ਨਗਰ ਕੌਂਸਲ ਚੋਣਾਂ ਲਈ ਭਾਜਪਾ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ
ਨਗਰ ਕੌਂਸਲ ਚੋਣਾਂ ਲਈ ਭਾਜਪਾ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ
Publish Date: Fri, 15 May 2026 08:17 PM (IST)
Updated Date: Fri, 15 May 2026 08:18 PM (IST)

ਬੱਲੂ ਮਹਿਤਾ•, ਪੰਜਾਬੀ ਜਾਗਰਣ ਪੱਟੀ : ਨਗਰ ਕੌਂਸਲ ਪੱਟੀ ਦੀਆਂ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਪੂਰੇ ਜ਼ੋਰਾਂ ’ਤੇ ਹਨ। ਇਸ ਤਹਿਤ ਭਾਰਤੀ ਜਨਤਾ ਪਾਰਟੀ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਤੋਂ ਆਪਣੇ ਉਮੀਦਵਾਰਾਂ ਨੇ ਸਮਰਥਕਾਂ ਸਮੇਤ ਐੱਸਡੀਐੱਮ-ਕਮ-ਰਿਟਰਨਿੰਗ ਅਫ਼ਸਰ ਪੱਟੀ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ। ਨਾਮਜ਼ਦਗੀਆਂ ਦੌਰਾਨ ਭਾਜਪਾ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਉਮੀਦਵਾਰਾਂ ਦੇ ਨਾਲ ਵੱਡੀ ਗਿਣਤੀ ਵਿਚ ਪਾਰਟੀ ਆਗੂ ਅਤੇ ਸਮਰਥਕ ਮੌਜੂਦ ਰਹੇ, ਜਿਨ੍ਹਾਂ ਵੱਲੋਂ ਪਾਰਟੀ ਦੇ ਹੱਕ ਵਿਚ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਮੌਕੇ ਭਾਜਪਾ ਦੇ ਸਰਕਲ ਪ੍ਰਧਾਨ ਡਾ. ਵਿਜੇ ਵਿਨਾਇਕ ਅਤੇ ਐਡਵੋਕੇਟ ਜਸਕਰਨ ਸਿੰਘ ਗਿੱਲ ਨੇ ਕਿਹਾ ਕਿ ਪਾਰਟੀ ਵੱਲੋਂ ਪੱਟੀ ਸ਼ਹਿਰ ਦੀਆਂ 19 ਵਾਰਡਾਂ ਵਿੱਚ ਉਮੀਦਵਾਰ ਪਾਰਟੀ ਦੇ ਨਿਰਦੇਸ਼ਾਂ ਅਤੇ ਅਨੁਸ਼ਾਸਨ ਅਨੁਸਾਰ ਚੋਣ ਮੈਦਾਨ ਵਿਚ ਉਤਾਰੇ ਗਏ ਹਨ। ਉਨ੍ਹਾਂ ਕਿਹਾ ਕਿ ਸਾਰੇ ਉਮੀਦਵਾਰ ਲੋਕਾਂ ਦੀ ਸੇਵਾ ਅਤੇ ਸ਼ਹਿਰ ਦੇ ਵਿਕਾਸ ਦੇ ਮਕਸਦ ਨਾਲ ਚੋਣ ਲੜ ਰਹੇ ਹਨ। ਉਨ੍ਹਾਂ ਦੱਸਿਆ ਕਿ ਭਾਜਪਾ ਹਮੇਸ਼ਾਂ ਹੀ ਵਿਕਾਸ ਦੀ ਸਿਆਸਤ ‘ਤੇ ਵਿਸ਼ਵਾਸ ਕਰਦੀ ਆਈ ਹੈ ਅਤੇ ਪਾਰਟੀ ਵੱਲੋਂ ਸ਼ਹਿਰ ਦੇ ਹਰ ਵਰਗ ਨੂੰ ਨਾਲ ਲੈ ਕੇ ਚੱਲਣ ਦੀ ਨੀਤੀ ਅਪਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਵਿਚ ਭਾਰੀ ਜੋਸ਼ ਅਤੇ ਉਤਸ਼ਾਹ ਹੈ ਅਤੇ ਹਰ ਵਾਰਡ ਵਿੱਚ ਭਾਜਪਾ ਨੂੰ ਲੋਕਾਂ ਦਾ ਵੱਡਾ ਸਮਰਥਨ ਮਿਲ ਰਿਹਾ ਹੈ। ਡਾ. ਵਿਜੇ ਵਿਨਾਇਕ ਨੇ ਕਿਹਾ ਕਿ 12 ਉਮੀਦਵਾਰਾਂ ਵੱਲੋਂ ਆਪਣੇ ਕਾਗਜ ਜਮ੍ਹਾਂ ਕਰਵਾਏ ਗਏ ਹਨ।