ਹਲਕਾ ਪ੍ਰਧਾਨ ਬਣੇ ਭੁਪਿੰਦਰ ਸਿੰਘ ਭਿੰਦਾ ਨੂੰ ਮਿਲਿਆ ਨਿਯੁਕਤੀ ਪੱਤਰ
ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੇ ਹਲਕਾ ਪ੍ਰਧਾਨ ਬਣੇ ਭੁਪਿੰਦਰ ਸਿੰਘ ਭਿੰਦਾ ਨੂੰ ਮਿਲਿਆ ਨਿਯੁਕਤੀ ਪੱਤਰ
Publish Date: Fri, 12 Jun 2026 06:27 PM (IST)
Updated Date: Sat, 13 Jun 2026 04:03 AM (IST)

ਗਾਬੜੀਆ ਨੇ 2027 ਦੀਆਂ ਚੋਣਾਂ ਲਈ ਪਾਰਟੀ ਨੂੰ ਮਜ਼ਬੂਤ ਕਰਨ ਦਾ ਦਿੱਤਾ ਸੱਦਾ ਗੁਰਬਰਿੰਦਰ ਸਿੰਘ, •ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦੇ ਯਤਨਾਂ ਤਹਿਤ ਸੀਨੀਅਰ ਅਕਾਲੀ ਆਗੂ ਭੁਪਿੰਦਰ ਸਿੰਘ ਭਿੰਦਾ ਫ਼ਤਿਆਬਾਦ ਨੂੰ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਬੀਸੀ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਵਿਖੇ ਕਰਵਾਏ ਗਏ ਸਾਦੇ ਸਮਾਗਮ ਦੌਰਾਨ ਹੋਰਨਾਂ ਨਵੇਂ ਅਹੁਦੇਦਾਰਾਂ ਦੇ ਨਾਲ ਭੁਪਿੰਦਰ ਸਿੰਘ ਭਿੰਦਾ ਨੂੰ ਵੀ ਨਿਯੁਕਤੀ ਪੱਤਰ ਸੌਂਪਿਆ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਬੀਸੀ ਵਿੰਗ ਦੇ ਸੂਬਾ ਪ੍ਰਧਾਨ ਜਥੇਦਾਰ ਹੀਰਾ ਸਿੰਘ ਗਾਬੜੀਆ ਨੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਭੇਟ ਕੀਤਾ। ਇਸ ਮੌਕੇ ਜਥੇਦਾਰ ਗਾਬੜੀਆ ਵੱਲੋਂ ਭੁਪਿੰਦਰ ਸਿੰਘ ਭਿੰਦਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਜਥੇਦਾਰ ਹੀਰਾ ਸਿੰਘ ਗਾਬੜੀਆ, ਹਲਕਾ ਖਡੂਰ ਸਾਹਿਬ ਦੀ ਇੰਚਾਰਜ ਰਮਨਦੀਪ ਕੌਰ ਖਹਿਰਾ ਅਤੇ ਸੀਨੀਅਰ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਨਾਲ ਸਲਾਹ-ਮਸ਼ਵਰੇ ਉਪਰੰਤ ਇਹ ਨਿਯੁਕਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਭੁਪਿੰਦਰ ਸਿੰਘ ਭਿੰਦਾ ਦੀਆਂ ਪਾਰਟੀ ਪ੍ਰਤੀ ਨਿਰਸਵਾਰਥ ਸੇਵਾਵਾਂ, ਸਾਫ਼-ਸੁਥਰੀ ਛਵੀ ਅਤੇ ਲੰਬੇ ਰਾਜਨੀਤਿਕ ਤਜ਼ਰਬੇ ਨੂੰ ਦੇਖਦਿਆਂ ਪਾਰਟੀ ਨੇ ਉਨ੍ਹਾਂ ’ਤੇ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਹੈ। ਜਥੇਦਾਰ ਹੀਰਾ ਸਿੰਘ ਗਾਬੜੀਆ ਨੇ ਨਵ-ਨਿਯੁਕਤ ਅਹੁਦੇਦਾਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਭੁਪਿੰਦਰ ਸਿੰਘ ਭਿੰਦਾ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਕਰਨਗੇ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਹਲਕਾ ਖਡੂਰ ਸਾਹਿਬ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਕੰਮ ਕਰਨਗੇ। ਇਸ ਮੌਕੇ ਭੁਪਿੰਦਰ ਸਿੰਘ ਭਿੰਦਾ ਨੇ ਪਾਰਟੀ ਹਾਈਕਮਾਂਡ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੀਨੀਅਰ ਆਗੂ ਬਿਕਰਮ ਸੰਘ ਮਜੀਠੀਆ, ਜਥੇਦਾਰ ਹੀਰਾ ਸਿੰਘ ਗਾਬੜੀਆ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਬੀਬੀ ਰਮਨਦੀਪ ਕੌਰ ਖਹਿਰਾ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਲਗਨ, ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਵਰਕਰਾਂ ਨੂੰ ਇਕਜੁੱਟ ਕਰਕੇ ਹਲਕਾ ਖਡੂਰ ਸਾਹਿਬ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਬਲਕਾਰ ਸਿੰਘ ਖਹਿਰਾ, ਤਜਿੰਦਰ ਸਿੰਘ ਪ੍ਰਿੰਸ, ਸਿਕੰਦਰ ਸਿੰਘ ਵਰਾਣਾ, ਜਗਦੀਪ ਸਿੰਘ ਮਿੰਟੂ, ਅਮ੍ਰਿਤਪਾਲ ਸਿੰਘ, ਸੰਦੀਪ ਸਿੰਘ ਸ਼ਿੰਪੀ ਅਤੇ ਹੋਰ ਅਕਾਲੀ ਆਗੂ ਵੀ ਹਾਜ਼ਰ ਸਨ।