ਕਾਂਗਰਸ ਤੇ ਆਪ ਸਰਕਾਰਾਂ ਦੌਰਾਨ ਹੋਈਆਂ ਬੇਅਦਬੀਆਂ ‘ਤੇ ਵੀ ਹੋਵੇ ਕਾਰਵਾਈ : ਲਾਹੌਰੀਆ
ਕਾਂਗਰਸ ਤੇ ਆਪ ਸਰਕਾਰਾਂ ਦੌਰਾਨ ਹੋਈਆਂ ਬੇਅਦਬੀਆਂ ‘ਤੇ ਵੀ ਹੋਵੇ ਕਾਰਵਾਈ : ਲਾਹੌਰੀਆ
Publish Date: Thu, 11 Jun 2026 06:06 PM (IST)
Updated Date: Thu, 11 Jun 2026 06:08 PM (IST)

ਗੁਰਬਰਿੰਦਰ ਸਿੰਘ•, ਪੰਜਾਬੀ ਜਾਗਰਣ ਸ੍ਰੀ ਗੋਇੰਦਵਾਲ ਸਾਹਿਬ : ਬਹਿਬਲ ਕਲਾਂ ਗੋਲ਼ੀ ਕਾਂਡ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਮਾਮਲਾ ਸਮੇਂ-ਸਮੇਂ ’ਤੇ ਪੰਜਾਬ ਦੀ ਸਿਆਸਤ ਵਿਚ ਚਰਚਾ ਦਾ ਵਿਸ਼ਾ ਬਣਦਾ ਰਿਹਾ ਹੈ। ਇਸੇ ਕੜੀ ਤਹਿਤ ਵੀਰਵਾਰ ਨੂੰ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਵੱਲੋਂ ਐੱਸਆਈਟੀ ਅੱਗੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਬਿਆਨ ਦਰਜ ਕਰਵਾਉਣ ਮਗਰੋਂ ਸਿਆਸੀ ਪ੍ਰਤੀਕਿਰਿਆਵਾਂ ਦਾ ਦੌਰ ਸ਼ੁਰੂ ਹੋ ਗਿਆ ਹੈ। ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਕੁਲਦੀਪ ਸਿੰਘ ਲਾਹੌਰੀਆਂ ਨੇ ਇਸ ਮਾਮਲੇ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਗਿਆਨੀ ਰਘਬੀਰ ਸਿੰਘ ਵੱਲੋਂ ਐੱਸਆਈਟੀ ਨੂੰ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਬਿਆਨ ਦਰਜ ਕਰਵਾਉਣਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ 2 ਦਸੰਬਰ ਵਾਲੀ ਵੀਡੀਓ ਨੂੰ ਸਬੂਤ ਵਜੋਂ ਪੇਸ਼ ਕਰਨਾ ਸਿੱਧਾ ਸਾਬਿਤ ਕਰਦਾ ਹੈ ਕਿ ਉਹ ਆਮ ਆਦਮੀ ਪਾਰਟੀ ਦਾ ਪੱਲਾ ਫੜ ਚੁੱਕੇ ਹਨ। ਉਨ੍ਹਾਂ ਕਿਹਾ ਕਿ ਉਸ ਬਿਆਨ ਨੂੰ ਹੁਣ ਤੋੜ-ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ ਅਤੇ ਸਿਆਸੀ ਮਕਸਦਾਂ ਲਈ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਤੋਂ ਬਾਅਦ ਪੰਜਾਬ ਵਿਚ ਕਾਂਗਰਸ ਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਰਹੀ ਹੈ ਅਤੇ ਇਸ ਦੌਰਾਨ ਵੀ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਹਨ। ਉਨ੍ਹਾਂ ਸਵਾਲ ਕੀਤਾ ਕਿ ਗਿਆਨੀ ਰਘਬੀਰ ਸਿੰਘ ਉਨ੍ਹਾਂ ਮਾਮਲਿਆਂ ਵਿਚ ਵੀ ਇਸੇ ਤਰ੍ਹਾਂ ਦੀ ਕਾਰਵਾਈ ਕਰਵਾਉਣਗੇ ਜਾਂ ਫਿਰ ਨਿਸ਼ਾਨਾ ਸਿਰਫ਼ ਅਕਾਲੀ ਦਲ ਨੂੰ ਹੀ ਬਣਾਇਆ ਜਾ ਰਿਹਾ ਹੈ। ਲਾਹੌਰੀਆਂ ਨੇ ਕਿਹਾ ਕਿ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਇਹ ਕਾਰਵਾਈ ਛੇ ਮਹੀਨੇ ਬਾਅਦ ਹੀ ਕਿਉਂ ਯਾਦ ਆਈ। ਜੇਕਰ ਇਹ ਮਾਮਲਾ ਇੰਨਾ ਹੀ ਗੰਭੀਰ ਸੀ ਤਾਂ ਇਹ ਕਦਮ ਪਹਿਲਾਂ ਕਿਉਂ ਨਹੀਂ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਦੇ ਮਨਾਂ ਵਿਚ ਕਈ ਤਰ੍ਹਾਂ ਦੇ ਸ਼ੱਕ ਪੈਦਾ ਹੋ ਰਹੇ ਹਨ। ਆਮ ਆਦਮੀ ਪਾਰਟੀ ਦੇ ਬੁਲਾਰੇ ਬਲਤੇਜ ਸਿੰਘ ਪੰਨੂ ਨੂੰ ਘੇਰਦਿਆਂ ਲਾਹੌਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਅਕਾਲੀ ਦਲ ਤੋਂ ਇੰਨੀ ਐਲਰਜੀ ਕਿਉਂ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮਿਲੀਭੁਗਤ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਇਸੇ ਮਕਸਦ ਤਹਿਤ ਅਜਿਹੇ ਮਾਮਲਿਆਂ ਨੂੰ ਸਿਆਸੀ ਰੰਗ ਦਿੱਤਾ ਜਾ ਰਿਹਾ ਹੈ। ਅਕਾਲੀ ਦਲ ਪੰਜਾਬ ਦੀਆਂ ਜੜ੍ਹਾਂ ਨਾਲ ਜੁੜੀ ਹੋਈ ਪਾਰਟੀ ਹੈ ਅਤੇ ਇਸ ਨੂੰ ਅਜਿਹੀਆਂ ਸਿਆਸੀ ਚਾਲਾਂ ਨਾਲ ਕਮਜ਼ੋਰ ਨਹੀਂ ਕੀਤਾ ਜਾ ਸਕਦਾ।