ਨੈਸ਼ਨਲ ਡੇਂਗੂ ਦਿਵਸ ਮੌਕੇ ਅਲਪਾਈਨ ਸਕੂਲ ’ਚ ਬੱਚਿਆਂ ਤੇ ਅਧਿਆਪਕਾਂ ਨੂੰ ਕੀਤਾ ਜਾਗਰੂਕ
ਨੈਸ਼ਨਲ ਡੇਂਗੂ ਦਿਵਸ ਮੌਕੇ ਅਲਪਾਈਨ ਸਕੂਲ ਸੰਘੇ ‘ਚ ਬੱਚਿਆਂ ਅਤੇ ਅਧਿਆਪਕਾਂ ਨੂੰ ਜਾਗਰੂਕ ਕੀਤਾ
Publish Date: Sat, 16 May 2026 04:35 PM (IST)
Updated Date: Sat, 16 May 2026 04:36 PM (IST)

ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਐੱਸਐੱਮਓ ਝਬਾਲ ਡਾ. ਰਾਜੂ ਚੌਹਾਨ ਦੀ ਅਗਵਾਈ ਹੇਠ ਪ੍ਰਿੰਸੀਪਲ ਲਖਵਿੰਦਰ ਕੌਰ ਅਤੇ ਜਸਪਿੰਦਰ ਸਿੰਘ ਦੇ ਸਹਿਯੋਗ ਨਾਲ ਅਲਪਾਈਨ ਸਕੂਲ ਸੰਘੇ ਵਿਖੇ ਸੈਮੀਨਾਰ ਕੀਤਾ ਗਿਆ। ਸਿਵਲ ਸਰਜਨ ਦਫ਼ਤਰ ਤਰਨਤਾਰਨ ਤੋਂ ਆਏ ਰਜਵੰਤ ਸਿੰਘ ਬਾਗੜੀਆਂ ਨੇ ਨੈਸ਼ਨਲ ਡੇਂਗੂ ਦਿਵਸ ਮੌਕੇ ਬੱਚਿਆਂ ਅਤੇ ਅਧਿਆਪਕਾਂ ਨੂੰ ਡੇਂਗੂ, ਮਲੇਰੀਆ, ਚਿਕਨਗੁਨੀਆ ਅਤੇ ਬਰਸਾਤਾਂ ਤੋਂ ਬਾਅਦ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਡੇਂਗੂ ਅਤੇ ਚਿਕਨਗੁਨੀਆ ਬੁਖਾਰ ਏਡੀਜ਼ ਐਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਇਹ ਮੱਛਰ ਕੂਲਰਾਂ, ਗਮਲਿਆਂ, ਟਾਇਰਾਂ, ਫਰਿੱਜਾਂ ਦੀਆਂ ਪਿਛਲੀਆਂ ਟ੍ਰੇਆਂ, ਟੁੱਟੇ ਹੋਏ ਭਾਂਡਿਆਂ ਵਿਚ ਖੜ੍ਹੇ ਪਾਣੀ ’ਚ ਪੈਂਦਾ ਹੁੰਦਾ ਹੈ। ਸਰਕਾਰ ਵੱਲੋਂ ਹਰ ਫਰਾਈਡੇ ਨੂੰ ਡਰਾਈ-ਡੇਅ ਮਨਾਇਆ ਜਾਂਦਾ ਹੈ। ਇਸ ਦਿਨ ਸਾਨੂੰ ਕੂਲਰਾਂ, ਗਮਲਿਆਂ, ਫਰਿੱਜਾਂ ਦੀਆਂ ਪਿਛਲੀਆਂ ਟ੍ਰੇਆਂ, ਟੁੱਟੇ ਭਾਂਡਿਆਂ ਨੂੰ ਚੰਗੀ ਤਰ੍ਹਾਂ ਸਾਫ਼ ਕਰਕੇ ਸੁਖਾ ਲੈਣਾ ਚਾਹੀਦਾ ਹੈ। ਸਾਨੂੰ ਇਨ੍ਹਾਂ ਦਿਨਾਂ ਵਿਚ ਪੂਰੀਆਂ ਬਾਹਾਂ ਵਾਲੇ ਕੱਪੜੇ ਪਾਉਣੇ ਚਾਹੀਦੇ ਹਨ, ਸੌਣ ਵੇਲੇ ਮੱਛਰਦਾਨੀਆਂ ਦੀ ਵਰਤੋਂ ਕਰਨੀ ਚਾਹੀਦੀ ਹੈ, ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਮਲੇਰੀਆ ਬੁਖਾਰ ਮਾਦਾ ਐਨਾਫਲੀਜ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਇਹ ਮੱਛਰ ਖੜ੍ਹੇ ਪਾਣੀ ਵਿਚ ਪੈਂਦਾ ਹੁੰਦਾ ਹੈ। ਛੱਪੜਾਂ ਵਿਚ ਗੰਬੁਜੀਆ ਮੱਛੀ ਜਾਂ ਕਾਲਾ ਸੜਿਆ ਤੇਲ ਪਾ ਕੇ ਮੱਛਰਾਂ ਦੀ ਪੈਦਾਵਾਰ ਨੂੰ ਰੋਕਿਆ ਜਾ ਸਕਦਾ ਹੈ। ਸੈਮੀਨਾਰ ਦੌਰਾਨ ਗੁਰਵਿੰਦਰ ਸਿੰਘ ਭੋਜੀਆਂ ਹੈਲਥ ਸੁਪਰਵਾਈਜ਼ਰ ਨੇ ਦੱਸਿਆ ਕਿ ਅਸੀਂ ਇਹ ਛੋਟੀਆਂ ਛੋਟੀਆਂ ਸਾਵਧਾਨੀਆਂ ਵਰਤ ਕੇ ਇਨ੍ਹਾਂ ਬਿਮਾਰੀਆਂ ਤੋਂ ਬਚ ਸਕਦੇ ਹਾਂ। ਅਗਰ ਕਿਸੇ ਵਿਅਕਤੀ ਨੂੰ ਇਸ ਤਰ੍ਹਾਂ ਦੇ ਲੱਛਣ ਪਾਏ ਜਾਂਦੇ ਹਨ, ਤਾਂ ਤੁਰੰਤ ਨੇੜੇ ਦੇ ਸਿਹਤ ਕੇਂਦਰ ਵਿਚ ਜਾਣਾ ਚਾਹੀਦਾ ਹੈ। ਸਾਰੇ ਸਰਕਾਰੀ ਹਸਪਤਾਲਾਂ ਵਿਚ ਡੇਂਗੂ, ਮਲੇਰੀਆ, ਚਿਕਨਗੁਨੀਆਂ ਬੁਖਾਰ ਦਾ ਟੈਸਟ ਅਤੇ ਇਲਾਜ ਫ੍ਰੀ ਕੀਤਾ ਜਾਂਦਾ ਹੈ। ਇਸ ਸੈਮੀਨਾਰ ਵਿਚ ਸਕੂਲ ਦੇ ਕੁਝ ਬੱਚਿਆਂ ਨੇ ਵੀ ਮਲੇਰੀਆ ਡੇਂਗੂ ਬਾਰੇ ਲੈਕਚਰ ਦਿੱਤਾ। ਇਸ ਮੌਕੇ ਸਕੂਲ ਅਧਿਆਪਕ ਮਨਜੀਤ ਕੌਰ, ਰਮਨਦੀਪ ਕੌਰ, ਪਰਮਿੰਦਰ ਸਿੰਘ, ਪ੍ਰਵੀਨ, ਮਨਪ੍ਰੀਤ ਕੌਰ ਅਤੇ ਸਿਹਤ ਵਿਭਾਗ ਤੋਂ ਜੀਵਨਜੋਤ ਸਿੰਘ ਸੀਐੱਚਓ ਅਤੇ ਅਮਨਦੀਪ ਸਿੰਘ ਪੱਖੋਕੇ ਅਤੇ ਸਕੂਲ ਦੇ ਬੱਚੇ ਹਾਜ਼ਰ ਸਨ।