ਗੁਰਦੁਆਰਾ ਸ਼ਹੀਦ ਭਾਈ ਭੂਪ ਸਿੰਘ ਜੀ ’ਚ 10 ਰੋਜ਼ਾ ਜੀਵਨ ਜੁਗਤਿ ਸਮਰ ਕੈਂਪ ਆਰੰਭ
ਗੁਰਦੁਆਰਾ ਸ਼ਹੀਦ ਭਾਈ ਭੂਪ ਸਿੰਘ ਜੀ ’ਚ 10 ਰੋਜ਼ਾ ਜੀਵਨ ਜੁਗਤਿ ਸਮਰ ਕੈਂਪ ਆਰੰਭ
Publish Date: Wed, 10 Jun 2026 05:32 PM (IST)
Updated Date: Wed, 10 Jun 2026 05:32 PM (IST)

18 ਨੂੰ ਬੱਚਿਆਂ ਦੇ ਦਸਤਾਰ ਤੇ ਦੁਮਾਲਾ ਸਜਾਉਣ ਦੇ ਮੁਕਾਬਲੇ ਕਰਵਾਏ ਜਾਣਗੇ : ਭਾਈ ਅਜ਼ੀਜ਼ ਕੇਪੀ ਗਿੱਲ, •ਪੰਜਾਬੀ ਜਾਗਰਣ ਕੈਰੋਂ : ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸੱਚੀ-ਸੁੱਚੀ ਵਿਚਾਰਧਾਰਾ, ਸਿੱਖ ਇਤਿਹਾਸ ਅਤੇ ਗੁਰਮਤਿ ਸਿਧਾਂਤਾਂ ਨਾਲ ਨੌਜਵਾਨ ਪੀੜ੍ਹੀ ਨੂੰ ਜੋੜਨ ਦੇ ਉਦੇਸ਼ ਨਾਲ ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਪੰਜਾਬ ਵੱਲੋਂ ਗੁਰਦੁਆਰਾ ਸ਼ਹੀਦ ਭਾਈ ਭੂਪ ਸਿੰਘ ਜੀ, ਪਿੰਡ ਬਾਹਮਣੀਵਾਲਾ ਵਿਖੇ 10 ਰੋਜ਼ਾ ਜੀਵਨ ਜੁਗਤਿ ਸਮਰ ਕੈਂਪ ਜੈਕਾਰਿਆਂ ਦੀ ਗੂੰਜ ਵਿਚ ਆਰੰਭ ਕੀਤਾ ਗਿਆ। ਕੈਂਪ ਦੀ ਸ਼ੁਰੂਆਤ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਅਵਤਾਰ ਸਿੰਘ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਅਰਦਾਸ ਕਰ ਕੇ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਤੇ ਬੱਚਿਆਂ ਨੇ ਹਾਜ਼ਰੀ ਭਰੀ। ਇਸ ਸਬੰਧੀ ਸਿੱਖ ਕੌਮ ਦੇ ਉੱਘੇ ਪ੍ਰਚਾਰਕ ਭਾਈ ਪਲਵਿੰਦਰ ਸਿੰਘ ਅਜ਼ੀਜ਼ ਅਮਰੀਕਾ ਵਾਲੇ ਨੇ ਦੱਸਿਆ ਕਿ ਸੁਸਾਇਟੀ ਵੱਲੋਂ ਪਿਛਲੇ ਚਾਰ ਸਾਲਾਂ ਤੋਂ ਲਗਾਤਾਰ ਅਜਿਹੇ ਕੈਂਪ ਲਗਾ ਕੇ ਬੱਚਿਆਂ ਨੂੰ ਗੁਰਬਾਣੀ, ਗੁਰ ਇਤਿਹਾਸ, ਸਿੱਖ ਇਤਿਹਾਸ, ਸਿੱਖ ਰਹਿਤ ਮਰਿਆਦਾ ਅਤੇ ਸਿੱਖ ਸੱਭਿਆਚਾਰ ਨਾਲ ਜੋੜਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਅਤੇ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਪੰਥ ਦੇ ਉੱਘੇ ਪ੍ਰਚਾਰਕ ਅਤੇ ਵਿਦਵਾਨ ਸ਼ਖ਼ਸੀਅਤਾਂ ਜਿਵੇਂ ਭਾਈ ਜਗਜੀਤ ਸਿੰਘ ਅਹਿਮਦਪੁਰ, ਭਾਈ ਨਿਰਮਲ ਸਿੰਘ ਸੁਰ ਸਿੰਘ, ਭਾਈ ਸੁਖਵਿੰਦਰ ਸਿੰਘ ਖਾਲੜਾ, ਭਾਈ ਸੁਖਪਾਲ ਸਿੰਘ ਠੱਠਾ, ਭਾਈ ਗੁਰਸੇਵਕ ਸਿੰਘ ਬੋਪਾਰਾਏ, ਮਨੁੱਖਤਾ ਦੀ ਸੇਵਾ ਖੂਨਦਾਨ ਸੁਸਾਇਟੀ ਦੇ ਆਗੂ ਸੁਖਬੀਰ ਸਿੰਘ, ਭਾਈ ਸੁਖਚੈਨ ਸਿੰਘ ਬੱਠੇ ਭੈਣੀ, ਭਾਈ ਗੁਰਪ੍ਰੀਤ ਸਿੰਘ ਜੋਤੀ ਸ਼ਾਹ, ਗਿਆਨੀ ਅਵਤਾਰ ਸਿੰਘ ਅਤੇ ਗੁਰਬੀਰ ਕੌਰ ਬੱਚਿਆਂ ਨਾਲ ਵੱਖ-ਵੱਖ ਵਿਸ਼ਿਆਂ ’ਤੇ ਵਿਚਾਰ ਸਾਂਝੇ ਕਰਨਗੇ। ਭਾਈ ਅਜ਼ੀਜ਼ ਨੇ ਦੱਸਿਆ ਕਿ 18 ਜੂਨ ਨੂੰ ਸਵੇਰੇ 9 ਵਜੇ ਬੱਚਿਆਂ ਦੇ ਦਸਤਾਰ ਅਤੇ ਦੁਮਾਲਾ ਸਜਾਉਣ ਦੇ ਮੁਕਾਬਲੇ ਕਰਵਾਏ ਜਾਣਗੇ, ਜਿਨ੍ਹਾਂ ਦਾ ਮੁੱਖ ਉਦੇਸ਼ ਬੱਚਿਆਂ ਨੂੰ ਸਿੱਖੀ ਸਰੂਪ ਅਤੇ ਸੱਭਿਆਚਾਰ ਨਾਲ ਜੋੜਨਾ ਹੈ। ਇਸ ਤੋਂ ਇਲਾਵਾ ਕੈਂਪ ਵਿਚ ਆਉਣ ਵਾਲੇ ਬੱਚਿਆਂ ਲਈ ਸੰਗਤਾਂ ਦੇ ਸਹਿਯੋਗ ਨਾਲ ਲੰਗਰ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਉਨ੍ਹਾਂ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਇਸ ਕੈਂਪ ਵਿਚ ਭੇਜ ਕੇ ਗੁਰਮਤਿ ਗਿਆਨ ਦਾ ਲਾਹਾ ਲੈਣ ਲਈ ਪ੍ਰੇਰਿਤ ਕਰਨ। ਉਨ੍ਹਾਂ ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਦੀ ਸਮੁੱਚੀ ਟੀਮ ਦਾ ਵੀ ਧੰਨਵਾਦ ਕੀਤਾ, ਜੋ ਪਿਛਲੇ ਚਾਰ ਸਾਲਾਂ ਤੋਂ ਨਿਰੰਤਰ ਨਿਸ਼ਕਾਮ ਸੇਵਾ ਨਾਲ ਇਸ ਉਪਰਾਲੇ ਨੂੰ ਸਫ਼ਲ ਬਣਾ ਰਹੀ ਹੈ। ਕੈਂਪ ਦੀ ਸਫ਼ਲਤਾ ਲਈ ਗੁਰਬੀਰ ਕੌਰ, ਭਾਈ ਤਰਸੇਮ ਸਿੰਘ, ਕੁਲਦੀਪ ਸਿੰਘ ਗਿੱਲ ਅਤੇ ਭਾਈ ਹਰਚਰਨ ਸਿੰਘ ਉਬੋਕੇ ਕੋਆਰਡੀਨੇਟਰ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ।