ਪੰਜਾਬ ਸਰਕਾਰ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਦ੍ਰਿੜ ਸੰਕਲਪ : ਹਰਮੀਤ ਸਿੰਘ ਸੰਧੂ
ਯੁੱਧ ਨਸ਼ਿਆਂ ਵਿਰੁੱਧ ਫੇਜ਼ ਦੋ ਦੇ ਤਹਿਤ ਹਰਮੀਤ ਸਿੰਘ ਸੰਧੂ ਦੀ ਅਗਵਾਈ ਹੇਠ ਹੋਈ ਵਿਸ਼ੇਸ਼ ਬੈਠਕ
Publish Date: Sun, 07 Jun 2026 04:27 PM (IST)
Updated Date: Mon, 08 Jun 2026 04:03 AM (IST)

ਪਿੰਡ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਕਨਵੀਨਰ, ਪ੍ਰਧਾਨ ਅਤੇ ਮੈਂਬਰ ਹੋਏ ਸ਼ਾਮਿਲ ਜਸਪਾਲ ਸਿੰਘ ਜੱਸੀ, •ਪੰਜਾਬੀ ਜਾਗਰਣ, ਤਰਨਤਾਰਨ : ਤਰਨਤਾਰਨ ਵਿਖੇ ਵਿਧਾਇਕ ਹਰਮੀਤ ਸਿੰਘ ਸੰਧੂ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਨਸ਼ਾ ਮੁਕਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਫੇਜ਼-2 ਤਹਿਤ ਵਿਧਾਨ ਸਭਾ ਹਲਕਾ ਤਰਨਤਾਰਨ ਦੀ ਇਕ ਵਿਸ਼ੇਸ਼ ਬੈਠਕ ਕੀਤੀ ਗਈ। ਇਸ ਮੌਕੇ ਨਸ਼ਾ ਮੁਕਤੀ ਯਾਤਰਾ ਨੂੰ ਘਰ-ਘਰ ਤਕ ਪਹੁੰਚਾਉਣ ਲਈ ਸਰਗਰਮ ਪਿੰਡ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਕਨਵੀਨਰਾਂ, ਪ੍ਰਧਾਨਾਂ ਅਤੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਬੈਠਕ ਨੂੰ ਸੰਬੋਧਨ ਕਰਦਿਆਂ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਪੂਰੀ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਜਿਥੇ ਵੱਡੀ ਗਿਣਤੀ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਦੀਆਂ ਸਲਾਖਾਂ ਪਿੱਛੇ ਭੇਜਿਆ ਹੈ, ਉਥੇ ਨਸ਼ੇ ਦੀ ਦਲਦਲ ਵਿਚ ਫਸੇ ਨੌਜਵਾਨਾਂ ਦੇ ਮੁੜ ਵਸੇਬੇ ਲਈ ਵੱਡੇ ਪੱਧਰ ਤੇ ਉਪਰਾਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ ਲੋਕਾਂ, ਖ਼ਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਨਸ਼ਾ ਮੁਕਤ ਜੀਵਨ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਪਿੰਡ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਰਾਂ ਵਿਚ ਵੱਧ ਤੋਂ ਵੱਧ ਲੋਕਾਂ ਨੂੰ ਇਸ ਮੁਹਿੰਮ ਨਾਲ ਜੋੜਨ ਅਤੇ ਨਸ਼ਾ ਮੁਕਤੀ ਦੇ ਸੰਦੇਸ਼ ਨੂੰ ਹਰ ਘਰ ਤਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਉਣ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਸਰਕਾਰ ਜਾਂ ਪ੍ਰਸ਼ਾਸਨ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਮਾਜ ਦੇ ਹਰੇਕ ਵਰਗ ਦਾ ਸਹਿਯੋਗ ਮਿਲੇ, ਤਾਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਟੀਚਾ ਜਲਦ ਹਾਸਿਲ ਕੀਤਾ ਜਾ ਸਕਦਾ ਹੈ। ਇਸ ਮੌਕੇ ਹੋਰਨਾਂ ਬੁਲਾਰਿਆਂ ਨੇ ਵੀ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈਆਂ ਜਾ ਰਹੀਆਂ ਕਾਰਵਾਈਆਂ ਅਤੇ ਜਾਗਰੂਕਤਾ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਐੱਸਡੀਐੱਮ ਤਰਨਤਾਰਨ ਡਾ. ਕਰਨਵੀਰ ਸਿੰਘ, ਡੀਐੱਸਪੀ ਸਿਟੀ ਸੁਖਬੀਰ ਸਿੰਘ, ਸਾਬਕਾ ਪ੍ਰਧਾਨ ਨਗਰ ਕੌਂਸਲ ਭੁਪਿੰਦਰ ਸਿੰਘ ਖੇੜਾ, ਕੌਂਸਲਰ ਸਰਬਰਿੰਦਰ ਸਿੰਘ ਭਰੋਵਾਲ, ਚੇਅਰਮੈਨ ਮਾਰਕੀਟ ਕਮੇਟੀ ਬਲਵਿੰਦਰ ਸਿੰਘ ਰੰਧਾਵਾ, ਨਸ਼ਾ ਮੁਕਤੀ ਮੋਰਚਾ ਦੇ ਕੋਆਰਡੀਨੇਟਰ ਕੁਲਦੀਪ ਸਿੰਘ ਢਿੱਲੋਂ, ਕੌਂਸਲਰ ਯਾਦਵਿੰਦਰ ਸਿੰਘ ਯਾਦੂ, ਜਸਕਰਨ ਸਿੰਘ, ਗੁਰਪ੍ਰੀਤ ਸਿੰਘ ਗੋਲਡੀ ਤੋਂ ਇਲਾਵਾ ਕਰਨੈਲ ਸਿੰਘ, ਜਰਨੈਲ ਸਿੰਘ, ਅੰਜੂ ਵਰਮਾ, ਗੁਰਨਾਮ ਸਿੰਘ ਜੌਹਲ ਰਾਜੂ ਸਿੰਘ ਵਾਲਾ ਅਤੇ ਹੋਰ ਸ਼ਖਸੀਅਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ।