ਪਹੂਵਿੰਡ ਦੇ ਗੁਰਦੁਆਰਾ ਸਾਹਿਬ ’ਚ ਵਾਪਰੀ ਅੱਗ ਦੀ ਘਟਨਾ ਨੂੰ ਲੈ ਕੇ ਵਿਵਾਦ
ਪਹੂਵਿੰਡ ਦੇ ਗੁਰਦੁਆਰਾ ਸਾਹਿਬ ’ਚ ਵਾਪਰੀ ਅੱਗ ਦੀ ਘਟਨਾ ਦਾ ਮਾਮਲਾ
Publish Date: Sun, 14 Jun 2026 05:37 PM (IST)
Updated Date: Mon, 15 Jun 2026 04:03 AM (IST)

ਰਾਜਨ ਚੋਪੜਾ•, ਪੰਜਾਬੀ ਜਾਗਰਣ, ਭਿੱਖੀਵਿੰਡ : ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਇਤਿਹਾਸਕ ਪਿੰਡ ਪਹੂਵਿੰਡ ਦੇ ਗੁਰਦੁਆਰਾ ਸਾਹਿਬ ਵਿਚ ਚੱਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੌਰਾਨ ਏਸੀ ਵਿਚ ਅੱਗ ਲੱਗਣ ਦੀ ਘਟਨਾ ਸਬੰਧੀ ਐਤਵਾਰ ਨੂੰ ਉਸ ਵੇਲੇ ਵਿਵਾਦ ਖੜ੍ਹਾ ਹੋ ਗਿਆ। ਜਦੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੋਸ਼ ਲਗਾਇਆ ਕਿ ਇਸ ਘਟਨਾ ਨੂੰ ਬੇਅਦਬੀ ਦਾ ਰੂਪ ਦੇ ਕੇ ਸੰਗਤ ਵਿਚ ਭੰਬਲਭੂਸਾ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ 10 ਜੂਨ ਦੀ ਸਵੇਰ ਕਰੀਬ 1.50 ਵਜੇ ਸ੍ਰੀ ਗੁਰਦੁਆਰਾ ਸਾਹਿਬ ਦੇ ਇਕ ਕਮਰੇ ’ਚ ਚੱਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੌਰਾਨ ਏਸੀ ਵਿਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ। ਡਿਊਟੀ ’ਤੇ ਮੌਜੂਦ ਗ੍ਰੰਥੀ ਸਿੰਘ ਨੇ ਤੁਰੰਤ ਸੂਝ ਬੂਝ ਦਾ ਪ੍ਰਦਰਸ਼ਨ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਸੁਰੱਖਿਅਤ ਬਾਹਰ ਕੱਢ ਕੇ ਸੁਖਆਸਨ ਕਰਵਾ ਦਿੱਤਾ। ਇਸ ਤੋਂ ਬਾਅਦ ਏਸੀ ਵਿਚ ਧਮਾਕਾ ਹੋਣ ਨਾਲ ਅੱਗ ਨੇ ਕਮਰੇ ਨੂੰ ਆਪਣੀ ਲਪੇਟ ਵਿਚ ਲੈ ਲਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਅਨੁਸਾਰ ਘਟਨਾ ਦੀ ਜਾਣਕਾਰੀ ਤੁਰੰਤ ਸ੍ਰੀ ਅਕਾਲ ਤਖ਼ਤ ਸਾਹਿਬ, ਧਰਮ ਪ੍ਰਚਾਰ ਕਮੇਟੀ ਅਤੇ ਪ੍ਰਸ਼ਾਸਨ ਨੂੰ ਦੇ ਦਿੱਤੀ ਗਈ ਸੀ। ਧਰਮ ਪ੍ਰਚਾਰ ਕਮੇਟੀ ਦੇ ਮੈਂਬਰਾਂ ਨੇ ਮੌਕੇ ਦਾ ਜਾਇਜ਼ਾ ਲੈ ਕੇ ਆਪਣੀ ਰਿਪੋਰਟ ਵੀ ਪੇਸ਼ ਕੀਤੀ। ਕਮੇਟੀ ਨੇ ਦੋਸ਼ ਲਗਾਇਆ ਕਿ 11 ਜੂਨ ਨੂੰ ਸੁਧਾਰ ਲਹਿਰ ਦੇ ਪ੍ਰਧਾਨ ਬਲਦੇਵ ਸਿੰਘ ਵਡਾਲਾ ਗੁਰਦੁਆਰਾ ਸਾਹਿਬ ਪੁੱਜੇ ਅਤੇ ਘਟਨਾ ਸਥਾਨ ਦੀ ਇਕ ਵੀਡੀਓ ਬਣਾ ਕੇ ਸੋਸ਼ਲ ਮੀਡੀਆ ’ਤੇ ਵਾਇਰਲ ਕੀਤੀ। ਇਸ ਤੋਂ ਬਾਅਦ ਐਤਵਾਰ ਨੂੰ ਉਹ ਆਪਣੇ ਸਾਥੀਆਂ ਸਮੇਤ ਮੁੜ ਸ੍ਰੀ ਗੁਰਦੁਆਰਾ ਸਾਹਿਬ ਪਹੁੰਚੇ ਅਤੇ ਕਥਿਤ ਤੌਰ ’ਤੇ ਘਟਨਾ ਨੂੰ ਬੇਅਦਬੀ ਨਾਲ ਜੋੜਦੇ ਹੋਏ ਪ੍ਰਬੰਧਕਾਂ ਖ਼ਿਲਾਫ਼ ਬਿਆਨਬਾਜ਼ੀ ਕੀਤੀ। ਪ੍ਰਬੰਧਕ ਕਮੇਟੀ ਦਾ ਕਹਿਣਾ ਹੈ ਕਿ ਮੌਕੇ ’ਤੇ ਮੌਜੂਦ ਪਾਠੀ ਸਿੰਘਾਂ ਅਤੇ ਸੰਗਤਾਂ ਨੇ ਇਸ ਦਾ ਵਿਰੋਧ ਕੀਤਾ, ਜਿਸ ਕਾਰਨ ਤਿੱਖੀ ਬਹਿਸ ਹੋ ਗਈ। ਕੁਝ ਸਮੇਂ ਲਈ ਮਾਹੌਲ ਤਣਾਅਪੂਰਨ ਬਣਿਆ ਰਿਹਾ, ਹਾਲਾਂਕਿ ਬਾਅਦ ਵਿਚ ਸਥਿਤੀ ਕਾਬੂ ਹੇਠ ਆ ਗਈ। ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਮਾਮਲੇ ਸਬੰਧੀ ਪ੍ਰਸ਼ਾਸਨ ਕੋਲ ਸ਼ਿਕਾਇਤ ਦਰਜ ਕਰਵਾਉਂਦਿਆਂ ਸਬੰਧਤ ਵਿਅਕਤੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ------ ਵਡਾਲਾ ਨੇ ਕਿਹਾ ਘਟਨਾ ਪਿਛੇ ਪ੍ਰਬੰਧਾਂ ਦੀ ਘਾਟ ਦੂਜੇ ਪਾਸੇ ਇਸ ਮਾਮਲੇ ’ਚ ਭਾਈ ਬਲਦੇਵ ਸਿੰਘ ਵਡਾਲਾ ਨਾਲ ਰਾਬਤਾ ਕੀਤਾ ਤਾਂ ਉਨ੍ਹਾਂ ਕਿਹਾ ਕਿ ਸ੍ਰੀ ਅਖੰਡ ਪਾਠ ਸਾਹਿਬ ਜੀ ਵਾਲੇ ਕਮਰੇ ਵਿਚ ਏਸੀ ਨਾਲ ਅੱਗ ਲੱਗਣ ਕਰਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਖੰਡਿਤ ਹੋਏ ਹਨ ਤੇ ਇਹ ਬੇਅਦਬੀ ਹੈ। ਵਡਾਲਾ ਨੇ ਕਿਹਾ ਕਿ ਉਨ੍ਹਾਂ ਦੇ ਇਥੇ ਆਉਣ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਸੁਰੱਖਿਆ ਸਬੰਧੀ ਕੀਤੇ ਖੁਲਾਸੇ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਜੀ ਨੂੰ ਜਾਣੂ ਕਰਵਾਇਆ ਗਿਆ ਹੈ। ਉਨ੍ਹਾਂ ਨੇ ਇਸ ਘਟਨਾ ਨੂੰ ਪ੍ਰਬੰਧਾਂ ਦੀ ਘਾਟ ਵੀ ਕਰਾਰ ਦਿੱਤਾ।