ਬੇਰੁਜ਼ਗਾਰਾਂ ਨੂੰ ਕੁੱਟੋ ਨਾ, ਰੁਜ਼ਗਾਰ ਦਿਓ : ਕੁੱਲ ਹਿੰਦ ਕਿਸਾਨ ਸਭਾ
ਬੇਰੁਜ਼ਗਾਰ ਲਾਈਨਮੈਨਾਂ ’ਤੇ ਲਾਠੀਚਾਰਜ ਦੀ ਤਿੱਖੀ ਨਿੰਦਾ
Publish Date: Sun, 07 Jun 2026 07:21 PM (IST)
Updated Date: Mon, 08 Jun 2026 04:08 AM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਕੁੱਲ ਹਿੰਦ ਕਿਸਾਨ ਸਭਾ ਤਰਨਤਾਰਨ ਦੇ ਆਗੂਆਂ ਮਹਾਂਬੀਰ ਸਿੰਘ ਗਿੱਲ, ਪੂਰਨ ਸਿੰਘ ਮਾੜੀਮੇਘਾ, ਬਲਕਾਰ ਸਿੰਘ ਵਲਟੋਹਾ ਅਤੇ ਗੁਰਪ੍ਰੀਤ ਸਿੰਘ ਗੰਡੀਵਿੰਡ ਨੇ ਪਟਿਆਲਾ ਵਿਖੇ ਬੇਰੁਜ਼ਗਾਰ ਅਪਰੈਂਟਿਸ ਲਾਈਨਮੈਨਾਂ ’ਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਅਤੇ ਕਥਿਤ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।
ਉਕਤ ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਰੁਜ਼ਗਾਰ ਦੀ ਮੰਗ ਕਰ ਰਹੇ ਨੌਜਵਾਨਾਂ ਨੂੰ ਲਾਠੀਆਂ ਨਾਲ ਦਬਾਉਣ ਦੀ ਬਜਾਏ ਉਨ੍ਹਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣੇ ਚਾਹੀਦੇ ਹਨ, ਤਾਂ ਜੋ ਉਹ ਸੂਬੇ ਅਤੇ ਦੇਸ਼ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾ ਸਕਣ। ਉਨ੍ਹਾਂ ਕਿਹਾ ਕਿ ਪਟਿਆਲਾ ਵਿਚ ਜੋ ਕੁਝ ਵਾਪਰਿਆ ਹੈ, ਉਹ ਲੋਕਤੰਤਰਿਕ ਕਦਰਾਂ-ਕੀਮਤਾਂ ਦੇ ਉਲਟ ਹੈ ਅਤੇ ਸ਼ਾਂਤਮਈ ਢੰਗ ਨਾਲ ਆਪਣੀ ਮੰਗ ਰੱਖ ਰਹੇ ਨੌਜਵਾਨਾਂ ’ਤੇ ਬਲ ਪ੍ਰਯੋਗ ਕਿਸੇ ਵੀ ਹਾਲਤ ਵਿਚ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ।
ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਪੁਲਿਸ ਦੇ ਇਕ ਉੱਚ ਅਧਿਕਾਰੀ ਵੱਲੋਂ ਖੁਦ ਮੌਕੇ ’ਤੇ ਅੱਗੇ ਹੋ ਕੇ ਨੌਜਵਾਨਾਂ ’ਤੇ ਲਾਠੀਚਾਰਜ ਕੀਤਾ ਗਿਆ, ਜਿਸ ਕਾਰਨ ਕਈ ਬੇਰੁਜ਼ਗਾਰ ਲਾਈਨਮੈਨ ਜ਼ਖ਼ਮੀ ਹੋਏ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਘਟਨਾ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜੇਕਰ ਕਿਸੇ ਅਧਿਕਾਰੀ ਵੱਲੋਂ ਅਧਿਕਾਰਾਂ ਦੀ ਦੁਰਵਰਤੋਂ ਕੀਤੀ ਗਈ ਹੈ, ਤਾਂ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ।
ਆਗੂਆਂ ਨੇ ਕਿਹਾ ਕਿ ਪੰਜਾਬ ਅਤੇ ਦੇਸ਼ ਵਿਚ ਵੱਧ ਰਹੀ ਬੇਰੁਜ਼ਗਾਰੀ ਚਿੰਤਾ ਦਾ ਵਿਸ਼ਾ ਹੈ। ਰੁਜ਼ਗਾਰ ਦੇ ਮੌਕਿਆਂ ਦੀ ਘਾਟ ਕਾਰਨ ਨੌਜਵਾਨ ਨਸ਼ਿਆਂ, ਅਪਰਾਧ ਅਤੇ ਵਿਦੇਸ਼ਾਂ ਵੱਲ ਰੁਖ ਕਰਨ ਲਈ ਮਜਬੂਰ ਹੋ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰਾਂ ਨੂੰ ਬੇਰੁਜ਼ਗਾਰ ਨੌਜਵਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਲੱਭਣ ਲਈ ਠੋਸ ਨੀਤੀਆਂ ਬਣਾਉਣੀਆਂ ਚਾਹੀਦੀਆਂ ਹਨ।
ਕੁੱਲ ਹਿੰਦ ਕਿਸਾਨ ਸਭਾ ਦੇ ਆਗੂਆਂ ਨੇ ਕੇਂਦਰ ਅਤੇ ਸੂਬਾ ਸਰਕਾਰਾਂ ਤੋਂ ਮੰਗ ਕੀਤੀ ਕਿ ਅਜਿਹਾ ਕਾਨੂੰਨ ਬਣਾਇਆ ਜਾਵੇ, ਜਿਸ ਤਹਿਤ ਹਰ ਯੋਗ ਨੌਜਵਾਨ ਨੂੰ ਰੁਜ਼ਗਾਰ ਦੀ ਗਾਰੰਟੀ ਮਿਲੇ ਅਤੇ ਉਸ ਨੂੰ ਜੀਵਨ ਯਾਪਨ ਲਈ ਉੱਚਿਤ ਮਿਹਨਤਾਨਾ ਪ੍ਰਾਪਤ ਹੋਵੇ। ਉਨ੍ਹਾਂ ਕਿਹਾ ਕਿ ਦੇਸ਼ ਦੀ ਜਵਾਨੀ ਲਾਠੀਆਂ ਖਾਣ ਲਈ ਨਹੀਂ, ਸਗੋਂ ਮਿਹਨਤ ਕਰਕੇ ਦੇਸ਼ ਦੀ ਤਰੱਕੀ ਵਿਚ ਯੋਗਦਾਨ ਪਾਉਣ ਲਈ ਤਿਆਰ ਹੈ। ਇਸ ਮੌਕੇ ਅਵਤਾਰ ਸਿੰਘ ਪਲਾਸੌਰ, ਦਰਸ਼ਨ ਸਿੰਘ ਬਿਹਾਰੀਪੁਰ, ਕੁੱਲਬੀਰ ਸਿੰਘ ਕਸੇਲ, ਮੋਤਾ ਸਿੰਘ ਸੋਹਲ, ਰਣਜੀਤ ਸਿੰਘ ਬਹਾਦਰਨਗਰ, ਗੁਰਦਿਆਲ ਸਿੰਘ ਵਰਨਾਲਾ ਸਮੇਤ ਹੋਰ ਆਗੂ ਵੀ ਹਾਜ਼ਰ ਸਨ।