ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਨੇ ਕੇਂਦਰ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ
ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਨੇ ਕੇਂਦਰ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ
Publish Date: Sat, 13 Jun 2026 05:47 PM (IST)
Updated Date: Sun, 14 Jun 2026 04:03 AM (IST)

ਗੁਰਬਰਿੰਦਰ ਸਿੰਘ•, ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵੱਲੋਂ ਨੀਟ ਪ੍ਰੀਖਿਆ ਦੇ ਪੇਪਰ ਲੀਕ ਮਾਮਲੇ ਅਤੇ ਪਟਿਆਲਾ ਵਿਖੇ ਕੱਚੇ ਮੁਲਾਜ਼ਮਾਂ ’ਤੇ ਕੀਤੇ ਗਏ ਲਾਠੀਚਾਰਜ ਦੇ ਵਿਰੋਧ ਵਿਚ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਸਭਾ ਦੇ ਤਹਿਸੀਲ ਪ੍ਰਧਾਨ ਬੌਬੀ ਗੋਇੰਦਵਾਲ ਅਤੇ ਖੁਸ਼ਦੀਪ ਸਿੰਘ ਤੁੜ ਨੇ ਕੀਤੀ। ਇਸ ਮੌਕੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਸੂਬਾ ਮੀਤ ਪ੍ਰਧਾਨ ਸੁਲੱਖਣ ਸਿੰਘ ਤੁੜ ਅਤੇ ਜ਼ਿਲ੍ਹਾ ਪ੍ਰਧਾਨ ਕੈਪਟਨ ਸਿੰਘ ਕਾਹਲਵਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਨੀਟ ਪ੍ਰੀਖਿਆ ਦਾ ਪੇਪਰ ਲੀਕ ਹੋਣਾ ਦੇਸ਼ ਦੀ ਸਿੱਖਿਆ ਪ੍ਰਣਾਲੀ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਇਸ ਘਟਨਾ ਕਾਰਨ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਹੋਇਆ ਹੈ। ਉਨ੍ਹਾਂ ਕਿਹਾ ਕਿ ਪ੍ਰੀਖਿਆ ਪ੍ਰਣਾਲੀ ਵਿਚ ਆਈਆਂ ਗੰਭੀਰ ਖਾਮੀਆਂ ਅਤੇ ਗੜਬੜੀਆਂ ਕਾਰਨ ਦੇਸ਼ ਦੇ ਕਰੋੜਾਂ ਵਿਦਿਆਰਥੀਆਂ ਅਤੇ ਨੌਜਵਾਨਾਂ ਦੀਆਂ ਉਮੀਦਾਂ ਨੂੰ ਝਟਕਾ ਲੱਗਿਆ ਹੈ। ਆਗੂਆਂ ਨੇ ਕਿਹਾ ਕਿ ਕੁਝ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਦੀਆਂ ਨੀਤੀਆਂ ਕਾਰਨ ਦੇਸ਼ ਦੀ ਸਿੱਖਿਆ ਪ੍ਰਣਾਲੀ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਨੀਟ ਪ੍ਰੀਖਿਆ ਨਾਲ ਜੁੜੇ ਵਿਵਾਦਾਂ ਲਈ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੀ ਜ਼ਿੰਮੇਵਾਰੀ ਬਣਦੀ ਹੈ ਅਤੇ ਉਨ੍ਹਾਂ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਹੈ। ਕਾਹਲਵਾਂ ਨੇ ਕਿਹਾ ਕਿ ਇਹ ਵੀ ਗੰਭੀਰ ਜਾਂਚ ਦਾ ਵਿਸ਼ਾ ਹੈ ਕਿ ਪਿਛਲੇ ਵਿਵਾਦਾਂ ਨਾਲ ਜੁੜੀਆਂ ਕੁਝ ਕੰਪਨੀਆਂ ਨੂੰ ਪ੍ਰੀਖਿਆ ਪ੍ਰਬੰਧਨ ਦੇ ਠੇਕੇ ਕਿਵੇਂ ਦਿੱਤੇ ਗਏ। ਸਭਾ ਦੇ ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੇਂਦਰੀ ਸਿੱਖਿਆ ਮੰਤਰੀ ਤੁਰੰਤ ਅਸਤੀਫਾ ਨਹੀਂ ਦਿੰਦੇ, ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਪਟਿਆਲਾ ਵਿਖੇ ਬਿਜਲੀ ਵਿਭਾਗ ਦੇ ਕੱਚੇ ਮੁਲਾਜ਼ਮਾਂ ’ਤੇ ਕੀਤੇ ਗਏ ਲਾਠੀਚਾਰਜ ਦੀ ਵੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਾਰੇ ਵਿਭਾਗਾਂ ਦੇ ਕੱਚੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ, ਖਾਲੀ ਪਈਆਂ ਸਰਕਾਰੀ ਅਸਾਮੀਆਂ ਤੁਰੰਤ ਭਰੀਆਂ ਜਾਣ ਅਤੇ ਸੰਘਰਸ਼ ਕਰ ਰਹੇ ਕਾਮਿਆਂ ’ਤੇ ਦਰਜ ਕੀਤੇ ਗਏ ਪਰਚੇ ਬਿਨ੍ਹਾਂ ਸ਼ਰਤ ਰੱਦ ਕੀਤੇ ਜਾਣ। ਉਨ੍ਹਾਂ ਦੋਸ਼ੀ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਦੀ ਮੰਗ ਕੀਤੀ। ਇਸ ਮੌਕੇ ਸੋਨੂੰ ਫ਼ਤਿਆਬਾਦ ਪ੍ਰੈੱਸ ਸਕੱਤਰ, ਸੁਖਵੰਤ ਸਿੰਘ ਛਾਪੜੀ ਸਾਹਿਬ, ਬਲਵਿੰਦਰ ਸਿੰਘ ਗੋਇੰਦਵਾਲ, ਇੰਦਰਜੀਤ ਸਿੰਘ, ਸਾਜਨਪ੍ਰੀਤ ਸਿੰਘ ਕੋਟ ਮੁਹੰਮਦ ਖਾਂ, ਸਾਹਿਬ ਸਿੰਘ ਚੱਕ ਮਹਿਰ, ਬਗੀਚਾ ਸਿੰਘ, ਸਾਹਿਬ ਸਿੰਘ ਚੰਡੀਗੜ੍ਹ, ਅਰਵਿੰਦਰ ਸਿੰਘ ਲੁਹਾਰ, ਰਿੰਕੂ, ਜਸ਼ਨਦੀਪ ਸਿੰਘ, ਨਾਨਕ ਸਿੰਘ, ਲਵਪ੍ਰੀਤ ਸਿੰਘ, ਅਨਮੋਲ ਸਿੰਘ ਲੁਹਾਰ, ਪੱਪੂ ਛਾਪੜੀ ਸਾਹਿਬ, ਦਰਸ਼ਨ ਸਿੰਘ ਛਾਪੜੀ ਸਾਹਿਬ, ਲਾਡੀ ਫਤਿਆਬਾਦ, ਗੋਲੂ ਫਤਿਆਬਾਦ, ਵਰਿਆਮ ਸਿੰਘ ਤੁੜ, ਗੁਰਪ੍ਰੀਤ ਸਿੰਘ ਤੁੜ, ਪ੍ਰਭਦੀਪ ਸਿੰਘ ਅਤੇ ਹੋਰ ਆਗੂ ਹਾਜ਼ਰ ਸਨ।