ਨਗਰ ਕੌਂਸਲ ਪੱਟੀ ਦੀਆਂ ਚੋਣਾਂ ਲਈ 53 ਨਾਮਜ਼ਦਗੀ ਪੱਤਰ ਹੋਏ ਦਾਖਲ
ਨਗਰ ਕੌਂਸਲ ਪੱਟੀ ਦੀਆਂ ਚੋਣਾਂ ਲਈ 53 ਨਾਮਜ਼ਦਗੀ ਪੱਤਰ ਹੋਏ ਦਾਖਲ
Publish Date: Fri, 15 May 2026 08:14 PM (IST)
Updated Date: Fri, 15 May 2026 08:15 PM (IST)

- 26 ਨੂੰ ਪੈਣਗੀਆਂ ਵੋਟਾਂ, 29 ਨੂੰ ਆਉਣਗੇ ਨਤੀਜੇ : ਅਮਨਦੀਪ ਸਿੰਘ ਬੱਲੂ ਮਹਿਤਾ•, ਪੰਜਾਬੀ ਜਾਗਰਣ ਪੱਟੀ : ਨਗਰ ਕੌਂਸਲ ਪੱਟੀ ਦੀਆਂ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਚੋਣ ਪ੍ਰਕਿਰਿਆ ਪੂਰੇ ਜ਼ੋਰਾਂ ’ਤੇ ਚੱਲ ਰਹੀ ਹੈ। ਨਗਰ ਕੌਂਸਲ ਪੱਟੀ ਦੀਆਂ ਚੋਣਾਂ ਕਰਵਾਉਣ ਲਈ ਬਤੌਰ ਰਿਟਰਨਿੰਗ ਅਫ਼ਸਰ ਉਪ ਮੰਡਲ ਮੈਜਿਸਟ੍ਰੇਟ ਪੱਟੀ ਅਮਨਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ੁੱਕਰਵਾਰ ਨੂੰ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਆਜ਼ਾਦ ਉਮੀਦਵਾਰਾਂ ਵੱਲੋਂ ਕੁੱਲ 53 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਪੱਟੀ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਜਾਰੀ ਹੈ ਅਤੇ ਸ਼ਨਿਚਰਵਾਰ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਆਖਰੀ ਦਿਨ ਹੋਵੇਗਾ। ਉਨ੍ਹਾਂ ਕਿਹਾ ਕਿ ਉਮੀਦਵਾਰ ਸਵੇਰੇ 11 ਤੋਂ ਬਾਅਦ ਦੁਪਹਿਰ 3 ਵਜੇ ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ 18 ਮਈ ਸੋਮਵਾਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ, ਜਦਕਿ 19 ਮੰਗਲਵਾਰ ਨੂੰ ਉਮੀਦਵਾਰ ਦੁਪਹਿਰ 3 ਵਜੇ ਤੱਕ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ। ਉਨ੍ਹਾਂ ਦੱਸਿਆ ਕਿ 26 ਮਈ ਮੰਗਲਵਾਰ ਨੂੰ ਵੋਟਾਂ ਪੈਣਗੀਆਂ। ਵੋਟਿੰਗ ਦਾ ਸਮਾਂ ਸਵੇਰੇ 8 ਤੋਂ ਸ਼ਾਮ 5 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ। ਇਸ ਤੋਂ ਬਾਅਦ 29 ਮਈ ਸ਼ੁੱਕਰਵਾਰ ਨੂੰ ਪੋਲ ਹੋਈਆਂ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ ਅਤੇ ਨਤੀਜੇ ਐਲਾਨੇ ਜਾਣਗੇ। ਚੋਣ ਅਫ਼ਸਰ ਨੇ ਦੱਸਿਆ ਕਿ ਨਗਰ ਕੌਂਸਲ ਪੱਟੀ ਵਿਚ ਕੁੱਲ 19 ਵਾਰਡ ਹਨ ਅਤੇ ਚੋਣਾਂ ਲਈ 38 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਵੱਲੋਂ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਅਮਨਦੀਪ ਸਿੰਘ ਨੇ ਕਿਹਾ ਕਿ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਵੱਲੋਂ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਅਮਨ-ਅਮਾਨ ਨਾਲ ਕਰਵਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਗੀ ਅਤੇ ਚੋਣਾਂ ਦੌਰਾਨ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੁਲਿਸ ਫੋਰਸ ਵੀ ਤਾਇਨਾਤ ਰਹੇਗੀ।