ਪਿੰਡ ਧੂੰਦਾ ’ਚ ਗਵਰਨਰ ਤੇ ਭਾਜਪਾ ਦਾ ਪੁਤਲਾ ਸਾੜਿਆ
ਪਿੰਡ ਧੂੰਦਾ ‘ਚ ਸਾੜਿਆ ਗਵਰਨਰ ਤੇ ਬੀਜੇਪੀ ਦਾ ਪੁਤਲਾ
Publish Date: Sat, 16 May 2026 05:00 PM (IST)
Updated Date: Sat, 16 May 2026 05:00 PM (IST)

- ਪੰਜਾਬ ਦੇ ਹੱਕ ਦੇਵੇ ਭਾਜਪਾ ਸਰਕਾਰ : ਬਲਦੇਵ ਸਿੰਘ ਧੂੰਦਾ ਗੁਰਬਰਿੰਦਰ ਸਿੰਘ•, ਪੰਜਾਬੀ ਜਾਗਰਣ ਸ੍ਰੀ ਗੋਇੰਦਵਾਲ ਸਾਹਿਬ : ਪਿੰਡ ਧੂੰਦਾ ਵਿਖੇ ਕੁੱਲ ਹਿੰਦ ਕਿਸਾਨ ਸਭਾ ਦੇ ਵਰਕਰਾਂ ਨੇ ਜ਼ਿਲ੍ਹਾ ਕਨਵੀਨਰ ਬਲਦੇਵ ਸਿੰਘ ਧੂੰਦਾ ਦੀ ਅਗਵਾਈ ਵਿਚ ਇਕੱਠੇ ਹੋ ਕੇ ਗਵਰਨਰ ਪੰਜਾਬ ਅਤੇ ਕੇਂਦਰ ਭਾਜਪਾ ਸਰਕਾਰ ਦਾ ਪੁਤਲਾ ਸਾੜਿਆ। ਯਾਦ ਰਹੇ ਕਿ ਕੱਲ੍ਹ ਚੰਡੀਗੜ੍ਹ ਵਿਚ ਕਿਸਾਨ ਮਾਰਚ ’ਤੇ ਕੀਤੇ ਤਸ਼ੱਦਦ ਦੇ ਵਿਰੋਧ ਵਿਚ ਅੱਜ ਸੰਯੁਕਤ ਕਿਸਾਨ ਮੋਰਚਾ ਵੱਲੋਂ ਥਾਂ-ਥਾਂ ਤੇ ਪੁਤਲੇ ਫੂਕੇ ਜਾਣ ਦਾ ਸੱਦਾ ਦਿੱਤਾ ਗਿਆ ਸੀ। ਇਸ ਮੌਕੇ ਕੁਲ ਹਿੰਦ ਕਿਸਾਨ ਸਭਾ ਦੇ ਵਰਕਰਾਂ ਵੱਲੋਂ ਪੁਤਲਾ ਫ਼ੂਕਣ ਸਮੇਂ ਕਿਸਾਨ ਆਗੂ ਬਲਦੇਵ ਸਿੰਘ ਧੂੰਦਾ ਨੇ ਕਿਹਾ ਕਿ ਕੇਂਦਰ ਦੀ ਮੌਜੂਦਾ ਸਰਕਾਰ ਪੰਜਾਬ ਦੇ ਹੱਕਾਂ ’ਤੇ ਲਗਾਤਾਰ ਡਾਕਾ ਮਾਰ ਰਹੀ ਹੈ। ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਪੱਕੀ ਨੁਮਾਇੰਦਗੀ ਖ਼ਤਮ ਕਰ ਦਿੱਤੀ ਗਈ ਹੈ। ਪੰਜਾਬ ਦੇ ਪਾਣੀਆਂ ਨੂੰ ਖੋਹਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਪੰਜਾਬ ਯੂਨੀਵਰਸਿਟੀ ਨੂੰ ਵੀ ਖੋਹਿਆ ਜਾ ਰਿਹਾ ਹੈ। ਪੰਜਾਬੀ ਬੋਲੀ ਨਾਲ ਚੰਡੀਗੜ੍ਹ ਤੇ ਹੋਰ ਗੁਆਂਢੀ ਸੂਬਿਆਂ ਵਿਚ ਧੱਕਾ ਕੀਤਾ ਜਾ ਰਿਹਾ ਹੈ। ਪੰਜਾਬ ਦੇ ਸੈਨਿਕ ਸਕੂਲਾਂ ਵਿਚ ਪੰਜਾਬੀ ਨੂੰ ਮਤਰੇਈ ਕਰ ਦਿੱਤਾ ਗਿਆ ਹੈ। ਇਸ ਤੋਂ ਬਿਨ੍ਹਾਂ ਕੇਂਦਰ ਸਰਕਾਰ ਲੋਕਾਂ ਨੂੰ ਧਰਮ ਦੇ ਨਾਂ ’ਤੇ ਪਾੜ ਕੇ ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰ ਰਹੀ ਹੈ। ਮਜ਼ਦੂਰਾਂ, ਕਿਸਾਨਾਂ ’ਤੇ ਮਿਹਨਤਕਸ਼ ਲੋਕਾਂ ਦੀ ਲੁੱਟ ਲਗਾਤਾਰ ਵੱਧ ਰਹੀ ਹੈ। ਇਸ ਮੌਕੇ ਟ੍ਰੇਡ ਯੂਨੀਅਨ ਤੇ ਮਜ਼ਦੂਰ ਆਗੂ ਗੁਰਦਿਆਲ ਸਿੰਘ ਖਡੂਰ ਸਾਹਿਬ ਤੇ ਬਲਜੀਤ ਸਿੰਘ ਫ਼ਤਿਆਬਾਦ ਨੇ ਕਿਹਾ ਕਿ ਡੀਜ਼ਲ, ਪੈਟਰੋਲ ਤੇ ਗੈਸ ਦੀਆਂ ਕੀਮਤਾਂ ਵਧਣ ਨਾਲ ਆਮ ਲੋਕਾਂ ਦਾ ਜਿਉਣਾ ਦੁੱਭਰ ਹੋ ਰਿਹਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੀ ਲਗਭਗ ਕੇਂਦਰ ਸਰਕਾਰ ਦੀਆਂ ਲੀਹਾਂ ’ਤੇ ਕੰਮ ਕਰ ਰਹੀ ਹੈ। ਉਹ ਵੀ ਗੱਲੀਬਾਤੀ ਢੋਲ ਜ਼ਿਆਦੇ ਵਜਾ ਰਹੀ ਹੈ ਤੇ ਹਕੀਕਤ ਵਿਚ ਲੋਕਾਂ ਦੇ ਪੱਲੇ ਕੁਝ ਨਹੀਂ ਪੈ ਰਿਹਾ। ਬੇਰੁਜ਼ਗਾਰੀ ਅਤੇ ਮਹਿੰਗਾਈ ਨੇ ਲੋਕਾਂ ਦਾ ਜੀਣਾ ਮੁਹਾਲ ਕੀਤਾ ਹੋਇਆ ਹੈ। ਇਸ ਮੌਕੇ ਹੋਰਨਾਂ ਤੋ ਇਲਾਵਾ ਨਿਸ਼ਾਨ ਸਿੰਘ, ਸੁਖਦੇਵ ਸਿੰਘ, ਅਮਰ ਸਿੰਘ, ਚਰਨ ਸਿੰਘ, ਅਮਰੀਕ ਸਿੰਘ, ਰਾਜਵਿੰਦਰ ਕੌਰ, ਪਲਵਿੰਦਰ ਕੌਰ ਆਦਿ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।