- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਮੰਮਣਕੇ ਖੁਰਦ ਦੇ ਸਰਪੰਚ ਸਣੇ 18 ਕੱਟੜ ਅਕਾਲੀ ਪਰਿਵਾਰ ਆਪ ’ਚ ਸ਼ਾਮਿਲ

ਸਟਾਫ ਰਿਪੋਰਟਰ, •ਪੰਜਾਬੀ ਜਾਗਰਣ, ਤਰਨਤਾਰਨ : ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡੀ ਤਾਕਤ ਮਿਲੀ, ਜਦੋਂ ਪਿੰਡ ਮੰਮਣਕੇ ਖੁਰਦ ਦੇ 60 ਸਾਲਾਂ ਤੋਂ ਅਕਾਲੀ ਦਲ ਨਾਲ ਜੁੜੇ 18 ਪਰਿਵਾਰਾਂ ਨੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ। ਪਿੰਡ ਮੰਮਣਕੇ ਕਲਾਂ ਦੇ ਸਰਪੰਚ ਗੁਰਸੇਵਕ ਸਿੰਘ ਦੀ ਪ੍ਰੇਰਣਾ ਅਤੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਇਨ੍ਹਾਂ ਪਰਿਵਾਰਾਂ ਨੇ ਆਪ ਦੀਆਂ ਨੀਤੀਆਂ ’ਤੇ ਭਰੋਸਾ ਪ੍ਰਗਟਾਉਂਦਿਆਂ ਪਾਰਟੀ ਦਾ ਪੱਲਾ ਫੜਿਆ।
ਇਸ ਸਬੰਧੀ ਪਿੰਡ ਮੰਮਣਕੇ ਖੁਰਦ ਵਿਖੇ ਸੁਖਰਾਜ ਸਿੰਘ ਲੱਡਾ ਦੇ ਗ੍ਰਹਿ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਪਾਰਟੀ ਵਰਕਰਾਂ ਅਤੇ ਇਲਾਕੇ ਦੇ ਮੋਹਤਬਰ ਵਿਅਕਤੀਆਂ ਨੇ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਦਾ ਸਿਰੋਪਾਓ ਭੇਟ ਕਰਕੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ।
ਉਨ੍ਹਾਂ ਦੱਸਿਆ ਕਿ ਆਪ ਵਿਚ ਸ਼ਾਮਿਲ ਹੋਣ ਵਾਲਿਆਂ ’ਚ ਕੁਲਵੰਤ ਸਿੰਘ, ਸੁਖਰਾਜ ਸਿੰਘ ਸਰਪੰਚ, ਬਲਰਾਜ ਸਿੰਘ, ਮੇਜਰ ਸਿੰਘ ਸਾਬਕਾ ਸਰਪੰਚ, ਬਲਕਾਰ ਸਿੰਘ, ਬਲਜਿੰਦਰ ਸਿੰਘ, ਜਗਦੀਸ਼ ਸਿੰਘ, ਮਿਲਖਾ ਸਿੰਘ ਫੌਜੀ, ਗੁਰਸਾਹਿਬ ਸਿੰਘ, ਗੁਲਜ਼ਾਰ ਸਿੰਘ, ਬੂਟਾ ਸਿੰਘ, ਜਗਵਿੰਦਰ ਸਿੰਘ ਲਾਡੀ, ਹਰਵਿੰਦਰ ਸਿੰਘ, ਗੁਰਦੇਵ ਸਿੰਘ ਫੌਜੀ, ਲਾਭ ਸਿੰਘ, ਪਾਲ ਸਿੰਘ, ਰਾਮ ਸਿੰਘ ਅਤੇ ਅਵਤਾਰ ਸਿੰਘ ਸ਼ਾਮਿਲ ਹਨ।
ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ ਕਿ ਪੰਜਾਬ ਦੇ ਲੋਕ ਰਵਾਇਤੀ ਸਿਆਸੀ ਪਾਰਟੀਆਂ ਦੀਆਂ ਨੀਤੀਆਂ ਤੋਂ ਅੱਕ ਚੁੱਕੇ ਹਨ ਅਤੇ ਹੁਣ ਉਹ ਵਿਕਾਸ ਅਤੇ ਲੋਕ ਭਲਾਈ ਦੀ ਰਾਜਨੀਤੀ ਨੂੰ ਤਰਜੀਹ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਇਕ-ਇਕ ਕਰਕੇ ਪੂਰਾ ਕੀਤਾ ਹੈ, ਜਿਸ ਕਾਰਨ ਲੋਕਾਂ ਦਾ ਸਰਕਾਰ ’ਤੇ ਵਿਸ਼ਵਾਸ ਲਗਾਤਾਰ ਮਜ਼ਬੂਤ ਹੋ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ, ਬਿਜਲੀ, ਰੁਜ਼ਗਾਰ ਅਤੇ ਭ੍ਰਿਸ਼ਟਾਚਾਰ ਖ਼ਿਲਾਫ਼ ਕੀਤੇ ਗਏ ਉਪਰਾਲਿਆਂ ਨੂੰ ਲੋਕਾਂ ਵੱਲੋਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ। ਇਹੀ ਕਾਰਨ ਹੈ ਕਿ ਵੱਖ-ਵੱਖ ਪਾਰਟੀਆਂ ਨਾਲ ਜੁੜੇ ਆਗੂ ਅਤੇ ਵਰਕਰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ। ਨਵੇਂ ਸ਼ਾਮਿਲ ਹੋਏ ਪਰਿਵਾਰਾਂ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਅਤੇ ਲੋਕ ਪੱਖੀ ਫ਼ੈਸਲਿਆਂ ਤੋਂ ਪ੍ਰਭਾਵਿਤ ਹੋ ਕੇ ਆਪ ਨਾਲ ਜੁੜੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
ਇਸ ਮੌਕੇ ਮਾਰਕੀਟ ਕਮੇਟੀ ਖਡੂਰ ਸਾਹਿਬ ਦੇ ਚੇਅਰਮੈਨ ਅਮਰਿੰਦਰ ਸਿੰਘ ਐਮੀ, ਸਾਹਿਬ ਸਿੰਘ ਕੁਹਾੜਕਾ ਸੰਮਤੀ ਮੈਂਬਰ, ਗੁਰਸੇਵਕ ਸਿੰਘ ਸਰਪੰਚ ਮੰਮਣਕੇ, ਗੁਰਲਾਲ ਸਿੰਘ ਮੰਮਣਕੇ, ਚਰਨਜੀਤ ਸਿੰਘ ਕਾਲਾ ਸ਼ਾਹਬਾਜ਼ਪੁਰ, ਜਰਨੈਲ ਸਿੰਘ ਮਿਆਣੀ ਸਰਪੰਚ, ਨਿਰਮਲ ਸਿੰਘ ਕੁਹਾੜਕਾ ਸਰਪੰਚ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।