- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
22 ਜੂਨ ਦੇ ਰੋਸ ਮੁਜ਼ਾਹਰੇ ਵਿਚ ਆਰਐੱਮਪੀਆਈ ਵੱਡੀ ਗਿਣਤੀ ਵਿਚ ਸ਼ਾਮਿਲ ਹੋਵੇਗੀ - ਜਾਮਾਰਾਏ

ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਆਰਐੱਮਪੀਆਈ ਦੀ ਜ਼ਿਲ੍ਹਾ ਸਕੱਤਰੇਤ ਦੀ ਮੀਟਿੰਗ ਚਮਨ ਲਾਲ ਦਰਾਜਕੇ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸੂਬਾ ਸਕੱਤਰ ਪ੍ਰਗਟ ਸਿੰਘ ਜਾਮਾਰਾਏ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਕਾਰਨ ਆਮ ਲੋਕਾਂ, ਖ਼ਾਸ ਕਰਕੇ ਕਿਰਤੀ ਵਰਗ ਦੀ ਰੋਜ਼ੀ-ਰੋਟੀ ਉੱਤੇ ਲਗਾਤਾਰ ਅਸਰ ਪੈ ਰਿਹਾ ਹੈ। ਇਸ ਦੇ ਵਿਰੋਧ ਵਿਚ ‘ਫਾਸ਼ੀਵਾਦੀ ਹਮਲਿਆਂ ਵਿਰੋਧੀ ਫਰੰਟ’ ਵੱਲੋਂ 22 ਜੂਨ ਨੂੰ ਪੰਜਾਬ ਭਰ ਵਿਚ ਜਨਤਕ ਇਕੱਠ ਅਤੇ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿਚ ਆਰਐੱਮਪੀਆਈ ਵੱਲੋਂ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।
ਜਾਮਾਰਾਏ ਨੇ ਕਿਹਾ ਕਿ ਦੇਸ਼ ਵਿਚ ਵੱਖ-ਵੱਖ ਵਰਗਾਂ ਅਤੇ ਭਾਈਚਾਰਿਆਂ ਵਿਚਕਾਰ ਵੰਡ ਅਤੇ ਨਫ਼ਰਤ ਦੇ ਮਾਹੌਲ ਨੂੰ ਵਧਾਉਣ ਵਾਲੀਆਂ ਪ੍ਰਵਿਰਤੀਆਂ ਚਿੰਤਾਜਨਕ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਘੱਟ ਗਿਣਤੀਆਂ, ਦਲਿਤਾਂ ਅਤੇ ਹੋਰ ਕਮਜ਼ੋਰ ਵਰਗਾਂ ਖ਼ਿਲਾਫ਼ ਵਿਤਕਰੇ ਅਤੇ ਸਮਾਜਿਕ ਜਬਰ ਦੀਆਂ ਘਟਨਾਵਾਂ ਵਧ ਰਹੀਆਂ ਹਨ। ਉਨ੍ਹਾਂ ਕਿਹਾ ਕਿ ਔਰਤਾਂ ਖ਼ਿਲਾਫ਼ ਹੋ ਰਹੇ ਅਪਰਾਧ ਵੀ ਗੰਭੀਰ ਚਿੰਤਾ ਦਾ ਵਿਸ਼ਾ ਹਨ।
ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕਤੰਤਰੀ, ਧਰਮ ਨਿਰਪੱਖ ਅਤੇ ਸੰਘੀ ਢਾਂਚੇ ਨੂੰ ਮਜ਼ਬੂਤ ਬਣਾਈ ਰੱਖਣ ਲਈ ਲੋਕਾਂ ਨੂੰ ਇਕਜੁੱਟ ਹੋਣ ਦੀ ਲੋੜ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਸੰਵਿਧਾਨਕ ਅਤੇ ਜਮਹੂਰੀ ਸੰਸਥਾਵਾਂ ਨੂੰ ਕਮਜ਼ੋਰ ਕਰਨ ਵਾਲੇ ਰੁਝਾਨਾਂ ਦਾ ਡਟ ਕੇ ਵਿਰੋਧ ਕੀਤਾ ਜਾਣਾ ਚਾਹੀਦਾ ਹੈ।
ਜਾਮਾਰਾਏ ਨੇ ਅੰਤਰਰਾਸ਼ਟਰੀ ਪੱਧਰ ’ਤੇ ਚੱਲ ਰਹੇ ਤਣਾਅ ਦੇ ਮੱਦੇ ਨਜ਼ਰ ਕਿਹਾ ਕਿ ਕਿਸੇ ਵੀ ਵਿਵਾਦ ਦਾ ਸ਼ਾਂਤੀਪੂਰਨ ਹੱਲ ਲੋਕਾਂ ਦੇ ਹਿੱਤ ਵਿਚ ਹੁੰਦਾ ਹੈ। ਉਨ੍ਹਾਂ ਪੰਜਾਬ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਪੱਕੇ ਰੁਜ਼ਗਾਰ ਦੀ ਮੰਗ ਲਈ ਸੰਘਰਸ਼ ਕਰ ਰਹੇ ਬੇਰੁਜ਼ਗਾਰ ਨੌਜਵਾਨਾਂ ਅਤੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਦੇ ਅੰਦੋਲਨਾਂ ਨੂੰ ਪੁਲਿਸ ਬਲ ਰਾਹੀਂ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਨੌਜਵਾਨਾਂ ਲਈ ਪੱਕੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਮੰਗ ਕੀਤੀ।
ਜ਼ਿਲ੍ਹਾ ਸਕੱਤਰ ਮੁਖਤਾਰ ਸਿੰਘ ਮੱਲ੍ਹਾ ਨੇ ਦੱਸਿਆ ਕਿ 22 ਜੂਨ ਦੇ ਰੋਸ ਮੁਜ਼ਾਹਰਿਆਂ ਵਿਚ ਸੈਂਕੜੇ ਕਿਸਾਨ, ਮਜ਼ਦੂਰ ਅਤੇ ਨੌਜਵਾਨ ਸ਼ਾਮਿਲ ਹੋਣਗੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਤਹਿਸੀਲ ਪੱਧਰ ’ਤੇ ਮੀਟਿੰਗਾਂ ਕਰਕੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਦਲਜੀਤ ਸਿੰਘ ਦਿਆਲਪੁਰ, ਧਰਮ ਸਿੰਘ ਪੱਟੀ, ਮਨਜੀਤ ਸਿੰਘ ਬੱਗੂ ਅਤੇ ਸੁਲੱਖਣ ਸਿੰਘ ਤੁੜ ਆਦਿ ਹਾਜ਼ਰ ਸਨ।