ਐੱਨਪੀਐੱਸ ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਕੀਤਾ ਅਨੋਖਾ ਪ੍ਰਦਰਸ਼ਨ
ਐੱਨਪੀਐੱਸ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਕੀਤਾ ਅਨੋਖਾ ਪ੍ਰਦਰਸ਼ਨ
Publish Date: Thu, 28 May 2026 04:32 PM (IST)
Updated Date: Thu, 28 May 2026 04:34 PM (IST)

ਪੱਤਰ ਪ੍ਰੇਰਕ•ਪੰਜਾਬੀ ਜਾਗਰਣ, ਤਰਨਤਾਰਨ ਪੰਜਾਬ ਸਰਕਾਰ ਦੇ ਲਾਰਿਆਂ ਤੋਂ ਅੱਕੇ ਪੂਰੇ ਪੰਜਾਬ ਦੇ 2004 ਤੋਂ ਬਾਅਦ ਭਰਤੀ ਐੱਨਪੀਐੱਸ ਕਰਮਚਾਰੀਆਂ ਨੇ ਲੰਬੇ ਸਮੇਂ ਤੋਂ ਇਸ ਮੁੱਦੇ ’ਤੇ ਸੰਘਰਸ਼ ਕਰ ਰਹੀਆਂ ਤਿੰਨ ਜਥੇਬੰਦੀਆਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ, ਸੀਪੀਐੱਫ਼ ਕਰਮਚਾਰੀ ਯੂਨੀਅਨ ਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਦੇ ਆਗੂਆਂ ਜਰਨੈਲ ਸਿੰਘ ਪੱਟੀ, ਬਲਜੀਤ ਸਿੰਘ ਟੌਮ, ਕੁਲਵਿੰਦਰ ਸਿੰਘ, ਪ੍ਰਭਜੋਤ ਸਿੰਘ ਗੋਹਲਵੜ੍ਹ, ਸਰਬਜੀਤ ਸਿੰਘ ਨੇ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਦੇ ਬੈਨਰ ਹੇਠ ਸਰਕਾਰ ਵਿਰੁੱਧ ਨਵੇਕਲੇ ਢੰਗ ਨਾਲ ਵਿਰੋਧ ਕਰਦਿਆਂ ‘ਮੱਝ ਅੱਗੇ ਬੀਨ ਵਜਾ ਕੇ’ ਰੋਸ ਪ੍ਰਦਰਸ਼ਨ ਕੀਤਾ। ਇਸ ਸਬੰਧੀ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਬਹਾਲੀ ਦੇ ਆਪਣੇ ਚੋਣ ਵਾਅਦੇ ਤੋਂ ਭੱਜ ਗਈ ਹੈ ਤੇ ਚਾਰ ਸਾਲ ਬੀਤ ਜਾਣ ਬਾਅਦ ਵੀ ਆਪਣਾ ਹੀ ਪੁਰਾਣੀ ਪੈਨਸ਼ਨ ਬਹਾਲੀ ਦਾ 18 ਨਵੰਬਰ 2022 ਦਾ ਨੋਟੀਫਿਕੇਸ਼ਨ ਲਾਗੂ ਕਰਨਾ ਭੁੱਲ ਗਈ ਹੈ। ਸਰਕਾਰ ਦੀ ਵਾਅਦਾ ਖਿਲਾਫੀ ਦੇ ਰੋਸ ਵਜੋਂ ਮੰਚ ਨੇ ਫੈਸਲੇ ਅਨੁਸਾਰ 28 ਮਈ ਨੂੰ ਮੁੱਖ ਮੰਤਰੀ ਦੇ ਪੋਸਟਰ ਅੱਗੇ ਬੀਨ ਵਜਾ ਕੇ ਪ੍ਰਦਰਸ਼ਨ ਕੀਤਾ। ਜ਼ਿਲ੍ਹਾ ਤਰਨਤਾਰਨ ਦੇ ਆਗੂਆਂ ਨੇ ਦੱਸਿਆ ਕਿ ਸਰਕਾਰ ਹੁਣ ਮੁਲਾਜ਼ਮ ਮੰਗਾਂ ਨੂੰ ਅਣਗੋਲਿਆ ’ਤੇ ਲਗਾਤਾਰ ਅਣਡਿੱਠ ਕਰ ਰਹੀ ਹੈ। ਇਹ ਪਹਿਲੀ ਸਰਕਾਰ ਹੈ ਜੋ ਮੁਲਾਜ਼ਮਾਂ ਦੇ ਹੱਕ ’ਚ ਖੜ੍ਹਨ ਦੀ ਬਜਾਏ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੇ ਖਿਲਾਫ ਕੋਰਟਾਂ ’ਚ ਜਾ ਕੇ ਲੰਬੇ ਸੰਘਰਸ਼ ਤੋਂ ਬਾਅਦ ਪ੍ਰਾਪਤ ਹੱਕ ਕੁਚਲ ਰਹੀ ਹੈ ਅਤੇ ਮੁਲਾਜ਼ਮਾਂ ਨਾਲ ਕੀਤੇ ਚੋਣ ਵਾਇਦੇ ਪੂਰੇ ਨਹੀਂ ਕੀਤੇ ਅਤੇ ਜੋ ਹੱਕ ਲੰਬੇ ਸਘੰਰਸ਼ਾਂ ਤੋਂ ਬਾਅਦ ਮੁਲਾਜ਼ਮਾਂ ਨੂੰ ਮਿਲੇ ਸਨ ਉਨ੍ਹਾਂ ਨੂੰ ਵੀ ਖੋਹਣ ਦੇ ਰਾਹ ਤੁਰ ਪਈ ਹੈ। ਉਨ੍ਹਾਂ ਨੇ ਦੱਸਿਆ ਕਿ 4 ਜੁਲਾਈ ਨੂੰ ਮੋਗਾ ਵਿਖੇ ਕਨਵੈਨਸ਼ਨ ਕੀਤੀ ਜਾਵੇਗੀ ਤੇ ਇਸ ਕਨਵੈਨਸ਼ਨ ਵਿਚ ਮੁੱਖ ਮੰਤਰੀ ਤੇ ਵਿੱਤ ਮੰਤਰੀ ਨੂੰ ਵਿਸ਼ੇਸ਼ ਸੱਦਾ ਦਿੱਤਾ ਜਾਵੇਗਾ ਤੇ ਉਨ੍ਹਾਂ ਦੀਆਂ ਕੁਰਸੀਆਂ ਵੀ ਲਗਾਈਆਂ ਜਾਣਗੀਆਂ, ਤਾਂ ਕਿ ਉਹ ਮੁਲਾਜ਼ਮਾਂ ਦੇ ਭਖਦੇ ਮਸਲਿਆਂ ’ਤੇ ਆਪਣੇ ਵਿਚਾਰ ਸਾਂਝੇ ਕਰਨ। ਜੇਕਰ ਮੁੱਖ ਮੰਤਰੀ ਇਸ ਕਨਵੈਨਸ਼ਨ ਵਿਚ ਨਾ ਆਏ ਤਾਂ 23 ਅਗਸਤ ਨੂੰ ਪਿੰਡ ਸਤੌਜ ਵਿਖੇ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਵਲੋਂ ਮਹਾਂ ਰੈਲੀ ਕੀਤੀ ਜਾਵੇਗੀ। ਜਿਸ ਸਬੰਧੀ ਕਰਮਚਾਰੀਆਂ ਨੇ ਆਪਣੀਆਂ ਬਲਾਕ ਪੱਧਰੀ ਤੋਂ ਤਿਆਰੀਆਂ ਵਿੱਢ ਦਿੱਤੀਆਂ ਹਨ। ਇਸ ਮੌਕੇ ਸੁਖਦੇਵ ਰਾਜ ਪੱਟੀ, ਜੋਗਾ ਸਿੰਘ, ਅੰਮ੍ਰਿਤਪਾਲ ਸਿੰਘ ਬਾਕੀਪੁਰ, ਕੁਲਵਿੰਦਰਜੀਤ ਸਿੰਘ, ਮਨਜਿੰਦਰ ਸਿੰਘ, ਰਜੇਸ਼ ਸ਼ਰਮਾ, ਸਤਨਾਮ ਸਿੰਘ ਸਿੱਧੂ, ਬਲਵਿੰਦਰ ਸਿੰਘ ਸੀਐੱਚਸੀ ਨੌਸ਼ਹਿਰਾ ਪੰਨੂਆ, ਇੰਦਰ ਬਲਰਾਜ ਕੌਰ, ਸੁਖਵਿੰਦਰ ਕੌਰ, ਕਿਰਨਪ੍ਰੀਤ ਕੌਰ ਜੌੜਾ, ਮਨਜੀਤ ਸਿੰਘ, ਚਰਨਜੀਤ ਸਿੰਘ ਧੂੰਦਾ, ਗੁਰਸੇਵਕ ਸਿੰਘ, ਕਵਰਦੀਪ ਸਿੰਘ ਢਿੱਲੋ, ਰਾਜਬੀਰ ਕੌਰ, ਗੁਰਸਾਬ ਸਿੰਘ, ਯਾਦਵਿੰਦਰ ਸਿੰਘ ਅਰੁਣ ਸ਼ਰਮਾ, ਸੁਪਰਡੈਂਟ ਰਘਬੀਰ ਸਿੰਘ, ਮਸੀਹ, ਜਗਰੂਪ ਸਿੰਘ, ਡਾਕਟਰ ਇੰਦਰਪ੍ਰੀਤ ਸਿੰਘ ਧਾਮੀ, ਗੁਲਬਾਗ ਸਿੰਘ, ਕਾਰਜ ਸਿੰਘ, ਗੁਰਵਿੰਦਰਪਾਲ ਸਿੰਘ, ਬਰਜਿੰਦਰ ਸਿੰਘ, ਜਤਿੰਦਰ ਸਿੰਘ, ਸੁਖਜਿੰਦਰ ਸਿੰਘ ਆਦਿ ਹਾਜਰ ਸਨ।