ਭਾਜਪਾ ਦਫ਼ਤਰ ’ਤੇ ਹੋਏ ਹਮਲੇ ਦੀ ਵੱਖ-ਵੱਖ ਆਗੂਆਂ ਨੇ ਕੀਤੀ ਸਖ਼ਤ ਨਿਖੇਧੀ

- ‘ਆਪ’ ਸਰਕਾਰ ਦੀ ਸ਼ਹਿ ’ਤੇ ਪੰਜਾਬ ’ਚ ਚੱਲ ਰਹੀ ਹੈ ਸ਼ਰੇਆਮ ਗੁੰਡਾਗਰਦੀ : ਦਲੇਰ ਸਿੰਘ
ਰਾਜਵਿੰਦਰ ਸਿੰਘ ਰਾਜੂ•, ਪੰਜਾਬੀ ਜਾਗਰਣ
ਵਲਟੋਹਾ : ਭਾਜਪਾ ਦਫ਼ਤਰ ’ਤੇ ਹਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਵੱਖ-ਵੱਖ ਆਗੂਆਂ ਨੇ ਕਿਹਾ ਕਿ ਤਰਨਤਾਰਨ ਦਫ਼ਤਰ ਵਿਚ 15 ਤੋਂ 20 ਨਕਾਬਪੋਸ਼ਾਂ ਵੱਲੋਂ ਦਿਨ-ਦਿਹਾੜੇ ਕੀਤੀ ਗਈ ਭੰਨਤੋੜ ਅਤੇ ਸਾਡੇ ਲੀਡਰਾਂ ’ਤੇ ਜਾਨਲੇਵਾ ਹਮਲਾ ਪੰਜਾਬ ਵਿਚ ਕਾਨੂੰਨ ਵਿਵਸਥਾ ਦੇ ਪੂਰੀ ਤਰ੍ਹਾਂ ਫੇਲ੍ਹ ਹੋਣ ਦਾ ਸਿੱਧਾ ਸਬੂਤ ਹੈ। ਇਹ ਪ੍ਰਗਟਾਵਾ ਕਰਦਿਆਂ ਭਾਜਪਾ ਆਗੂ ਦਲਬੀਰ ਸਿੰਘ ਅਲਗੋਂ ਨੇ ਕਿਹਾ ਕਿ ਅੱਜ ਪੰਜਾਬ ਵਿਚ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਪੁਲਿਸ ਦਾ ਕੋਈ ਖੌਫ਼ ਨਹੀਂ ਰਿਹਾ। ‘ਆਪ’ ਸਰਕਾਰ ਸਿਰਫ਼ ਇਸ਼ਤਿਹਾਰਾਂ ਵਿਚ ਹੀ ਬਦਲਾਅ ਲਿਆ ਰਹੀ ਹੈ, ਜਦਕਿ ਜ਼ਮੀਨੀ ਹਕੀਕਤ ਇਹ ਹੈ ਕਿ ਸੂਬੇ ਵਿਚ ਰੋਜ਼ਾਨਾ ਕਤਲ ਹੋ ਰਹੇ ਹਨ ਅਤੇ ਵਪਾਰੀਆਂ ਨੂੰ ਸ਼ਰੇਆਮ ਫਿਰੌਤੀਆਂ ਲਈ ਧਮਕੀਆਂ ਮਿਲ ਰਹੀਆਂ ਹਨ। ਨਸ਼ਿਆਂ ਦਾ ਛੇਵੇਂ ਦਰਿਆ ਪਹਿਲਾਂ ਨਾਲੋਂ ਵੀ ਤੇਜ਼ ਵਗ ਰਿਹਾ ਹੈ, ਜਿਸ ਕਾਰਨ ਪੰਜਾਬ ਦੀ ਜਵਾਨੀ ਬਰਬਾਦ ਹੋ ਰਹੀ ਹੈ, ਪਰ ਸਰਕਾਰ ਸੁੱਤੀ ਪਈ ਹੈ। ਮਨਜੀਤ ਸਿੰਘ ਭੋਲਾ ਨੇ ਵੀ ਭਾਜਪਾ ਦਫ਼ਤਰ ’ਤੇ ਹਮਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਵਿਚ ਇਹ ਸ਼ਰੇਆਮ ਗੁੰਡਾਗਰਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸ਼ਹਿ 'ਤੇ ਚੱਲ ਰਹੀ ਹੈ। ਸੱਤਾਧਾਰੀ ਧਿਰ ਦੀ ਪੁਸ਼ਤਪਨਾਹੀ ਤੋਂ ਬਿਨਾਂ ਵਿਰੋਧੀ ਪਾਰਟੀਆਂ ਦੇ ਦਫ਼ਤਰਾਂ 'ਤੇ ਇਸ ਤਰ੍ਹਾਂ ਹਮਲੇ ਕਰਨ ਦੀ ਕਿਸੇ ਦੀ ਹਿੰਮਤ ਨਹੀਂ ਪੈ ਸਕਦੀ।
ਭਗਵੰਤ ਮਾਨ ਸਰਕਾਰ ਲੋਕਾਂ ਨੂੰ ਸੁਰੱਖਿਆ ਦੇਣ ਵਿਚ ਪੂਰੀ ਤਰ੍ਹਾਂ ਨਾਕਾਮ ਸਾਬਿਤ ਹੋਈ ਹੈ। ਇਹ ਉਹੀ ਪਾਰਟੀ ਹੈ ਜਿਸਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ਦੀਆਂ ਔਰਤਾਂ ਨੂੰ ਇਕ ਹਜ਼ਾਰ ਰੁਪਏ ਮਹੀਨਾ ਦੇਣ ਦਾ ਵਾਅਦਾ ਕੀਤਾ ਸੀ, ਜੋ ਅੱਜ ਤਕ ਪੂਰਾ ਨਹੀਂ ਹੋਇਆ। ਆਮ ਆਦਮੀ ਦੇ ਨਾਂ 'ਤੇ ਵੋਟਾਂ ਲੈਣ ਵਾਲੇ ਅੱਜ ਖੁਦ ਵੀਆਈਪੀ ਕਲਚਰ ਦਾ ਆਨੰਦ ਮਾਣ ਰਹੇ ਹਨ ਅਤੇ ਪੰਜਾਬ ਦੇ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਵਿਰੋਧੀਆਂ 'ਤੇ ਅਜਿਹੇ ਹਮਲੇ ਕਰਵਾ ਰਹੇ ਹਨ। ਇਸ ਸਬੰਧੀ ਬੇਅੰਤ ਸਿੰਘ ਤੇ ਦਲੇਰ ਸਿੰਘ ਮਾਨ ਨੇ ਇਸੇ ਘਟਨਾ 'ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਪੁਲਿਸ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ‘ਆਪ’ ਸਰਕਾਰ ਹਰ ਫਰੰਟ ’ਤੇ ਹੋਈ ਨਾਕਾਮੀ ਨੂੰ ਛੁਪਾਉਣ ਲਈ ਅਜਿਹੇ ਕਾਇਰਤਾ ਪੂਰਨ ਹੱਥਕੰਡੇ ਅਪਣਾ ਰਹੀ ਹੈ। ਅੱਜ ਪੰਜਾਬ ਦਾ ਕਿਸਾਨ ਮੰਡੀਆਂ ਵਿਚ ਰੁਲ ਰਿਹਾ ਹੈ, ਫਸਲਾਂ ਦਾ ਸਹੀ ਮੁੱਲ ਨਹੀਂ ਮਿਲ ਰਿਹਾ ਅਤੇ ਬੇਰੁਜ਼ਗਾਰੀ ਕਾਰਨ ਪੰਜਾਬ ਦਾ ਨੌਜਵਾਨ ਡੌਂਕੀ ਲਗਾ ਕੇ ਵਿਦੇਸ਼ਾਂ ਵੱਲ ਭੱਜਣ ਲਈ ਮਜਬੂਰ ਹੈ। ਸਰਕਾਰ ਕੋਲ ਇਨ੍ਹਾਂ ਮਸਲਿਆਂ ਦਾ ਕੋਈ ਹੱਲ ਨਹੀਂ ਹੈ, ਇਸ ਲਈ ਉਹ ਗੁੰਡਾਗਰਦੀ ਦਾ ਸਹਾਰਾ ਲੈ ਕੇ ਵਿਰੋਧੀਆਂ ਦੀ ਆਵਾਜ਼ ਦਬਾਉਣਾ ਚਾਹੁੰਦੀ ਹੈ। ਜੇਕਰ ਪੁਲਿਸ ਪ੍ਰਸ਼ਾਸਨ ਵੱਲੋਂ ਤੁਰੰਤ ਕਾਰਵਾਈ ਕਰ ਕੇ ਹਮਲਾ ਕਰਨ ਵਾਲੇ ਇਨ੍ਹਾਂ ਨਕਾਬਪੋਸ਼ ਗੁੰਡਿਆਂ ਅਤੇ ਇਨ੍ਹਾਂ ਦੇ ਆਕਾਵਾਂ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ, ਤਾਂ ਭਾਜਪਾ ਪੂਰੇ ਪੰਜਾਬ ਵਿਚ ‘ਆਪ’ ਸਰਕਾਰ ਖ਼ਿਲਾਫ਼ ਸੜਕਾਂ ’ਤੇ ਉਤਰ ਕੇ ਇੱਟ ਨਾਲ ਇੱਟ ਖੜਕਾ ਦੇਵੇਗੀ।