ਨਗਰ ਕੌਂਸਲ ਪੱਟੀ ਚੋਣਾਂ : ਆਖਰੀ ਦਿਨ 139 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਕਾਗਜ਼
ਨਗਰ ਕੌਂਸਲ ਪੱਟੀ ਚੋਣਾਂ: ਆਖਰੀ ਦਿਨ 139 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਕਾਗਜ਼
Publish Date: Sat, 16 May 2026 07:45 PM (IST)
Updated Date: Sat, 16 May 2026 07:48 PM (IST)

- 26 ਮਈ ਨੂੰ ਪੈਣਗੀਆਂ ਵੋਟਾਂ, 29 ਮਈ ਨੂੰ ਹੋਵੇਗੀ ਗਿਣਤੀ : ਅਮਨਦੀਪ ਸਿੰਘ ਬੱਲੂ ਮਹਿਤਾ•, ਪੰਜਾਬੀ ਜਾਗਰਣ ਪੱਟੀ : ਨਗਰ ਕੌਂਸਲ ਪੱਟੀ ਦੀਆਂ 26 ਮਈ ਨੂੰ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਹੈ। ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਆਖਰੀ ਦਿਨ ਸ਼ਨੀਵਾਰ ਨੂੰ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਆਜ਼ਾਦ ਉਮੀਦਵਾਰਾਂ ਵੱਲੋਂ ਭਾਰੀ ਉਤਸ਼ਾਹ ਨਾਲ ਆਪਣੇ ਕਾਗਜ਼ ਦਾਖਲ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫ਼ਸਰ ਤੇ ਉਪ-ਮੰਡਲ ਮੈਜਿਸਟਰੇਟ ਪੱਟੀ ਅਮਨਦੀਪ ਸਿੰਘ ਨੇ ਦੱਸਿਆ ਕਿ ਆਖਰੀ ਦਿਨ ਕੁੱਲ 139 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਪੱਟੀ ਦੇ 19 ਵਾਰਡਾਂ ਲਈ ਚੋਣ ਪ੍ਰਕਿਰਿਆ ਤਹਿਤ ਵੱਖ-ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਦੇ ਨਾਲ ਆਜ਼ਾਦ ਉਮੀਦਵਾਰਾਂ ਵੱਲੋਂ ਵੀ ਵੱਡੀ ਗਿਣਤੀ ਵਿਚ ਚੋਣ ਮੈਦਾਨ ’ਚ ਉਤਰਣ ਲਈ ਨਾਮਜ਼ਦਗੀਆਂ ਭਰੀਆਂ ਗਈਆਂ ਹਨ। ਆਖਰੀ ਦਿਨ ਐੱਸਡੀਐੱਮ ਦਫ਼ਤਰ ਅਤੇ ਨਾਮਜ਼ਦਗੀ ਕੇਂਦਰਾਂ ਦੇ ਬਾਹਰ ਸਿਆਸੀ ਵਰਕਰਾਂ ਅਤੇ ਸਮਰਥਕਾਂ ਦੀ ਚਹਿਲ-ਪਹਿਲ ਦੇਖਣ ਨੂੰ ਮਿਲੀ। ਉਮੀਦਵਾਰ ਆਪਣੇ ਸਮਰਥਕਾਂ ਨਾਲ ਜਥਿਆਂ ਦੇ ਰੂਪ ਵਿਚ ਪਹੁੰਚੇ ਅਤੇ ਨਾਮਜ਼ਦਗੀ ਕਾਗਜ਼ ਦਾਖਲ ਕੀਤੇ। ਅਮਨਦੀਪ ਸਿੰਘ ਨੇ ਦੱਸਿਆ ਕਿ ਸੋਮਵਾਰ ਨੂੰ ਸਾਰੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ। ਇਸ ਦੌਰਾਨ ਉਮੀਦਵਾਰਾਂ ਵੱਲੋਂ ਦਾਖਲ ਕੀਤੇ ਦਸਤਾਵੇਜ਼ਾਂ ਅਤੇ ਹੋਰ ਚੋਣੀ ਕਾਰਵਾਈ ਦੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨਾਮਜ਼ਦਗੀ ਪੱਤਰ ਵਿਚ ਕੋਈ ਕਮੀ ਪਾਈ ਗਈ ਤਾਂ ਚੋਣ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਅੱਗੇ ਦੱਸਿਆ ਕਿ ਮੰਗਲਵਾਰ ਨੂੰ ਦੁਪਹਿਰ 3 ਵਜੇ ਤਕ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ। ਇਸ ਤੋਂ ਬਾਅਦ ਚੋਣ ਮੈਦਾਨ ਵਿਚ ਰਹਿ ਗਏ ਉਮੀਦਵਾਰਾਂ ਦੀ ਅੰਤਿਮ ਸੂਚੀ ਜਾਰੀ ਕੀਤੀ ਜਾਵੇਗੀ ਅਤੇ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ। ਰਿਟਰਨਿੰਗ ਅਫ਼ਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੰਗਲਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤਕ ਵੋਟਾਂ ਪੈਣਗੀਆਂ। ਇਸ ਤੋਂ ਬਾਅਦ ਸ਼ੁੱਕਰਵਾਰ ਨੂੰ ਪੋਲ ਹੋਈਆਂ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ ਅਤੇ ਨਤੀਜੇ ਐਲਾਨੇ ਜਾਣਗੇ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਪੱਟੀ ਵਿਚ ਕੁਲ 19 ਵਾਰਡਾਂ ਹਨ ਅਤੇ ਚੋਣਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਨ ਲਈ 38 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਹਰ ਪੋਲਿੰਗ ਸਟੇਸ਼ਨ ’ਤੇ ਲੋੜੀਂਦੇ ਸੁਰੱਖਿਆ ਅਤੇ ਬੁਨਿਆਦੀ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ, ਤਾਂ ਜੋ ਵੋਟਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਅਮਨਦੀਪ ਸਿੰਘ ਕਿਹਾ ਕਿ ਪ੍ਰਸ਼ਾਸਨ ਵੱਲੋਂ ਚੋਣ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ, ਨਿਰਪੱਖ ਅਤੇ ਅਮਨ-ਅਮਾਨ ਨਾਲ ਸੰਪੰਨ ਕਰਵਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਨੇ ਕਿਹਾ ਕਿ ਪੁਲਿਸ ਵਿਭਾਗ ਨਾਲ ਮਿਲ ਕੇ ਸੰਵੇਦਨਸ਼ੀਲ ਇਲਾਕਿਆਂ ’ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾਵੇਗੀ ਅਤੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਚੋਣਾਂ ਨੂੰ ਲੈ ਕੇ ਸ਼ਹਿਰ ਵਿਚ ਰਾਜਨੀਤਿਕ ਸਰਗਰਮੀਆਂ ਲਗਾਤਾਰ ਵੱਧ ਰਹੀਆਂ ਹਨ ਅਤੇ ਹੁਣ ਨਾਮਜ਼ਦਗੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਉਮੀਦਵਾਰਾਂ ਵੱਲੋਂ ਚੋਣ ਪ੍ਰਚਾਰ ਵਿਚ ਹੋਰ ਤੇਜ਼ੀ ਲਿਆਂਦੀ ਜਾਵੇਗੀ।