- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਸ਼ਵ ਵਾਤਾਵਰਨ ਦਿਵਸ ਮੌਕੇ ਸੈਂਟਰਲ ਕਾਨਵੈਂਟ ਸਕੂਲ ਪੱਟੀ ’ਚ ਲਗਾਏ ਗਏ ਪੌਦੇ

ਬੱਲੂ ਮਹਿਤਾ•, ਪੰਜਾਬੀ ਜਾਗਰਣ,
ਪੱਟੀ : ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਵਿਸ਼ਵ ਵਾਤਾਵਰਨ ਦਿਵਸ ਪੂਰੇ ਉਤਸ਼ਾਹ ਅਤੇ ਸਮਰਪਣ ਭਾਵਨਾ ਨਾਲ ਮਨਾਇਆ ਗਿਆ। ਸਕੂਲ ਦੀ ਮੈਨੇਜਿੰਗ ਡਾਇਰੈਕਟਰ ਕਮ ਪ੍ਰਿੰਸੀਪਲ ਡਾ. ਮਰਿਦੁਲਾ ਭਾਰਦਵਾਜ ਦੀ ਅਗਵਾਈ ਹੇਠ ਸਕੂਲ ਕੈਂਪਸ ਵਿਚ ਛਾਂਦਾਰ, ਫ਼ਲਦਾਰ ਅਤੇ ਔਸ਼ਧੀ ਗੁਣਾਂ ਵਾਲੇ ਪੌਦੇ ਲਗਾ ਕੇ ਵਾਤਾਵਰਨ ਸੰਭਾਲ ਦਾ ਸੰਦੇਸ਼ ਦਿੱਤਾ ਗਿਆ।
ਇਸ ਮੌਕੇ ਡਾ. ਮਰਿਦੁਲਾ ਭਾਰਦਵਾਜ ਨੇ ਸਟਾਫ਼ ਮੈਂਬਰਾਂ ਨਾਲ ਮਿਲ ਕੇ ਆਪਣੇ ਹੱਥੀਂ ਪੌਦੇ ਲਗਾਏ ਅਤੇ ਉਨ੍ਹਾਂ ਦੀ ਸੰਭਾਲ ਕਰਨ ਦਾ ਸੰਕਲਪ ਵੀ ਲਿਆ। ਪ੍ਰੋਗਰਾਮ ਵਿਚ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ ਰਿਸੋਰਸ ਪਰਸਨ ਪ੍ਰੋਫੈਸਰ ਵਿਜੇ ਸ਼ਰਮਾ ਨੇ ਵੀ ਪੌਦੇ ਲਗਾ ਕੇ ਇਸ ਮੁਹਿੰਮ ਵਿਚ ਆਪਣਾ ਯੋਗਦਾਨ ਪਾਇਆ।
ਡਾ. ਮਰਿਦੁਲਾ ਭਾਰਦਵਾਜ ਅਤੇ ਸ਼ੁਭੀ ਭਾਰਦਵਾਜ ਨੇ ਕਿਹਾ ਕਿ ਸਕੂਲ ਦਾ ਉਦੇਸ਼ ਸਿਰਫ਼ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਹੀ ਨਹੀਂ, ਸਗੋਂ ਉਨ੍ਹਾਂ ਨੂੰ ਸਮਾਜਿਕ ਅਤੇ ਵਾਤਾਵਰਣਕ ਜ਼ਿੰਮੇਵਾਰੀਆਂ ਪ੍ਰਤੀ ਵੀ ਜਾਗਰੂਕ ਕਰਨਾ ਹੈ। ਉਨ੍ਹਾਂ ਨੇ ਦੱਸਿਆ ਕਿ ਵਿਸ਼ਵ ਵਾਤਾਵਰਨ ਦਿਵਸ ਮਨਾਉਣ ਦਾ ਮਕਸਦ ਇਹ ਹੈ ਕਿ ਵਿਦਿਆਰਥੀਆਂ ਰਾਹੀਂ ਵਾਤਾਵਰਨ ਸੰਭਾਲ ਦਾ ਸੰਦੇਸ਼ ਹਰ ਘਰ ਅਤੇ ਹਰ ਵਿਅਕਤੀ ਤਕ ਪਹੁੰਚੇ, ਤਾਂ ਜੋ ਵੱਧ ਤੋਂ ਵੱਧ ਲੋਕ ਰੁੱਖ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਹੋਣ।
ਸਕੂਲ ਦੇ ਚੇਅਰਮੈਨ ਡਾ. ਰਾਜੇਸ਼ ਭਾਰਦਵਾਜ ਅਤੇ ਡਾਇਰੈਕਟਰ ਸੱਤਿਆਮ ਭਾਰਦਵਾਜ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸੰਯੁਕਤ ਰਾਸ਼ਟਰ ਵੱਲੋਂ ਵਿਸ਼ਵ ਵਾਤਾਵਰਨ ਦਿਵਸ ਮਨਾਉਣ ਦਾ ਮੁੱਖ ਉਦੇਸ਼ ਲੋਕਾਂ ਵਿਚ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਮਨੁੱਖੀ ਜੀਵਨ ਅਤੇ ਪਸ਼ੂ-ਪੰਛੀਆਂ ਦੀ ਸੁਰੱਖਿਆ ਲਈ ਵਾਤਾਵਰਨ ਦਾ ਸੁਰੱਖਿਅਤ ਅਤੇ ਹਰਿਆ-ਭਰਿਆ ਰਹਿਣਾ ਬਹੁਤ ਜ਼ਰੂਰੀ ਹੈ। ਇਸ ਲਈ ਹਰ ਵਿਅਕਤੀ ਨੂੰ ਆਪਣੇ ਫਰਜ਼ ਦੀ ਪਛਾਣ ਕਰਦਿਆਂ ਘੱਟੋ-ਘੱਟ ਇਕ ਪੌਦਾ ਜ਼ਰੂਰ ਲਗਾਉਣਾ ਚਾਹੀਦਾ ਹੈ।
ਉਨ੍ਹਾਂ ਨੇ ਇਹ ਵੀ ਅਪੀਲ ਕੀਤੀ ਕਿ ਲੋਕ ਆਪਣੇ ਜਨਮਦਿਨ, ਵਿਆਹ ਦੀਆਂ ਵਰ੍ਹੇਗੰਢਾਂ ਅਤੇ ਹੋਰ ਖੁਸ਼ੀ ਦੇ ਮੌਕਿਆਂ ਨੂੰ ਪੌਦੇ ਲਗਾ ਕੇ ਮਨਾਉਣ, ਜਿਸ ਨਾਲ ਵਾਤਾਵਰਨ ਦੀ ਰੱਖਿਆ ਵਿਚ ਅਹਿਮ ਯੋਗਦਾਨ ਪਾਇਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਅੱਜ ਵਧ ਰਹੇ ਪ੍ਰਦੂਸ਼ਣ ਕਾਰਨ ਧਰਤੀ ਦੇ ਵਾਤਾਵਰਨ ਨੂੰ ਖ਼ਤਰਾ ਪੈਦਾ ਹੋ ਰਿਹਾ ਹੈ ਅਤੇ ਇਸ ਸਮੱਸਿਆ ਦਾ ਸਭ ਤੋਂ ਪ੍ਰਭਾਵਸ਼ਾਲੀ ਹੱਲ ਵੱਧ ਤੋਂ ਵੱਧ ਰੁੱਖ ਲਗਾਉਣਾ ਹੈ।
ਸਮਾਗਮ ਦੇ ਅੰਤ ਵਿਚ ਸਮੂਹ ਸਟਾਫ਼ ਨੇ ਸੰਕਲਪ ਲਿਆ ਕਿ ਉਹ ਵਿਦਿਆਰਥੀਆਂ ਨੂੰ ਵਾਤਾਵਰਨ ਸੁਰੱਖਿਆ ਪ੍ਰਤੀ ਜਾਗਰੂਕ ਕਰਕੇ ਇਸ ਮੁਹਿੰਮ ਨੂੰ ਹੋਰ ਮਜ਼ਬੂਤ ਬਣਾਉਣਗੇ। ਇਸ ਮੌਕੇ ਵਾਈਸ ਪ੍ਰਿੰਸੀਪਲ ਸੋਨੀਆ ਸ਼ਰਮਾ, ਦਲਜੀਤ ਸਿੰਘ, ਮਨਿੰਦਰ ਕੌਰ, ਰੁਪਿੰਦਰ ਕੌਰ, ਮੰਜੂ ਦੇਵਗਨ ਸਮੇਤ ਸਮੂਹ ਸਟਾਫ਼ ਮੈਂਬਰ ਆਦਿ ਹਾਜ਼ਰ ਸਨ।