ਸ੍ਰੀ ਗੁਰੂ ਅਮਰਦਾਸ ਥਰਮਲ ਪਾਵਰ ਪਲਾਂਟ ’ਚ ਵਰਕਰਾਂ ਨੇ ਸਰਕਾਰ ਖ਼ਿਲਾਫ਼ ਕੀਤਾ ਮੁਜ਼ਾਹਰਾ
ਸ੍ਰੀ ਗੁਰੂ ਅਮਰਦਾਸ ਥਰਮਲ ਪਾਵਰ ਪਲਾਂਟ ’ਚ ਵਰਕਰਾਂ ਨੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ
Publish Date: Fri, 05 Jun 2026 06:44 PM (IST)
Updated Date: Sat, 06 Jun 2026 04:06 AM (IST)

ਨੋਟੀਫਿਕੇਸ਼ਨ ਨਾ ਹੋਇਆ ਤਾਂ 16 ਜੂਨ ਤੋਂ ਮੁਕੰਮਲ ਕੰਮ ਬੰਦ ਕਰਨ ਦਾ ਐਲਾਨ ਗੁਰਬਰਿੰਦਰ ਸਿੰਘ, •ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : ਪਾਵਰਕਾਮ ਅਤੇ ਟਰਾਂਸਕੋ ਆਊਟਸੋਰਸ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਦੇ ਬੈਨਰ ਹੇਠ ਸ੍ਰੀ ਗੁਰੂ ਅਮਰਦਾਸ ਥਰਮਲ ਪਾਵਰ ਪਲਾਂਟ ਵਿਖੇ ਪਾਵਰ ਪਲਾਂਟ ਵਰਕਰ ਯੂਨੀਅਨ ਗੋਇੰਦਵਾਲ ਸਾਹਿਬ ਦੇ ਵਰਕਰਾਂ ਵੱਲੋਂ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਮੁਲਾਜ਼ਮਾਂ ਦਾ ਦੋਸ਼ ਹੈ ਕਿ 24 ਮਈ ਨੂੰ ਬਿਜਲੀ ਮੰਤਰੀ ਦੀ ਅਗਵਾਈ ਹੇਠ ਹੋਈ ਮੀਟਿੰਗ ਵਿਚ ਆਊਟਸੋਰਸ ਕਰਮਚਾਰੀਆਂ ਨੂੰ ਵਿਭਾਗ ’ਚ ਮਰਜ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਪਰ ਅਜੇ ਤਕ ਇਸ ਸਬੰਧੀ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ। ਪਾਵਰਕੌਮ ਟਰਾਂਸਕੋ ਥਰਮਲ ਆਊਟਸੋਰਸ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਤੁਰੰਤ ਨੋਟੀਫਿਕੇਸ਼ਨ ਜਾਰੀ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਜਥੇਬੰਦੀ ਆਗੂਆਂ ਦੱਸਿਆ ਕਿ ਕਮੇਟੀ ਵੱਲੋਂ ਜਾਰੀ ਸੰਘਰਸ਼ ਪ੍ਰੋਗਰਾਮ ਅਨੁਸਾਰ 5 ਜੂਨ ਨੂੰ ਗੁਰੂ ਅਮਰਦਾਸ ਥਰਮਲ ਪਾਵਰ ਪਲਾਂਟ ਵਿਖੇ ਵਰਕਰਾਂ ਨੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਦਫ਼ਤਰਾਂ ਅੱਗੇ 9 ਤੋਂ 15 ਜੂਨ ਤਕ ਪਰਿਵਾਰਾਂ ਸਮੇਤ ਲਗਾਤਾਰ ਧਰਨੇ ਅਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਜਥੇਬੰਦੀ ਆਗੂਆਂ ਨੇ ਐਲਾਨ ਕੀਤਾ ਹੈ ਕਿ ਜੇ ਫਿਰ ਵੀ ਸਰਕਾਰ ਨੇ ਕੋਈ ਕਾਰਵਾਈ ਨਾ ਕੀਤੀ ਤਾਂ 16 ਜੂਨ ਤੋਂ ਪੰਜਾਬ ਭਰ ਵਿਚ ਆਊਟਸੋਰਸ ਕਰਮਚਾਰੀ ਮੁਕੰਮਲ ਕੰਮ ਬੰਦ ਕੀਤਾ ਜਾਵੇਗਾ, ਜਿਸ ਦਾ ਅਸਰ ਬਿਜਲੀ ਸੇਵਾਵਾਂ ’ਤੇ ਵੀ ਪੈ ਸਕਦਾ ਹੈ। ਇਸ ਮੌਕੇ ਜਥੇਬੰਦੀ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਢਿੱਲੋਂ ਨੇ ਕਿਹਾ ਕਿ ਸਾਲਾਂ ਤੋਂ ਵਿਭਾਗ ਦੀ ਰੀੜ੍ਹ ਦੀ ਹੱਡੀ ਬਣੇ ਆਊਟਸੋਰਸ ਕਰਮਚਾਰੀਆਂ ਨਾਲ ਸਰਕਾਰ ਵੱਲੋਂ ਵਾਅਦੇ ਤਾਂ ਕੀਤੇ ਜਾ ਰਹੇ ਹਨ, ਪਰ ਉਨ੍ਹਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਡਿੱਠਾ ਕੀਤਾ, ਤਾਂ ਸੰਘਰਸ਼ ਹੋਰ ਵੀ ਤਿੱਖਾ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਅਤੇ ਮੈਨੇਜਮੈਂਟ ਦੀ ਹੋਵੇਗੀ। ਇਸ ਮੌਕੇ ਯੂਨੀਅਨ ਦੇ ਵਾਈਸ ਪ੍ਰਧਾਨ ਜਸਵਿੰਦਰ ਸਿੰਘ ਬਾਜਵਾ, ਜਨਰਲ ਸਕੱਤਰ ਅਮਰਦੀਪ ਸਿੰਘ ਚਹਿਲ, ਖਜ਼ਾਨਚੀ ਤਰਸੇਮ ਸਿੰਘ, ਸੰਜੀਵ ਕੁਮਾਰ ਅਗਨੀਹੋਤਰੀ, ਪ੍ਰੈੱਸ ਸਕੱਤਰ ਅਮਰੀਕ ਸਿੰਘ, ਮੈਂਬਰ ਰਣਜੀਤ ਸ਼ਰਮਾ, ਰਣਜੀਤ ਸਿੰਘ, ਗੁਰਪ੍ਰੀਤ ਸਿੰਘ, ਪਰਮਿੰਦਰ ਸਿੰਘ, ਅੰਗਰੇਜ ਸਿੰਘ, ਗੁਰਮੀਤ ਸਿੰਘ, ਰਾਜਵਿੰਦਰ ਸਿੰਘ ਮਿੱਠਾ, ਗੁਰਪ੍ਰੀਤ ਸਿੰਘ, ਅਕਾਸ਼ਦੀਪ ਸਿੰਘ, ਮਨਪ੍ਰੀਤ ਸਿੰਘ, ਬਲਵਿੰਦਰ ਸਿੰਘ, ਤੇ ਪਲਾਟ ਦੇ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ।