ਗੁਰਦੁਆਰਾ ਸ੍ਰੀ ਲਕੀਰ ਸਾਹਿਬ ’ਚ ਸ਼ਰਧਾ ਨਾਲ ਹੋਇਆ ਹਫਤਾਵਾਰੀ ਚੁਪਹਿਰਾ ਸਮਾਗਮ
ਗੁਰਦੁਆਰਾ ਸ੍ਰੀ ਲਕੀਰ ਸਾਹਿਬ ’ਚ ਸ਼ਰਧਾ ਨਾਲ ਹੋਇਆ ਹਫਤਾਵਾਰੀ ਚੁਪਹਿਰਾ ਸਮਾਗਮ
Publish Date: Sun, 07 Jun 2026 08:33 PM (IST)
Updated Date: Mon, 08 Jun 2026 04:09 AM (IST)

ਸਟਾਫ ਰਿਪੋਰਟਰ•, ਪੰਜਾਬੀ ਜਾਗਰਣ, ਤਰਨਤਾਰਨ : ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਪਾਵਨ ਪਵਿੱਤਰ ਅਸਥਾਨ ਇਤਿਹਾਸਿਕ ਗੁਰਦੁਆਰਾ ਸ੍ਰੀ ਲਕੀਰ ਸਾਹਿਬ ਤਰਨਤਾਰਨ ਵਿਖੇ ਐਤਵਾਰ ਨੂੰ ਹਫਤਾਵਾਰੀ ਚੁਪਹਿਰਾ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਇਸ ਸਮਾਗਮ ਮੌਕੇ ਭਾਰੀ ਗਰਮੀ ਦੇ ਬਾਵਜੂਦ ਹਜ਼ਾਰਾਂ ਦੀ ਗਿਣਤੀ ’ਚ ਸੰਗਤ ਨੇ ਹਾਜਰੀ ਭਰੀ ਅਤੇ ਸੰਗਤੀ ਰੂਪ ਵਿਚ ਸ੍ਰੀ ਜਪੁਜੀ ਸਾਹਿਬ, ਸ੍ਰੀ ਸੁਖਮਨੀ ਸਾਹਿਬ ਅਤੇ ਸ੍ਰੀ ਚੌਪਈ ਸਾਹਿਬ ਜੀ ਦੇ ਪਾਠ ਕੀਤੇ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘਾਂ ਵੱਲੋਂ ਸੰਗਤ ਨੂੰ ਸਮੂਹਿਕ ਪਾਠ ਕਰਵਾਉਣ ਦੀ ਸੇਵਾ ਨਿਭਾਈ ਗਈ। ਦੱਸਣਾ ਬਣਦਾ ਹੈ ਕਿ ਗੁਰਦੁਆਰਾ ਸ੍ਰੀ ਲਕੀਰ ਸਾਹਿਬ ਵਿਚ ਹਰ ਐਤਵਾਰ ਨੂੰ ਚੁਪਹਿਰਾ ਸਮਾਗਮ ਹੁੰਦਾ ਹੈ ਅਤੇ ਗਰਮੀ ਹੋਵੇ ਜਾਂ ਸਰਦੀ, ਹਰ ਹਫਤੇ ਇਥੇ ਵੱਡੀ ਗਿਣਤੀ ਸੰਗਤ ਹਾਜ਼ਰੀ ਭਰਨ ਲਈ ਪਹੁੰਚਦੀ ਹੈ। ਸ਼ਰਧਾਲੂਆਂ ਦੀ ਭਾਰੀ ਆਮਦ ਦੇ ਚੱਲਦਿਆਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਹਰ ਪ੍ਰਕਾਰ ਦੀਆਂ ਸਹੂਲਤਾਂ ਦੇ ਪ੍ਰਬੰਧ ਕੀਤੇ ਗਏ, ਤਾਂ ਜੋ ਸੰਗਤ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਅਹੁਦੇਦਾਰਾਂ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਰਨਤਾਰਨ ਸ਼ਹਿਰ ਦੇ ਨਾਲ ਨਾਲ ਆਸ ਪਾਸ ਦੇ ਇਲਾਕਿਆਂ ਤੋਂ ਵੀ ਸੰਗਤ ਇਥੇ ਪਹੁੰਚਦੀ ਹੀ ਹੈ। ਨਾਲ ਹੀ ਪਿੰਡਾਂ ਤੋਂ ਵੀ ਸ਼ਰਧਾਲੂ ਚੁਪਹਿਰਾ ਸਮਾਗਮ ਵਿਚ ਹਾਜਰੀ ਭਰਨ ਲਈ ਪਹੁੰਚਣ ਲੱਗੇ ਹਨ। ਜਿਨ੍ਹਾਂ ਦੀ ਸਹੂਲਤ ਲਈ ਦੀਵਾਨ ਹਾਲ ਵਿਚ ਜਿਥੇ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਜਾਂਦੇ ਹਨ। ਉਥੇ ਹੀ ਗੁਰੂ ਕੇ ਲੰਗਰ ਵੀ ਵਿਸ਼ੇਸ਼ ਤੌਰ ’ਤੇ ਤਿਆਰ ਹੁੰਦੇ ਹਨ। ਸਾਰਾ ਦਿਨ ਛਬੀਲ ਦਾ ਪ੍ਰਬੰਧ ਸ਼ਰਧਾਲੂਆਂ ਵੱਲੋਂ ਕੀਤਾ ਜਾਂਦਾ ਹੈ ਅਤੇ ਜੋੜਾ ਘਰ ਸੇਵਕ ਜਥੇ ਦੀ ਸੰਗਤ ਤਨਦੇਹੀ ਨਾਲ ਸੇਵਾ ਨਿਭਾਉਂਦੀ ਹੈ। ਉਨ੍ਹਾਂ ਦੱਸਿਆ ਕਿ ਦੁਪਹਿਰ 12 ਤੋਂ ਸ਼ਾਮ 4 ਵਜੇ ਤੱਕ ਹੋਣ ਵਾਲੇ ਇਸ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਸੰਗਤ ਨੂੰ ਪਾਠ ਕਰਵਾਉਣ ਦੀ ਸੇਵਾ ਨਿਭਾਉਂਦੇ ਹਨ ਅਤੇ ਅਰਦਾਸ ਉਪਰੰਤ ਚੁਪਹਿਰਾ ਸਮਾਗਮ ਦੀ ਸਮਾਪਤੀ ਹੁੰਦੀ ਹੈ। ਸਰਦੀ ਹੋਵੇ ਜਾ ਗਰਮੀ, ਸੰਗਤ ਸਮਾਗਮ ਦੌਰਾਨ ਹਾਜਰੀ ਭਰਨ ਲਈ ਗੁਰੂ ਘਰ ਜਰੂਰ ਪੁੱਜਦੀ ਹੈ। ਇਸ ਮੌਕੇ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ, ਜਤਿੰਦਰ ਸਿੰਘ, ਲਖਵਿੰਦਰ ਸਿੰਘ, ਜਗਦੀਸ਼ ਸਿੰਘ, ਹਰਿੰਦਰ ਸਿੰਘ ਨੰਬਰਦਾਰ, ਹੈੱਡ ਗ੍ਰੰਥੀ ਬਾਬਾ ਸਤਨਾਮ ਸਿੰਘ, ਗ੍ਰੰਥੀ ਭਾਈ ਮੁਖਤਾਰ ਸਿੰਘ, ਭਾਈ ਰਣਜੀਤ ਸਿੰਘ, ਭਾਈ ਨਿਰਮਲ ਸਿੰਘ, ਭਾਈ ਸਿਮਰਨਜੀਤ ਸਿੰਘ ਸਮੇਤ ਹੋਰ ਸੇਵਾਦਾਰ ਜਿਥੇ ਮੌਜੂਦ ਸਨ। ਉਥੇ ਹੀ ਵੱਡੀ ਗਿਣਤੀ ਸੇਵਾਦਾਰਾਂ ਨੇ ਜੋੜਾ ਘਰ ਅਤੇ ਛਬੀਲ ਤੋਂ ਇਲਾਵਾ ਪਾਰਕਿੰਗ ਵਿਚ ਵੀ ਸ਼ਰਧਾ ਭਾਵਨਾ ਨਾਲ ਸੇਵਾ ਨਿਭਾਈ। ------- ਸੰਗਤ ਦੇ ਸਹਿਯੋਗ ਨਾਲ ਚੱਲ ਰਹੀਆਂ ਹਨ ਸੇਵਾਵਾਂ : ਮੈਨੇਜਰ ਗੁਰਦੁਆਰਾ ਸਾਹਿਬ ਦੇ ਮੈਨੇਜਰ ਪ੍ਰਿੰਸੀਪਲ ਬਖਸ਼ੀਸ਼ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਲਕੀਰ ਸਾਹਿਬ ਵਿਖੇ ਹੋਣ ਵਾਲੇ ਚੁਪਹਿਰਾ ਸਮਾਗਮ ’ਚ ਸੰਗਤ ਦੀ ਵਧ ਰਹੀ ਆਮਦ ਨੂੰ ਧਿਆਨ ਵਿਚ ਰੱਖਦਿਆਂ ਪਾਰਕਿੰਗ ਦੇ ਵੱਡੇ ਪੱਧਰ ’ਤੇ ਪ੍ਰਬੰਧ ਕੀਤੇ ਗਏ ਹਨ। ਵਾਹਨਾਂ ਨੂੰ ਧੁੱਪ ਤੋਂ ਬਚਾਉਣ ਲਈ ਸ਼ੈੱਡ ਦੀ ਸੇਵਾ ਵੀ ਸ਼ਰਧਾਲੂਆਂ ਵੱਲੋਂ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਵੇਲੇ ਗੁਰਮਤਿ ਸਿਖਲਾਈ ਕੈਂਪ ਵੀ ਗੁਰਦੁਆਰਾ ਸਾਹਿਬ ਵਿਚ ਚੱਲ ਰਿਹਾ ਹੈ। ਜਿਸ ਵਿਚ ਵੱਡੀ ਗਿਣਤੀ ਬੱਚੇ ਉਤਸ਼ਾਹ ਨਾਲ ਭਾਗ ਲੈ ਰਹੇ ਹਨ।