ਪੈਟਰੋਲ ਡੀਜ਼ਲ ਦੀਆਂ ਕੀਮਤਾਂ ’ਚ ਬੇਤਹਾਸ਼ੇ ਵਾਧੇ ਦੇ ਵਿਰੋਧ ’ਚ ਕਾਂਗਰਸ ਪਾਰਟੀ ਅੱਜ ਕਰੇਗੀ ਵਿਸ਼ਾਲ ਰੋਸ ਮਾਰਚ
ਪੈਟਰੋਲ ਡੀਜ਼ਲ ਦੀਆਂ ਕੀਮਤਾਂ ’ਚ ਬੇਤਹਾਸ਼ੇ ਵਾਧੇ ਦੇ ਵਿਰੋਧ ਵਿਚ ਕਾਂਗਰਸ ਪਾਰਟੀ ਅੱਜ ਕਰੇਗੀ ਵਿਸ਼ਾਲ ਰੋਸ ਮਾਰਚ
Publish Date: Fri, 29 May 2026 07:19 PM (IST)
Updated Date: Fri, 29 May 2026 07:23 PM (IST)

- ਮੋਦੀ ਸਰਕਾਰ ਨੇ ਸਿਰਫ਼ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਵਾਲੀਆਂ ਨੀਤੀਆਂ ਲਾਗੂ ਕੀਤੀਆਂ : ਰਾਜਬੀਰ ਭੁੱਲਰ ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਹੋ ਰਹੇ ਭਾਰੀ ਵਾਧੇ ਅਤੇ ਦੇਸ਼ ਦੀ ਡਗਮਗਾਉਂਦੀ ਆਰਥਿਕ ਵਿਵਸਥਾ ਦੇ ਖ਼ਿਲਾਫ਼ ਲੋਕ ਸਭਾ ਵਿਰੋਧੀ ਧਿਰ ਨੇਤਾ ਰਾਹੁਲ ਗਾਂਧੀ, ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਿਯਮਾਂ ਤਹਿਤ ਜ਼ਿਲ੍ਹਾ ਕਾਂਗਰਸ ਕਮੇਟੀ ਵੱਲੋਂ 30 ਮਈ ਸ਼ਾਮ 5 ਵਜੇ ਰੋਹੀ ਪੁਲ ਨਜ਼ਦੀਕ ਸਿਵਲ ਹਸਪਤਾਲ ਤਰਨਤਾਰਨ ਤੋਂ ਕੇਂਦਰ ਸਰਕਾਰ ਵਿਰੁੱਧ ਵਿਸ਼ਾਲ ਰੋਸ ਮਾਰਚ ਕੱਢਿਆ ਜਾ ਰਿਹਾ ਹੈ। ਇਸ ਸਬੰਧੀ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਅਤੇ ਘਟੀਆ ਨੀਤੀਆਂ ਕਾਰਨ ਆਮ ਜਨਤਾ ਮਹਿੰਗਾਈ ਦੇ ਬੋਝ ਹੇਠ ਦੱਬਦੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਕ ਪਾਸੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ, ਦੂਜੇ ਪਾਸੇ ਰੋਜ਼ਾਨਾ ਵਰਤੋਂ ਵਾਲੀਆਂ ਵਸਤੂਆਂ ਦੀਆਂ ਕੀਮਤਾਂ ਵੀ ਆਸਮਾਨ ਛੂੰਹ ਰਹੀਆਂ ਹਨ। ਕੇਂਦਰ ਸਰਕਾਰ ਦੀਆਂ ਗਲਤ ਆਰਥਿਕ ਨੀਤੀਆਂ ਕਾਰਨ ਦੇਸ਼ ਦੀ ਆਰਥਿਕਤਾ ਖਤਰੇ ਵਿਚ ਪੈ ਗਈ ਹੈ ਅਤੇ ਹਰ ਵਰਗ-ਕਿਸਾਨ, ਮਜ਼ਦੂਰ, ਵਪਾਰੀ ਅਤੇ ਨੌਜਵਾਨ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਭਾਜਪਾ ਸਰਕਾਰ ਨੇ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਸਿਰਫ਼ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਵਾਲੀਆਂ ਨੀਤੀਆਂ ਬਣਾਈਆਂ ਹਨ। ਬੇਰੁਜ਼ਗਾਰੀ ਲਗਾਤਾਰ ਵੱਧ ਰਹੀ ਹੈ, ਛੋਟੇ ਕਾਰੋਬਾਰ ਬੰਦ ਹੋ ਰਹੇ ਹਨ ਅਤੇ ਆਮ ਵਿਅਕਤੀ ਦੀ ਆਮਦਨ ਦਿਨੋਂ ਦਿਨ ਘੱਟਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਹਟਾਉਣ ਲਈ ਸਿਰਫ਼ ਝੂਠੇ ਪ੍ਰਚਾਰ ਅਤੇ ਭਾਵਨਾਤਮਕ ਮੁੱਦਿਆਂ ਦੀ ਰਾਜਨੀਤੀ ਕਰ ਰਹੀ ਹੈ। ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਜ਼ਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕਿਆਂ ਦੇ ਇੰਚਾਰਜ, ਬਲਾਕ ਪ੍ਰਧਾਨ, ਸਮੂਹ ਕਾਂਗਰਸੀ ਵਰਕਰਾਂ, ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਵਿਸ਼ਾਲ ਰੋਸ ਮਾਰਚ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ਼ ਆਪਣੀ ਆਵਾਜ਼ ਬੁਲੰਦ ਕਰਨ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੇ ਹੱਕਾਂ ਲਈ ਹਰ ਪੱਧਰ ’ਤੇ ਸੰਘਰਸ਼ ਕਰਦੀ ਰਹੇਗੀ।