ਤਰਨਤਾਰਨ ਜ਼ਿਲ੍ਹੇ ’ਚ ਸੜਕਾਂ ਤੋਂ ਗਲੀਆਂ ਤਕ ਲਾਵਾਰਿਸ ਪਸ਼ੂਆਂ ਦੀ ਭਰਮਾਰ
ਤਰਨਤਾਰਨ ਜ਼ਿਲ੍ਹੇ ’ਚ ਸੜਕਾਂ ਤੋਂ ਗਲੀਆਂ ਤਕ ਲਾਵਾਰਿਸ ਪਸ਼ੂਆਂ ਦੀ ਭਰਮਾਰ
Publish Date: Sat, 13 Jun 2026 06:20 PM (IST)
Updated Date: Sun, 14 Jun 2026 04:03 AM (IST)

ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਤਰਨਤਾਰਨ ਜ਼ਿਲ੍ਹੇ ਵਿਚ ਲਾਵਾਰਿਸ ਪਸ਼ੂਆਂ ਦੀ ਸਮੱਸਿਆ ਦਿਨੋਂ-ਦਿਨ ਗੰਭੀਰ ਹੁੰਦੀ ਜਾ ਰਹੀ ਹੈ। ਸ਼ਹਿਰਾਂ ਤੋਂ ਲੈ ਕੇ ਪਿੰਡਾਂ ਦੀਆਂ ਗਲੀਆਂ, ਮੁੱਖ ਸੜਕਾਂ, ਬਾਜ਼ਾਰਾਂ ਅਤੇ ਜਨਤਕ ਥਾਵਾਂ ’ਤੇ ਵੱਡੀ ਗਿਣਤੀ ਵਿਚ ਲਾਵਾਰਿਸ ਗਊਆਂ, ਬਲਦ ਅਤੇ ਹੋਰ ਪਸ਼ੂ ਘੁੰਮਦੇ ਨਜ਼ਰ ਆ ਰਹੇ ਹਨ। ਇਹ ਪਸ਼ੂ ਨਾ ਸਿਰਫ਼ ਆਪਣੀ ਜ਼ਿੰਦਗੀ ਮੁਸ਼ਕਿਲ ਹਾਲਾਤਾਂ ਵਿਚ ਗੁਜ਼ਾਰ ਰਹੇ ਹਨ, ਸਗੋਂ ਆਮ ਲੋਕਾਂ ਲਈ ਵੀ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਪੈਦਾ ਕਰ ਰਹੇ ਹਨ। ਸ਼ਹਿਰ ਦੇ ਬਾਜ਼ਾਰਾਂ, ਬੱਸ ਅੱਡਿਆਂ ਅਤੇ ਰਿਹਾਇਸ਼ੀ ਇਲਾਕਿਆਂ ਵਿਚ ਇਹ ਪਸ਼ੂ ਅਕਸਰ ਕੂੜੇ ਦੇ ਢੇਰਾਂ ਵਿੱਚੋਂ ਭੋਜਨ ਦੀ ਭਾਲ ਕਰਦੇ ਦਿਖਾਈ ਦਿੰਦੇ ਹਨ। ਪਲਾਸਟਿਕ ਦੇ ਲਿਫਾਫੇ, ਗੰਦਾ ਕੂੜਾ ਅਤੇ ਹੋਰ ਹਾਨੀਕਾਰਕ ਵਸਤੂਆਂ ਖਾਣ ਕਾਰਨ ਇਹ ਪਸ਼ੂ ਕਈ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਕਈ ਵਾਰ ਇਹ ਪਸ਼ੂ ਕੂੜੇ ਦੇ ਢੇਰਾਂ ਨੂੰ ਸੜਕਾਂ ’ਤੇ ਖਿਲਾਰ ਦਿੰਦੇ ਹਨ, ਜਿਸ ਨਾਲ ਗੰਦਗੀ ਫੈਲਦੀ ਹੈ ਅਤੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਲਾਵਾਰਿਸ ਪਸ਼ੂਆਂ ਕਾਰਨ ਸੜਕ ਹਾਦਸਿਆਂ ਦੀਆਂ ਘਟਨਾਵਾਂ ਵੀ ਲਗਾਤਾਰ ਵਧ ਰਹੀਆਂ ਹਨ। ਖਾਸ ਕਰਕੇ ਰਾਤ ਸਮੇਂ ਸੜਕਾਂ ’ਤੇ ਬੈਠੇ ਜਾਂ ਅਚਾਨਕ ਵਾਹਨਾਂ ਅੱਗੇ ਆ ਜਾਣ ਵਾਲੇ ਪਸ਼ੂ ਕਈ ਵਾਰ ਗੰਭੀਰ ਹਾਦਸਿਆਂ ਦਾ ਕਾਰਨ ਬਣਦੇ ਹਨ। ਮੋਟਰਸਾਈਕਲ ਸਵਾਰ ਅਤੇ ਛੋਟੇ ਵਾਹਨ ਚਾਲਕ ਸਭ ਤੋਂ ਵੱਧ ਇਸ ਸਮੱਸਿਆ ਤੋਂ ਪ੍ਰਭਾਵਿਤ ਹੋ ਰਹੇ ਹਨ। ਕਈ ਲੋਕ ਹਾਦਸਿਆਂ ਵਿਚ ਜ਼ਖ਼ਮੀ ਹੋ ਚੁੱਕੇ ਹਨ, ਜਦਕਿ ਕੁਝ ਮਾਮਲਿਆਂ ਵਿਚ ਜਾਨੀ ਨੁਕਸਾਨ ਵੀ ਹੋਇਆ ਹੈ। ਪਿੰਡਾਂ ਵਿਚ ਵੀ ਸਥਿਤੀ ਵੱਖਰੀ ਨਹੀਂ ਹੈ। ਖੇਤਾਂ ਵਿਚ ਘੁੰਮਦੇ ਲਾਵਾਰਿਸ ਪਸ਼ੂ ਕਿਸਾਨਾਂ ਦੀਆਂ ਫ਼ਸਲਾਂ ਨੂੰ ਨੁਕਸਾਨ ਪਹੁੰਚਾ ਰਹੇ ਹਨ। ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਦੀ ਰਾਖੀ ਲਈ ਵਾਧੂ ਸਮਾਂ ਅਤੇ ਧਨ ਖਰਚ ਕਰਨਾ ਪੈ ਰਿਹਾ ਹੈ। ਕਈ ਥਾਵਾਂ ’ਤੇ ਕਿਸਾਨਾਂ ਨੇ ਰਾਤਾਂ ਜਾਗ ਕੇ ਖੇਤਾਂ ਦੀ ਰਾਖੀ ਕਰਨ ਦੀ ਮਜ਼ਬੂਰੀ ਵੀ ਜ਼ਾਹਿਰ ਕੀਤੀ ਹੈ। ਸਮਾਜ ਚਿੰਤਕਾਂ ਦਾ ਕਹਿਣਾ ਹੈ ਕਿ ਇਹ ਸਮੱਸਿਆ ਸਿਰਫ਼ ਪ੍ਰਸ਼ਾਸਨ ਦੀ ਨਹੀਂ, ਸਗੋਂ ਸਮਾਜ ਦੀ ਵੀ ਸਾਂਝੀ ਜ਼ਿੰਮੇਵਾਰੀ ਹੈ। -------- ਲਾਵਾਰਿਸ ਪਸ਼ੂਆਂ ਦੀ ਸੰਭਾਲ ਕਰੇ ਸਰਕਾਰ : ਡਾ. ਲੋਹੁਕਾ ਉੱਘੇ ਸਮਾਜ ਚਿੰਤਕ ਡਾ. ਸੁਖਦੇਵ ਸਿੰਘ ਲੋਹੁਕਾ ਨੇ ਕਿਹਾ ਕਿ ਦੁੱਧ ਦੇਣਾ ਬੰਦ ਕਰਨ ਜਾਂ ਬੁੱਢੇ ਹੋ ਜਾਣ ਤੋਂ ਬਾਅਦ ਪਸ਼ੂਆਂ ਨੂੰ ਸੜਕਾਂ ’ਤੇ ਛੱਡ ਦੇਣਾ ਮਨੁੱਖਤਾ ਦੇ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਪਸ਼ੂ ਵੀ ਜੀਵ ਹਨ ਅਤੇ ਉਨ੍ਹਾਂ ਦੀ ਸੰਭਾਲ ਲਈ ਸਰਕਾਰ ਅਤੇ ਸਮਾਜ ਨੂੰ ਮਿਲ ਕੇ ਢੁਕਵੇਂ ਪ੍ਰਬੰਧ ਕਰਨੇ ਚਾਹੀਦੇ ਹਨ। ਉਨ੍ਹਾਂ ਮੰਗ ਕੀਤੀ ਕਿ ਜ਼ਿਲ੍ਹੇ ਵਿਚ ਵੱਧ ਤੋਂ ਵੱਧ ਗਊਸ਼ਾਲਾਵਾਂ ਅਤੇ ਪਸ਼ੂ ਆਸ਼ਰਮ ਸਥਾਪਿਤ ਕੀਤੇ ਜਾਣ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਲਾਵਾਰਿਸ ਪਸ਼ੂਆਂ ਦੀ ਸਮੱਸਿਆ ਦੇ ਸਥਾਈ ਹੱਲ ਲਈ ਠੋਸ ਕਦਮ ਚੁੱਕੇ ਜਾਣ। ------- ਬਿਮਾਰ ਪਸ਼ੂਆਂ ਦਾ ਹੋਣਾ ਚਾਹੀਦਾ ਇਲਾਜ : ਅਰੋੜਾ ਲੋਕ ਲਹਿਰ ਪਾਰਟੀ ਦੇ ਕੌਮੀ ਪ੍ਰਧਾਨ ਗੁਰਜੀਤ ਸਿੰਘ ਅਰੋੜਾ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਭੁੱਖ ਅਤੇ ਬਿਮਾਰੀ ਨਾਲ ਤੜਫਦੇ ਪਸ਼ੂ ਅਕਸਰ ਦਿਖਾਈ ਦਿੰਦੇ ਹਨ। ਉਨ੍ਹਾਂ ਕਿਹਾ ਕਿ ਕਈ ਪਸ਼ੂ ਪਲਾਸਟਿਕ ਅਤੇ ਗੰਦੇ ਕੂੜੇ ਕਾਰਨ ਗੰਭੀਰ ਬਿਮਾਰੀਆਂ ਦਾ ਸ਼ਿਕਾਰ ਹੋ ਜਾਂਦੇ ਹਨ, ਪਰ ਉਨ੍ਹਾਂ ਦੇ ਇਲਾਜ ਲਈ ਕੋਈ ਪ੍ਰਭਾਵਸ਼ਾਲੀ ਪ੍ਰਬੰਧ ਨਹੀਂ ਹੈ। ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਲਾਵਾਰਿਸ ਪਸ਼ੂਆਂ ਦੀ ਗਿਣਤੀ ਦਾ ਸਰਵੇ ਕਰਵਾਇਆ ਜਾਵੇ ਅਤੇ ਉਨ੍ਹਾਂ ਦੀ ਸੁਰੱਖਿਆ ਤੇ ਸੰਭਾਲ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ।