM (IST)
Updated Date: Fri, 15 May 2026 07:21 PM (IST)

- 25 ਜੂਨ ਤੋਂ 24 ਜੁਲਾਈ ਤਕ ਬੀਐੱਲਓਜ਼ ਘਰ-ਘਰ ਜਾ ਕੇ ਭਰਵਾਉਣਗੇ ਫਾਰਮ - ਜ਼ਿਲ੍ਹੇ ’ਚ ਐੱਸਆਈਆਰ ਅਧੀਨ 93 ਫ਼ੀਸਦੀ ਵੋਟਰਾਂ ਦੀ ਹੋਈ ਮੈਪਿੰਗ - ਕਿਹਾ, ਪੂਰੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾਵੇਗਾ ਐੱਸਆਈਆਰ ਦਾ ਕੰਮ ਜਸਪਾਲ ਸਿੰਘ ਜੱਸੀ, •ਪੰਜਾਬੀ ਜਾਗਰਣ ਤਰਨਤਾਰਨ : ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਅਧੀਨ ਪੰਜਾਬ ਵਿਚ 25 ਜੂਨ ਤੋਂ 24 ਜੁਲਾਈ ਤਕ ਬੀਐੱਲਓਜ਼ ਘਰ-ਘਰ ਜਾ ਕੇ ਫਾਰਮ ਭਰਵਾਉਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਰਾਹੁਲ ਨੇ ਸ਼ੁੱਕਰਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੱਤਰਕਾਰ ਵਾਰਤਾ ਦੌਰਾਨ ਦਿੱਤੀ। ਇਸ ਦੌਰਾਨ ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਵੀ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ’ਚ ਐੱਸਆਈਆਰ ਕਰਵਾਉਣ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਇਸ ਕੰਮ ਨੂੰ ਪੂਰੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਇਸ ਕੰਮ ਲਈ ਜ਼ਿਲ੍ਹਾ ਤਰਨਤਾਰਨ ਵਿਚ ਕੁਲ 911 ਬੂਥਾਂ ’ਤੇ 911 ਬੀਐੱਲਓਜ਼, 92 ਬੀਐੱਲਓਜ਼ ਸੁਪਰਵਾਈਜ਼ਰ, 4 ਚੋਣਕਾਰ ਰਜਿਸਟਰੇਸ਼ਨ ਅਫ਼ਸਰ ਤੇ 8 ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਤਰਨਤਾਰਨ ਵਿਚ ਇਸ ਸਮੇਂ 7 ਲੱਖ 75 ਹਜ਼ਾਰ 205 ਵੋਟਰ ਹਨ, ਜਿਸ ਅਨੁਸਾਰ ਹਰੇਕ ਬੀਐੱਲਓ ਨੂੰ ਔਸਤ 850 ਵੋਟਰਾਂ ਦੀ ਐੱਸਆਈਆਰ ਕਰਨੀ ਹੋਵੇਗੀ। ਐੱਸਆਈਆਰ ਅਧੀਨ ਜ਼ਿਲ੍ਹੇ ਵਿਚ 7 ਲੱਖ 75 ਹਜ਼ਾਰ 205 ਵੋਟਰਾਂ ਵਿੱਚੋਂ 7 ਲੱਖ 20 ਹਜ਼ਾਰ 441 ਵੋਟਰ 2003 ਦੀ ਵੋਟਰ ਸੂਚੀ ਨਾਲ ਮੈਪ ਕਰ ਦਿੱਤੇ ਗਏ ਹਨ, ਜੋ ਕਿ ਤਕਰੀਬਨ 93 ਫ਼ੀਸਦੀ ਬਣਦਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਿ ਸਾਰੇ ਵੋਟਰਾਂ ਨੂੰ ਐੱਸਆਈਆਰ ਅਧੀਨ ਫਾਰਮ ਭਰਨਾ ਜ਼ਰੂਰੀ ਹੈ, ਫਿਰ ਵੀ ਮੈਪ ਕੀਤੇ ਹੋਏ ਵੋਟਰਾਂ ਲਈ ਐੱਸਆਈਆਰ ਦੀ ਪ੍ਰਕਿਰਿਆ ਕਾਫ਼ੀ ਆਸਾਨ ਹੋਵੇਗੀ। ਜੇਕਰ ਕੋਈ ਵੋਟਰ ਐੱਸਆਈਆਰ ਅਧੀਨ ਇਨੂਮੀਰੇਸ਼ਨ ਫਾਰਮ ਨਹੀਂ ਭਰਦਾ ਹੈ ਤਾਂ ਉਸ ਨੂੰ ਡਰਾਫਟ ਵੋਟਰ ਸੂਚੀ ਵਿਚ ਸ਼ਾਮਲ ਨਹੀਂ ਕੀਤਾ ਜਾਵੇਗਾ, ਜੋ 31 ਜੁਲਾਈ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਦਾਅਵੇ ਅਤੇ ਇਤਰਾਜ਼ 30 ਅਗਸਤ ਤਕ ਲਏ ਜਾਣਗੇ, ਜਿਨ੍ਹਾਂ ਦਾ ਨਿਪਟਾਰਾ 28 ਸਤੰਬਰ ਤਕ ਕਰਦੇ ਹੋਏ, 1 ਅਕਤੂਬਰ ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ। ਐੱਸਆਈਆਰ ਅਧੀਨ ਹੀ ਪੋਲਿੰਗ ਸਟੇਸ਼ਨਾਂ ਨੂੰ ਤਰਕ ਸੰਗਤ ਕਰਨ ਦਾ ਕਾਰਜ 24 ਜੁਲਾਈ ਤਕ ਕੀਤਾ ਜਾਵੇਗਾ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਕਿਸੇ ਪੋਲਿੰਗ ਸਟੇਸ਼ਨ ਤੇ ਵੋਟਰਾਂ ਦੀ ਗਿਣਤੀ 1200 ਤੋਂ ਵੱਧ ਨਾ ਹੋਵੇ। ਡੀਸੀ ਰਾਹੁਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਵੋਟਰਾਂ ਨੂੰ ਐੱਸਆਈਆਰ ਅਧੀਨ ਫਾਰਮ ਭਰਨਾ ਪਵੇਗਾ। ਉਨ੍ਹਾਂ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਲਈ 1 ਜਨਵਰੀ 2003 ਨੂੰ ਯੋਗਤਾ ਨਿਰਧਾਰਤ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ ਯੋਗਤਾ 1 ਜਨਵਰੀ 2003 ਦੀਆਂ ਵੋਟਰ ਸੂਚੀਆਂ ਨਾਲ ਮੌਜੂਦਾ ਵੋਟਰ ਸੂਚੀਆਂ ਨੂੰ ਜੋੜ ਦਿੱਤਾ ਗਿਆ ਹੈ ਜਿਸ ਨਾਲ ਵੋਟਰਾਂ ਨੂੰ ਪੁਰਾਣੀਆਂ ਵੋਟਰ ਸੂਚੀਆਂ ਨੂੰ ਲੱਭਣ ਵਿਚ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਵੇਗੀ। ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਵਿਚ ਬੀਐੱਲਓਜ਼ ਨੂੰ ਪੂਰਾ ਸਹਿਯੋਗ ਦੇਣ। ਉਨ੍ਹਾਂ ਨੇ ਦੱਸਿਆ ਕਿ ਬੀਐੱਲਓਜ਼ ਲਈ 15 ਤੋਂ 24 ਜੂਨ ਤਕ ਸਪੈਸ਼ਲ ਟਰੇਨਿੰਗ ਰੱਖੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਰਾਜਨੀਤਿਕ ਪਾਰਟੀਆਂ ਨੂੰ ਬੀਐੱਲਏ ਨਿਯੁਕਤ ਕਰਨ ਲਈ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਰਾਜਨੀਤਿਕ ਪਾਰਟੀਆਂ ਦੀ ਐੱਸਆਈਆਰ ਵਿਚ ਸ਼ਮੂਲੀਅਤ ਵਧਾਉਣ ਲਈ ਬੀਐੱਲਏ ਨੂੰ ਵੋਟਰਾਂ ਦੇ ਫਾਰਮ ਜਮ੍ਹਾਂ ਕਰਾਉਣ ਦੀ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਯਕੀਨ ਦਿਵਾਇਆ ਕਿ ਐੱਸਆਈਆਰ ਪਾਰਦਰਸ਼ੀ ਢੰਗ ਨਾਲ ਕਰਵਾਈ ਜਾਵੇਗੀ। ਇਸ ਅਨੁਸਾਰ ਮੀਡੀਆ ਅਤੇ ਸਮੂਹ ਰਾਜਨੀਤਕ ਪਾਰਟੀਆਂ ਨਾਲ ਸਮੇਂ- ਸਮੇਂ ਤੇ ਵਿਚਾਰ-ਵਟਾਂਦਰਾ ਕਰਕੇ ਵੋਟਰਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਵੋਟਰ 1950 ਹੈਲਪਲਾਈਨ ਅਤੇ ਚੋਣ ਕਮਿਸ਼ਨ ਦੀ ਵੈੱਬਸਾਈਟ ਤੋਂ ਜਾਣਕਾਰੀ ਅਤੇ ਵੋਟਰ ਸੂਚੀ ਵਿਚ ਆਪਣੇ ਇੰਦਰਾਜ ਸਬੰਧੀ ਫਾਰਮ ਭਰ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਸਾਡਾ ਉਦੇਸ਼ ਜ਼ਿਲ੍ਹੇ ਦੇ ਹਰੇਕ ਨਾਗਰਿਕ ਨੂੰ ਵੋਟਰ ਸੂਚੀ ਵਿਚ ਸ਼ਾਮਿਲ ਕਰਨਾ ਅਤੇ ਯੋਗ ਵਿਅਕਤੀਆਂ ਨੂੰ ਵੋਟਰ ਸੂਚੀ ਵਿੱਚੋਂ ਬਾਹਰ ਕਰਨਾ ਹੋਵੇਗਾ। ਇਸ ਮੌਕੇ ਤਹਿਸੀਲਦਾਰ ਚੋਣਾ ਇੰਦਰਜੀਤ ਸਿੰਘ, ਚੋਣ ਕਾਨੂੰਗੋ ਦਿਲਬਾਗ ਸਿੰਘ ਤੋਂ ਇਲਾਵਾ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਹਾਜਰ ਸਨ, ਜਿਨ੍ਹਾਂ ਵਿਚ ਲਖਵਿੰਦਰ ਸਿੰਘ, ਮਨਦੀਪ ਸਿੰਘ ਗਿੱਲ, ਵਿਵੇਕ ਅਗਰਵਾਲ, ਰਾਜੇਸ਼ ਭੋਲਾ, ਬਰਕਤ ਸਿੰਘ, ਦਿਨੇਸ਼ ਜੋਸ਼ੀ, ਅਮਨ ਅਰੋੜਾ ਤੇ ਹੋਰ ਸ਼ਾਮਲ ਸਨ।