ਆਊਟਸੋਰਸ ਮੀਟਰ ਰੀਡਰਾਂ ਅਤੇ ਸੁਪਰਵਾਈਜ਼ਰਾਂ ਨੇ ਕੰਮ ਮੁਕੰਮਲ ਬੰਦ ਕਰਨ ਦਾ ਕੀਤਾ ਐਲਾਨ

ਕਿਰਪਾਲ ਰੰਧਾਵਾ/ਕੇਪੀ ਗਿੱਲ•ਪੰਜਾਬੀ ਜਾਗਰਣ,
ਕੈਰੋਂ : ਪੰਜਾਬ ਸਟੇਟ ਪਾਵਰਕਾਮ ਅਧੀਨ ਕੰਮ ਕਰ ਰਹੇ ਆਊਟਸੋਰਸ ਮੀਟਰ ਰੀਡਰਾਂ ਅਤੇ ਸੁਪਰਵਾਈਜ਼ਰਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਡਵੀਜ਼ਨ ਪ੍ਰਧਾਨ ਅਮਨਦੀਪ ਸਿੰਘ ਦੀ ਅਗਵਾਈ ਹੇਠ ਪਾਵਰਕਾਮ ਦੇ ਐਕਸੀਅਨ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਦੌਰਾਨ ਕਰਮਚਾਰੀਆਂ ਨੇ ਐਲਾਨ ਕੀਤਾ ਕਿ ਜਦ ਤਕ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ, ਉਹ ਬਿਲਿੰਗ ਅਤੇ ਮੀਟਰ ਰੀਡਿੰਗ ਦਾ ਕੰਮ ਪੂਰੀ ਤਰ੍ਹਾਂ ਬੰਦ ਰੱਖਣਗੇ।
ਡਵੀਜ਼ਨ ਪ੍ਰਧਾਨ ਅਮਨਦੀਪ ਸਿੰਘ ਨੇ ਕਿਹਾ ਕਿ ਮੀਟਰ ਰੀਡਰ ਅਤੇ ਸੁਪਰਵਾਈਜ਼ਰ ਕਈ ਸਾਲਾਂ ਤੋਂ ਨਿਗੂਣੀਆਂ ਤਨਖਾਹਾਂ ‘ਤੇ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕਰਮਚਾਰੀਆਂ ਨੂੰ ਇਹ ਆਸ ਸੀ ਕਿ ਪੰਜਾਬ ਸਰਕਾਰ ਅਤੇ ਪਾਵਰਕਾਮ ਮਹਿਕਮਾ ਉਨ੍ਹਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰੇਗਾ, ਪਰ ਅਜੇ ਤਕ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ।
ਉਨ੍ਹਾਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਮਹਿਕਮੇ ਵੱਲੋਂ ਵੱਖ-ਵੱਖ ਪੱਤਰਾਂ ਅਤੇ ਮੈਮੋ ਨੰਬਰਾਂ ਰਾਹੀਂ ਇਹ ਭਰੋਸਾ ਦਿੱਤਾ ਗਿਆ ਸੀ ਕਿ ਆਊਟਸੋਰਸ ਪਾਲਿਸੀ ਤਹਿਤ ਮੀਟਰ ਰੀਡਰਾਂ ਅਤੇ ਸੁਪਰਵਾਈਜ਼ਰਾਂ ਨੂੰ ਰੈਗੂਲਰ ਕੀਤਾ ਜਾਵੇਗਾ। ਇਸ ਸਬੰਧੀ ਜਾਰੀ ਪੱਤਰ ਦਾ ਵੀ ਹਵਾਲਾ ਦਿੱਤਾ ਗਿਆ, ਪਰ ਅਜੇ ਤਕ ਉਨ੍ਹਾਂ ਦੀਆਂ ਸੇਵਾਵਾਂ ਨੂੰ ਪੱਕਾ ਨਹੀਂ ਕੀਤਾ ਗਿਆ।
ਮੀਟਰ ਰੀਡਰਾਂ ਨੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਵਰਕ ਆਰਡਰ ਮੁਤਾਬਿਕ ਤਨਖਾਹ ਨਹੀਂ ਦਿੱਤੀ ਜਾ ਰਹੀ ਅਤੇ ਨਾ ਹੀ ਸਮੇਂ ਸਿਰ ਭੁਗਤਾਨ ਕੀਤਾ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਈਐੱਸਆਈ ਕਟੌਤੀ ਦੇ ਮੁਤਾਬਿਕ ਤਨਖਾਹ ਦੇਣ ਦਾ ਭਰੋਸਾ ਵੀ ਪੂਰਾ ਨਹੀਂ ਕੀਤਾ ਗਿਆ। ਇਸ ਤੋਂ ਇਲਾਵਾ ਸੁਪਰਵਾਈਜ਼ਰਾਂ ਨੂੰ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ, ਜਿਸ ਕਾਰਨ ਉਹ ਆਰਥਿਕ ਅਤੇ ਮਾਨਸਿਕ ਤੌਰ ‘ਤੇ ਬਹੁਤ ਪ੍ਰੇਸ਼ਾਨ ਹਨ।
ਅਮਨਦੀਪ ਸਿੰਘ ਨੇ ਕਿਹਾ ਕਿ ਲਗਾਤਾਰ ਘੱਟ ਤਨਖਾਹਾਂ ਅਤੇ ਕੰਪਨੀਆਂ ਰਾਹੀਂ ਹੋ ਰਹੇ ਸ਼ੋਸ਼ਣ ਕਾਰਨ ਕਰਮਚਾਰੀ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਚੰਗੀ ਤਰ੍ਹਾਂ ਨਹੀਂ ਕਰ ਸਕਦੇ। ਉਨ੍ਹਾਂ ਨੇ ਮੰਗ ਕੀਤੀ ਕਿ ਜਿਸ ਪਾਲਿਸੀ ਤਹਿਤ ਸੀਐੱਚਬੀ ਅਤੇ ਸੀਐੱਚਡਬਲਿਯੂ ਕਰਮਚਾਰੀਆਂ ਨੂੰ ਮਹਿਕਮੇ ਅਧੀਨ ਲਿਆਂਦਾ ਗਿਆ ਹੈ, ਉਸੇ ਤਰ੍ਹਾਂ ਮੀਟਰ ਰੀਡਰਾਂ ਅਤੇ ਸੁਪਰਵਾਈਜ਼ਰਾਂ ਨੂੰ ਵੀ ਮਹਿਕਮੇ ਅਧੀਨ ਲਿਆ ਕੇ ਰੈਗੂਲਰ ਕੀਤਾ ਜਾਵੇ। ਉਨ੍ਹਾਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ 31 ਮਈ ਤਕ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਮੀਟਰ ਰੀਡਿੰਗ ਅਤੇ ਬਿਲਿੰਗ ਦਾ ਕੰਮ ਬੰਦ ਰਹਿਣ ਕਾਰਨ ਖਪਤਕਾਰਾਂ ਨੂੰ ਕੋਈ ਨੁਕਸਾਨ ਹੁੰਦਾ ਹੈ, ਤਾਂ ਇਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਅਤੇ ਮਹਿਕਮੇ ਦੀ ਹੋਵੇਗੀ।
ਇਸ ਮੌਕੇ ਅਮਨਪ੍ਰੀਤ ਸਿੰਘ, ਕਮਲਦੀਪ ਸਿੰਘ, ਹਜ਼ੂਰਾ ਸਿੰਘ, ਅੰਗਰੇਜ ਸਿੰਘ, ਗੁਰਪ੍ਰੀਤ ਸਿੰਘ, ਕਵਲਬੀਰ ਸਿੰਘ, ਕਰਮਦੀਪ ਸਿੰਘ, ਜਗਜੀਤ ਸਿੰਘ, ਬਲਰਾਜ ਸਿੰਘ, ਸਿਮਰਨਪ੍ਰੀਤ ਸਿੰਘ, ਸੰਦੀਪ ਸਿੰਘ, ਨਿਸ਼ਾਨ ਸਿੰਘ ਅਤੇ ਸੰਦੀਪ ਸਿੰਘ ਪੱਟੀ ਸਮੇਤ ਹੋਰ ਕਰਮਚਾਰੀ ਵੀ ਹਾਜ਼ਰ ਸਨ।