- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
21 ਨੂੰ ਕਾਜੀਕੋਟ ਪਿੰਡ ਤੋਂ ਕੱਢੀ ਜਾਵੇਗੀ ਨਸ਼ਾ ਵਿਰੋਧੀ ਜਾਗਰੂਕਤਾ ਰੈਲੀ : ਕੌਂਸਲਰ ਭਗਵਾਨ ਸਿੰਘ

ਵਿਦਿਆਰਥੀਆਂ ਨੂੰ ਰੈਲੀ ’ਚ ਵੱਧ ਚੜ੍ਹ ਕੇ ਸ਼ਾਮਲ ਹੋਣ ਦੀ ਸੱਦਾ
-ਕਿਹਾ, ਪੰਜਾਬ ਨੂੰ ਨਸ਼ਾ ਮੁਕਤ ਕਰਨਾ ਸਮੇਂ ਦੀ ਵੱਡੀ ਲੋੜ
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਜਾਗਦਾ ਪੰਜਾਬ ਦੇ ਨਾਅਰੇ ਹੇਠ 21 ਜੂਨ ਨੂੰ ਤਰਨਤਾਰਨ ਦੇ ਪਿੰਡ ਕਾਜੀਕੋਟ ਤੋਂ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਤਕ ਨਸ਼ਾ ਵਿਰੋਧੀ ਜਾਗਰੂਕਤਾ ਰੈਲੀ ਦਾ ਆਯੋਜਨ ਸਵੇਰੇ 10 ਵਜੇ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਤਰਨਤਾਰਨ ਦੇ ਕੌਂਸਲਰ ਭਗਵਾਨ ਸਿੰਘ ਨੇ ਦਿੱਤੀ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਇਸ ਰੈਲੀ ਵਿਚ ਹੁੰਮ ਹੁਮਾ ਕੇ ਸ਼ਾਮਿਲ ਹੋਣ ਦੀ ਅਪੀਲ ਕੀਤੀ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜਾਣਕਾਰੀ ਦਿੰਦਿਆਂ ਕੌਂਸਲਰ ਭਗਵਾਨ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਅਤੇ ਇਸ ਲਈ ਸਮਾਜ ਦੇ ਹਰ ਵਰਗ ਨੂੰ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇਸ ਰੈਲੀ ਦਾ ਮੁੱਖ ਉਦੇਸ਼ ਲੋਕਾਂ, ਖ਼ਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਹੈ, ਤਾਂ ਜੋ ਉਹ ਇਸ ਬੁਰਾਈ ਤੋਂ ਦੂਰ ਰਹਿ ਸਕਣ।
ਉਨ੍ਹਾਂ ਕਿਹਾ ਕਿ ਨਸ਼ਾ ਸਿਰਫ ਇਕ ਵਿਅਕਤੀ ਨੂੰ ਹੀ ਨਹੀਂ, ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਪ੍ਰਭਾਵਿਤ ਕਰਦਾ ਹੈ। ਨੌਜਵਾਨ ਵਰਗ ਦੇ ਭਵਿੱਖ ਨੂੰ ਬਚਾਉਣ ਲਈ ਇਹ ਜ਼ਰੂਰੀ ਹੈ ਕਿ ਉਹ ਸਹੀ ਰਸਤੇ ’ਤੇ ਚੱਲਣ ਅਤੇ ਨਸ਼ਿਆਂ ਤੋਂ ਦੂਰ ਰਹਿਣ। ਇਸ ਲਈ ਅਜਿਹੀਆਂ ਜਾਗਰੂਕਤਾ ਮੁਹਿੰਮਾਂ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਰੈਲੀ ਦੌਰਾਨ ਭਾਗ ਲੈਣ ਵਾਲੇ ਲੋਕਾਂ ਵੱਲੋਂ ਨਸ਼ਾ ਵਿਰੋਧੀ ਨਾਅਰੇ ਲਗਾਏ ਜਾਣਗੇ ਅਤੇ ਸਮਾਜ ਨੂੰ ਇਕ ਸਕਾਰਾਤਮਕ ਸੰਦੇਸ਼ ਦਿੱਤਾ ਜਾਵੇਗਾ। ਇਹ ਰੈਲੀ ਪਿੰਡ ਕਾਜੀਕੋਟ ਤੋਂ ਸ਼ੁਰੂ ਹੋ ਕੇ ਪਿੰਡ ਨੂਰਦੀ, ਕੋਟ ਧਰਮ ਚੰਦ, ਝਬਾਲ ਤੋਂ ਹੁੰਦੇ ਹੋਏ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਤਕ ਪਹੁੰਚੇਗੀ।
ਕੌਂਸਲਰ ਭਗਵਾਨ ਸਿੰਘ ਨੇ ਸਮੂਹ ਇਲਾਕਾ ਵਾਸੀਆਂ, ਸਮਾਜ ਸੇਵੀਆਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਇਸ ਰੈਲੀ ’ਚ ਸ਼ਾਮਿਲ ਹੋ ਕੇ ਨਸ਼ਾ ਮੁਕਤ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਵਿਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਹਰ ਵਿਅਕਤੀ ਆਪਣੀ ਜ਼ਿੰਮੇਵਾਰੀ ਨੂੰ ਸਮਝੇ, ਤਾਂ ਨਸ਼ਿਆਂ ਦੇ ਖ਼ਿਲਾਫ਼ ਲੜਾਈ ਨੂੰ ਜਿੱਤਿਆ ਜਾ ਸਕਦਾ ਹੈ।