ਅਕਾਲੀਆਂ ਵੱਲੋਂ ਭਗਵੰਤ ਮਾਨ ਨੂੰ ਪੰਥ ਦੋਖੀ ਕਰਾਰ ਦੇਣ ਦਾ ਸਵਾਗਤ
ਖਡੂਰ ਸਾਹਿਬ ਹਲਕੇ ਦੇ ਅਕਾਲੀਆਂ ਨੇ ਭਗਵੰਤ ਮਾਨ ਨੂੰ ਪੰਥ ਦੋਖੀ ਕਰਾਰ ਦੇਣ ਦਾ ਕੀਤਾ ਸਵਾਗਤ
Publish Date: Tue, 16 Jun 2026 05:14 PM (IST)
Updated Date: Wed, 17 Jun 2026 04:03 AM (IST)

ਗੁਰਬਰਿੰਦਰ ਸਿੰਘ•, ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੰਥ ਦੋਖੀ ਕਰਾਰ ਦਿੱਤੇ ਜਾਣ ਦੇ ਮਾਮਲੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿਚ ਚਰਚਾਵਾਂ ਜਾਰੀ ਹਨ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਕਈ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਣਾਏ ਗਏ ਫ਼ੈਸਲੇ ਦਾ ਸਵਾਗਤ ਕੀਤਾ ਹੈ। ਪੰਥਕ ਹਲਕਾ ਸ਼੍ਰੀ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ, ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਵਰਾਣਾ ਅਤੇ ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਕੁਲਦੀਪ ਸਿੰਘ ਲਾਹੌਰੀਆ ਨੇ ਸਾਂਝੇ ਬਿਆਨ ਵਿਚ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਿਆ ਗਿਆ ਫ਼ੈਸਲਾ ਬਿਲਕੁਲ ਠੀਕ ਹੈ ਅਤੇ ਇਸ ਦਾ ਸਵਾਗਤ ਕਰਦੇ ਹਾਂ। ਆਗੂਆਂ ਨੇ ਕਿਹਾ ਕਿ ਕੁਝ ਮਹੀਨੇ ਪਹਿਲਾਂ ਸੋਸ਼ਲ ਮੀਡੀਆ ਤੇ ਇਕ ਵੀਡੀਓ ਸਾਹਮਣੇ ਆਈ ਸੀ, ਜਿਸ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਸ ਗੁਰੂ ਸਾਹਿਬਾਨ ਦੀ ਤਸਵੀਰ ਨਾਲ ਆਪੱਤੀਜਨਕ ਹਰਕਤ ਕਰਦੇ ਹੋਏ ਦਿਖਾਇਆ ਗਿਆ ਸੀ। ਉਨ੍ਹਾਂ ਦਾਅਵਾ ਕੀਤਾ ਕਿ ਫੋਰੈਂਸਿਕ ਜਾਂਚ ਵਿਚ ਵੀਡੀਓ ਨੂੰ ਸਹੀ ਕਰਾਰ ਦਿੱਤਾ ਗਿਆ, ਜਿਸ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਭਗਵੰਤ ਮਾਨ ਖ਼ਿਲਾਫ਼ ਫ਼ੈਸਲਾ ਸੁਣਾਇਆ ਗਿਆ। ਅਕਾਲੀ ਆਗੂਆਂ ਨੇ ਕਿਹਾ ਕਿ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਨਾਲ ਗਲਤ ਵਿਹਾਰ ਕਰਨਾ, ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਹਾਜ਼ਰ ਹੋ ਕੇ ਕਥਿਤ ਤੌਰ ’ਤੇ ਝੂਠ ਬੋਲਣਾ ਅਤੇ ਵੱਖ-ਵੱਖ ਮੰਚਾਂ ਤੋਂ ਸਿੱਖ ਧਾਰਮਿਕ ਸੰਸਥਾਵਾਂ ਸਬੰਧੀ ਕੀਤੀਆਂ ਗਈਆਂ ਟਿੱਪਣੀਆਂ ਬਹੁਤ ਨਿੰਦਣਯੋਗ ਹਨ। ਉਨ੍ਹਾਂ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਵੱਲੋਂ ਸਮੇਂ-ਸਮੇਂ ’ਤੇ ਸਿੱਖ ਭਾਈਚਾਰੇ ਵਿਚ ਫੁੱਟ ਪਾਉਣ ਦੇ ਯਤਨ ਵੀ ਕੀਤੇ ਗਏ ਹਨ। ਆਗੂਆਂ ਨੇ ਕਿਹਾ ਕਿ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਪੰਥ ਦੋਖੀ ਕਰਾਰ ਦਿੱਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਦੀ ਲੰਬੀ ਚੁੱਪੀ ਅਤੇ ਬਾਅਦ ਵਿਚ ਦਿੱਤੇ ਗਏ ਸਪੱਸ਼ਟੀਕਰਨ ਕਈ ਸਵਾਲ ਖੜ੍ਹੇ ਕਰਦੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਵੀਡੀਓ ਨੂੰ ਏਆਈ ਰਾਹੀਂ ਤਿਆਰ ਦੱਸਿਆ ਗਿਆ ਅਤੇ ਬਾਅਦ ਵਿਚ ਇਸ ਨੂੰ ਆਪਣੀ ਵੀਡੀਓ ਨਾ ਹੋਣ ਦਾ ਦਾਅਵਾ ਕੀਤਾ ਗਿਆ, ਜਿਸ ਨਾਲ ਮਾਮਲੇ ਨੂੰ ਲੈ ਕੇ ਹੋਰ ਵਿਵਾਦ ਪੈਦਾ ਹੋਇਆ ਹੈ। ਅਕਾਲੀ ਆਗੂਆਂ ਨੇ ਮੰਗ ਕੀਤੀ ਕਿ ਜੇਕਰ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਸਬੰਧੀ ਲਗਾਏ ਗਏ ਦੋਸ਼ ਸਾਬਿਤ ਹੁੰਦੇ ਹਨ, ਤਾਂ ਇਸ ਮਾਮਲੇ ਵਿਚ ਬਣਦੀ ਕਾਨੂੰਨੀ ਕਾਰਵਾਈ ਵੀ ਕੀਤੀ ਜਾਣੀ ਚਾਹੀਦੀ ਹੈ। ਇਸ ਮੌਕੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ, ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਵਰਾਣਾ, ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਕੁਲਦੀਪ ਸਿੰਘ ਲਾਹੌਰੀਆ ਤੋਂ ਇਲਾਵਾ ਜਗਦੀਪ ਸਿੰਘ ਸਰਪੰਚ ਖ਼ਾਨ ਰਜਾਦਾ, ਸਤਨਾਮ ਸਿੰਘ ਸ਼ੇਰੋਂ, ਜੰਗਸ਼ੇਰ ਸਿੰਘ ਸਰਪੰਚ, ਤੇਜਿੰਦਰ ਸਿੰਘ ਪ੍ਰਿੰਸ ਭਰੋਵਾਲ ਅਤੇ ਸੁਖਰਾਜ ਸਿੰਘ ਰਾਜਾ ਭੈਲ ਆਦਿ ਆਗੂ ਹਾਜਰ ਸਨ। ਕੈਪਸ਼ਨ - ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਣਾਏ ਫ਼ੈਸਲੇ ਦਾ ਸਵਾਗਤ ਕਰਦੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਵਤਾਰ ਸਿੰਘ ਬਿੱਲਾ ਸ਼ੇਰੋਂ ਅਤੇ ਹੋਰ ਸ਼ਖਸੀਅਤਾਂ।