- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ‘ਚ ‘ਵਿਸ਼ਵ ਵਾਤਾਵਰਨ ਦਿਵਸ’ ਉਤਸ਼ਾਹ ਨਾਲ ਮਨਾਇਆ

ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ ਖਡੂਰ ਸਾਹਿਬ ਵਿਖੇ ਸੰਸਥਾ ਦੇ ਈਕੋ ਕਲੱਬ ਵੱਲੋਂ ਨਿਸ਼ਾਨ-ਏ-ਸਿੱਖੀ ਚੈਰੀਟੇਬਲ ਟਰੱਸਟ ਖਡੂਰ ਸਾਹਿਬ ਦੇ ਸਹਿਯੋਗ ਨਾਲ ਵਿਸ਼ਵ ਵਾਤਾਵਰਣ ਦਿਵਸ ਬੜੇ ਉਤਸ਼ਾਹ ਅਤੇ ਜਾਗਰੂਕਤਾ ਭਰੇ ਮਾਹੌਲ ਵਿਚ ਮਨਾਇਆ ਗਿਆ। ਇਸ ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਵਿਚ ਵਾਤਾਵਰਣ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਪ੍ਰੇਰਿਤ ਕਰਨਾ ਸੀ। ਵਾਤਾਵਰਣ ਦਿਵਸ ਦੇ ਮੌਕੇ ਅਸਿਸਟੈਂਟ ਪ੍ਰੋ. ਗਗਨਦੀਪ ਕੌਰ ਦੀ ਅਗਵਾਈ ਅਧੀਨ ਵਿਦਿਆਰਥੀਆਂ ਵੱਲੋਂ ਆਪਣੇ ਘਰਾਂ ਵਿਚ ਘੱਟੋਂ-ਘੱਟ ਪੰਜ-ਪੰਜ ਬੂਟੇ ਲਾਏ ਗਏ। ਵਿਦਿਆਰਥੀਆਂ ਨੇ ਤੁਲਸੀ, ਪੁਦੀਨਾ, ਨਿੰਮ, ਆਂਵਲਾ, ਐਲੋਵੀਰਾ, ਸੁਹੰਜਣਾ, ਕੜੀ ਪੱਤਾ, ਗਿਲੋਏ, ਅਸ਼ਵਗੰਧਾ, ਹਰੜ, ਬਹੇੜਾ, ਲੈਮਨ ਗ੍ਰਾਸ, ਧਨੀਆ, ਮਿਰਚ ਅਤੇ ਹੋਰ ਲਾਭਕਾਰੀ ਬੂਟੇ ਆਪਣੇ ਘਰਾਂ ਵਿਚ ਲਗਾਏ।
ਇਨ੍ਹਾਂ ਬੂਟਿਆਂ ਨੂੰ ਲਗਾਉਣ ਦਾ ਮੁੱਖ ਉਦੇਸ਼ ਵਾਤਾਵਰਣ ਦੀ ਸ਼ੁੱਧਤਾ ਨੂੰ ਉਤਸ਼ਾਹਿਤ ਕਰਨਾ, ਹਰਿਆਲੀ ਵਿਚ ਵਾਧਾ ਕਰਨਾ, ਔਸ਼ਧੀ ਅਤੇ ਪੌਸ਼ਟਿਕ ਗੁਣਾਂ ਵਾਲੇ ਪੌਦਿਆਂ ਦੀ ਮਹੱਤਤਾ ਨੂੰ ਸਮਝਣਾ ਅਤੇ ਵਿਦਿਆਰਥੀਆਂ ਵਿਚ ਕੁਦਰਤ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਵਿਕਸਿਤ ਕਰਨਾ ਸੀ। ਇਸ ਉਪਰਾਲੇ ਰਾਹੀਂ ਵਿਦਿਆਰਥੀਆਂ ਨੇ ਵਾਤਾਵਰਣ ਸੁਰੱਖਿਆ ਪ੍ਰਤੀ ਆਪਣੀ ਸਰਗਰਮ ਭਾਗੀਦਾਰੀ ਦਾ ਪ੍ਰਗਟਾਵਾ ਕੀਤਾ ਅਤੇ ਆਪਣੇ ਆਲੇ-ਦੁਆਲੇ ਨੂੰ ਹਰਿਆ-ਭਰਿਆ ਬਣਾਉਣ ਦਾ ਸੰਕਲਪ ਲਿਆ। ਪ੍ਰੋਗਰਾਮ ਦੀ ਸ਼ੁਰੂਆਤ ਮੂਲ ਮੰਤਰ ਦੇ ਜਾਪ ਨਾਲ ਕੀਤੀ ਗਈ। ਸੰਸਥਾ ਦੀਆਂ ਵਿਦਿਆਰਥਣਾਂ ਸਿਮਰਨਜੀਤ ਕੌਰ ਅਤੇ ਪਵਨਦੀਪ ਕੌਰ ਵੱਲੋਂ ਵਾਤਾਵਰਨ ਸੰਭਾਲ ਨਾਲ ਸਬੰਧਿਤ ਪ੍ਰਭਾਵਸ਼ਾਲੀ ਕਵਿਤਾਵਾਂ ਪੇਸ਼ ਕੀਤੀਆਂ ਗਈਆਂ, ਜਦਕਿ ਰਮਨਦੀਪ ਕੌਰ ਅਤੇ ਸੰਦੀਪ ਕੌਰ ਨੇ ‘ਵਿਸ਼ਵ ਵਾਤਾਵਰਨ ਦਿਵਸ’ ਦੀ ਮਹੱਤਤਾ ਨਾਲ ਸਬੰਧਿਤ ਜਾਣਕਾਰੀ ਵਿਦਿਆਰਥੀਆਂ ਨਾਲ ਸਾਂਝੀ ਕੀਤੀ। ਡੀਐੱਲਐੱਡ ਦੇ ਵਿਦਿਆਰਥੀਆਂ ਵੱਲੋਂ ਵਾਤਾਵਰਨ ਸੁਰੱਖਿਆ ਦਾ ਸੰਦੇਸ਼ ਦਿੰਦਾ ‘ਨੁੱਕੜ ਨਾਟਕ’ ਵੀ ਪੇਸ਼ ਕੀਤਾ ਗਿਆ, ਜਿਸ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਣ ਲਈ ਪ੍ਰੇਰਿਤ ਕੀਤਾ। ਸਟੇਜ ਸੰਚਾਲਨ ਦੀ ਜ਼ਿੰਮੇਵਾਰੀ ਵਿਦਿਆਰਥਣਾਂ ਆਤਮਜੀਤ ਕੌਰ ਅਤੇ ਪਵਨਦੀਪ ਕੌਰ ਨੇ ਸੁਚੱਜੇ ਢੰਗ ਨਾਲ ਨਿਭਾਈ। ਸੰਸਥਾ ਦੇ ਪ੍ਰਿੰਸੀਪਲ ਡਾ. ਸਿਮਰਪ੍ਰੀਤ ਕੌਰ ਜੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਵਿਚ ਵਧ ਰਿਹਾ ਪ੍ਰਦੂਸ਼ਣ, ਜੰਗਲਾਂ ਦੀ ਕਟਾਈ ਅਤੇ ਜਲਵਾਯੂ ਪਰਿਵਰਤਨ ਸਮੁੱਚੀ ਮਨੁੱਖਤਾ ਲਈ ਗੰਭੀਰ ਚੁਣੌਤੀਆਂ ਬਣ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸੁਰੱਖਿਆ ਸਿਰਫ਼ ਸਰਕਾਰਾਂ ਜਾਂ ਸੰਸਥਾਵਾਂ ਦੀ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਰੁੱਖ ਲਗਾਉਣ, ਪਲਾਸਟਿਕ ਦੀ ਵਰਤੋਂ ਘਟਾਉਣ, ਪਾਣੀ ਅਤੇ ਊਰਜਾ ਦੀ ਸੰਭਾਲ ਕਰਨ ਅਤੇ ਵਾਤਾਵਰਣ ਪੱਖੀ ਜੀਵਨ-ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ।
ਉਨ੍ਹਾਂ ਇਹ ਵੀ ਕਿਹਾ ਕਿ ਅੱਜ ਦੇ ਵਿਦਿਆਰਥੀ ਹੀ ਭਵਿੱਖ ਦੇ ਅਧਿਆਪਕ ਹਨ, ਇਸ ਲਈ ਉਨ੍ਹਾਂ ਦਾ ਫਰਜ਼ ਬਣਦਾ ਹੈ ਕਿ ਉਹ ਸਮਾਜ ਵਿਚ ਵਾਤਾਵਰਣ ਸੁਰੱਖਿਆ ਸਬੰਧੀ ਜਾਗਰੂਕਤਾ ਫੈਲਾਉਣ ਵਿਚ ਅਹਿਮ ਭੂਮਿਕਾ ਨਿਭਾਉਣ। ਸਮਾਗਮ ਦੇ ਅੰਤ ਵਿਚ ਵਾਤਾਵਰਣ ਦੀ ਰੱਖਿਆ ਲਈ ਸਮੂਹਿਕ ਸੰਕਲਪ ਲਿਆ ਗਿਆ। ਇਸ ਮੌਕੇ ਸੰਸਥਾ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
ਕੈਪਸ਼ਨ : ਵਿਸ਼ਵ ਵਾਤਾਵਰਨ ਦਿਵਸ ਮਨਾਉਣ ਮੌਕੇ ਨੁੱਕੜ ਨਾਟਕ ਪੇਸ਼ ਕਰਦੀਆਂ ਵਿਦਿਆਰਥਣਾਂ।