ਕਿਸਾਨ ਸਭਾ ਨੇ ਸਾੜਿਆ ਕੇਂਦਰ ਸਰਕਾਰ ਦਾ ਪੁਤਲਾ
ਕਿਸਾਨ ਸਭਾ ਨੇ ਸਾੜਿਆ ਭਾਜਪਾ ਦੀ ਕੇਂਦਰ ਸਰਕਾਰ ਦਾ ਪੁਤਲਾ
Publish Date: Sat, 16 May 2026 06:36 PM (IST)
Updated Date: Sat, 16 May 2026 06:36 PM (IST)

ਮਦਨ ਲਾਲ, •ਪੰਜਾਬੀ ਜਾਗਰਣ ਸ਼ਾਹਬਾਜਪੁਰ : ਤਰਨਤਾਰਨ ਨੇੜਲੇ ਪਿੰਡ ਮਾਣੋਚਾਹਲ ਵਿਖੇ ਕੁਲ ਹਿੰਦ ਕਿਸਾਨ ਸਭਾ ਦੇ ਵਰਕਰਾਂ ਨੇ ਜੋਗਾ ਸਿੰਘ ਤੇ ਗੁਰਭੇਜ ਸਿੰਘ ਦੀ ਅਗਵਾਈ ਵਿਚ ਇਕੱਠੇ ਹੋ ਕੇ ਗਵਰਨਰ ਪੰਜਾਬ ਅਤੇ ਕੇਂਦਰ ਦੀ ਭਾਜਪਾ ਸਰਕਾਰ ਦਾ ਪੁਤਲਾ ਫੂਕਿਆ। ਯਾਦ ਰਹੇ ਕਿ ਕੱਲ੍ਹ ਚੰਡੀਗੜ੍ਹ ਵਿਚ ਕਿਸਾਨ ਮਾਰਚ ’ਤੇ ਕੀਤੇ ਤਸ਼ੱਦਦ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚਾ ਵੱਲੋਂ ਥਾਂ-ਥਾਂ ’ਤੇ ਪੁਤਲੇ ਫੂਕੇ ਜਾਣੇ ਹਨ। ਇਸੇ ਲੜੀ ਤਹਿਤ ਕੁਲ ਹਿੰਦ ਕਿਸਾਨ ਸਭਾ ਦੇ ਵਰਕਰਾਂ ਵੱਲੋਂ ਪੁਤਲਾ ਫ਼ੂਕਣ ਸਮੇਂ ਕਿਸਾਨ ਆਗੂ ਸੁਖਦੇਵ ਸਿੰਘ ਮਾਣੋਚਾਹਲ ਨੇ ਕਿਹਾ ਕਿ ਕੇਂਦਰ ਦੀ ਮੌਜੂਦਾ ਸਰਕਾਰ ਪੰਜਾਬ ਦੇ ਹੱਕਾਂ ’ਤੇ ਲਗਾਤਾਰ ਡਾਕਾ ਮਾਰ ਰਹੀ ਹੈ। ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਪੱਕੀ ਨੁਮਾਇੰਦਗੀ ਖ਼ਤਮ ਕਰ ਦਿੱਤੀ ਗਈ ਹੈ। ਪੰਜਾਬ ਦੇ ਪਾਣੀਆਂ ਨੂੰ ਖੋਹਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਪੰਜਾਬ ਯੂਨੀਵਰਸਿਟੀ ਨੂੰ ਵੀ ਖੋਹਿਆ ਜਾ ਰਿਹਾ ਹੈ। ਪੰਜਾਬੀ ਬੋਲੀ ਨਾਲ ਚੰਡੀਗੜ੍ਹ ’ਤੇ ਹੋਰ ਗੁਆਂਢੀ ਸੂਬਿਆਂ ਵਿਚ ਧੱਕਾ ਕੀਤਾ ਜਾ ਰਿਹਾ ਹੈ। ਪੰਜਾਬ ਦੇ ਸੈਨਿਕ ਸਕੂਲਾਂ ਵਿਚ ਪੰਜਾਬੀ ਨੂੰ ਮਤਰੇਈ ਕਰ ਦਿੱਤਾ ਗਿਆ ਹੈ। ਇਸ ਤੋਂ ਬਿਨ੍ਹਾਂ ਕੇਂਦਰ ਸਰਕਾਰ ਲੋਕਾਂ ਨੂੰ ਧਰਮ ਦੇ ਨਾਂ ’ਤੇ ਪਾੜ ਕੇ ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰ ਰਹੀ ਹੈ। ਮਜ਼ਦੂਰਾਂ, ਕਿਸਾਨਾਂ ਤੇ ਮਿਹਨਤਕਸ਼ ਲੋਕਾਂ ਦੀ ਲੁੱਟ ਲਗਾਤਾਰ ਵੱਧ ਰਹੀ ਹੈ। ਡੀਜ਼ਲ, ਪੈਟਰੋਲ ਤੇ ਗੈਸ ਦੀਆਂ ਕੀਮਤਾਂ ਵਧਣ ਨਾਲ ਆਮ ਲੋਕਾਂ ਦਾ ਜਿਊਣਾ ਦੁੱਭਰ ਹੋ ਰਿਹਾ ਹੈ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੀ ਲਗਭਗ ਕੇਂਦਰ ਸਰਕਾਰ ਦੀਆਂ ਲੀਹਾਂ ’ਤੇ ਕੰਮ ਕਰ ਰਹੀ ਹੈ। ਉਹ ਵੀ ਗੱਲੀਬਾਤੀ ਢੋਲ ਜ਼ਿਆਦੇ ਵਜਾ ਰਹੀ ਹੈ, ਤੇ ਹਕੀਕਤ ਵਿਚ ਲੋਕਾਂ ਦੇ ਪੱਲੇ ਕੁਝ ਨਹੀਂ ਪੈ ਰਿਹਾ। ਬੇਰੁਜ਼ਗਾਰੀ ਅਤੇ ਮਹਿੰਗਾਈ ਨੇ ਲੋਕਾਂ ਦਾ ਜੀਣਾ ਮੁਹਾਲ ਕੀਤਾ ਹੋਇਆ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਮ ਸਿੰਘ, ਹਰਜੀਤ ਸਿੰਘ ਤੇ ਸੁਖਵੰਤ ਸਿੰਘ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।