- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੱਟੀ ਦੇ ਖੇਡ ਸਟੇਡੀਅਮ ’ਚ ਉਤਸ਼ਾਹ ਨਾਲ ਮਨਾਇਆ ਗਿਆ ‘ਵਿਸ਼ਵ ਯੋਗ ਦਿਵਸ’

ਬੱਲੂ ਮਹਿਤਾ, •ਪੰਜਾਬੀ ਜਾਗਰਣ,
ਪੱਟੀ : ਵਿਸ਼ਵ ਯੋਗ ਦਿਵਸ ਦੇ ਮੌਕੇ ’ਤੇ ਪੱਟੀ ਦੇ ਸਥਾਨਕ ਖੇਡ ਸਟੇਡੀਅਮ ਵਿਖੇ ਵਿਸ਼ੇਸ਼ ਯੋਗਾ ਕੈਂਪ ਲਾਇਆ ਗਿਆ, ਜਿਸ ਵਿਚ ਨੌਜਵਾਨਾਂ, ਔਰਤਾਂ ਅਤੇ ਬਜ਼ੁਰਗਾਂ ਨੇ ਵੱਡੀ ਗਿਣਤੀ ਵਿਚ ਹਿੱਸਾ ਲੈ ਕੇ ਯੋਗ ਪ੍ਰਤੀ ਆਪਣਾ ਉਤਸ਼ਾਹ ਪ੍ਰਗਟ ਕੀਤਾ। ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਕਲੱਬ ਦੇ ਸਹਿਯੋਗ ਨਾਲ 10 ਜੂਨ ਤੋਂ ਚੱਲ ਰਹੇ ਯੋਗਾ ਕੈਂਪ ਦੀ ਸਮਾਪਤੀ ਵਿਸ਼ਵ ਯੋਗ ਦਿਵਸ ਮੌਕੇ ਕੀਤੀ ਗਈ।
ਸਮਾਗਮ ਵਿਚ ਯੋਗ ਗੁਰੂ ਅਤੇ ਸੇਵਾ ਮੁਕਤ ਪੀਸੀਐੱਸ ਅਧਿਕਾਰੀ ਰਣਜੀਤ ਸਿੰਘ ਭੁੱਲਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਨਾਲ ਸੇਵਾ ਮੁਕਤ ਮੈਨੇਜਰ ਜਸਬੀਰ ਸਿੰਘ ਸੰਧੂ, ਯੁਵਾ ਪ੍ਰਧਾਨ ਰਾਜੇਸ਼ ਕੁਮਾਰ ਸ਼ਰਮਾ, ਕਲੱਬ ਦੇ ਪ੍ਰਧਾਨ ਪ੍ਰਿਥੀਪਾਲ ਸਿੰਘ ਬਾਠ ਅਤੇ ਹੋਰ ਪਤਵੰਤੇ ਸੱਜਣ ਵੀ ਮੌਜੂਦ ਸਨ। ਆਪਣੇ ਸੰਬੋਧਨ ਦੌਰਾਨ ਰਣਜੀਤ ਸਿੰਘ ਭੁੱਲਰ ਨੇ ਕਿਹਾ ਕਿ ਯੋਗ ਭਾਰਤ ਦੀ ਅਨਮੋਲ ਪ੍ਰਾਚੀਨ ਵਿਰਾਸਤ ਹੈ, ਜਿਸ ਨੂੰ ਅੱਜ ਪੂਰੀ ਦੁਨੀਆ ਨੇ ਅਪਣਾਇਆ ਹੋਇਆ ਹੈ।
ਉਨ੍ਹਾਂ ਕਿਹਾ ਕਿ ਮੌਜੂਦਾ ਭੱਜ-ਦੌੜ ਅਤੇ ਤਣਾਅ ਭਰੀ ਜ਼ਿੰਦਗੀ ਵਿਚ ਪਿੱਠ ਦਰਦ, ਸਰਵਾਈਕਲ, ਮੋਟਾਪਾ, ਸ਼ੂਗਰ ਅਤੇ ਮਾਨਸਿਕ ਤਣਾਅ ਵਰਗੀਆਂ ਸਮੱਸਿਆਵਾਂ ਆਮ ਹੋ ਚੁੱਕੀਆਂ ਹਨ। ਇਨ੍ਹਾਂ ਬਿਮਾਰੀਆਂ ਤੋਂ ਬਚਾਅ ਲਈ ਯੋਗ ਸਭ ਤੋਂ ਕੁਦਰਤੀ ਅਤੇ ਪ੍ਰਭਾਵਸ਼ਾਲੀ ਉਪਾਅ ਹੈ। ਉਨ੍ਹਾਂ ਕਿਹਾ ਕਿ ਅੱਜ ਜ਼ਿਆਦਾਤਰ ਲੋਕਾਂ ਨੂੰ ਲੰਬੇ ਸਮੇਂ ਤਕ ਬੈਠ ਕੇ ਜਾਂ ਝੁਕ ਕੇ ਕੰਮ ਕਰਨਾ ਪੈਂਦਾ ਹੈ, ਜਿਸ ਕਾਰਨ ਰੀੜ੍ਹ ਦੀ ਹੱਡੀ ਅਤੇ ਮਾਸਪੇਸ਼ੀਆਂ ਨਾਲ ਜੁੜੀਆਂ ਸਮੱਸਿਆਵਾਂ ਵਿਚ ਵਾਧਾ ਹੋ ਰਿਹਾ ਹੈ। ਯੋਗ ਅਤੇ ਪ੍ਰਾਣਾਯਾਮ ਇਨ੍ਹਾਂ ਸਮੱਸਿਆਵਾਂ ਦਾ ਬਿਹਤਰੀਨ ਹੱਲ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਦਵਾਈਆਂ ’ਤੇ ਨਿਰਭਰ ਰਹਿਣ ਦੀ ਬਜਾਏ ਯੋਗ ਨੂੰ ਆਪਣੀ ਰੋਜ਼ਾਨਾ ਦੀ ਜ਼ਿੰਦਗੀ ਦਾ ਹਿੱਸਾ ਬਣਾਉਣ।
ਸੇਵਾ ਮੁਕਤ ਮੈਨੇਜਰ ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਯੋਗ ਆਸਨਾਂ ਰਾਹੀਂ ਆਮ ਇਨਸਾਨ ਕਈ ਬਿਮਾਰੀਆਂ ਤੋਂ ਨਿਜਾਤ ਪਾ ਸਕਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਅਤੇ ਨੌਜਵਾਨਾਂ ਲਈ ਯੋਗ ਵਿਸ਼ੇਸ਼ ਤੌਰ ’ਤੇ ਲਾਭਕਾਰੀ ਹੈ, ਕਿਉਂਕਿ ਇਸ ਨਾਲ ਯਾਦਦਾਸ਼ਤ, ਧਿਆਨ ਅਤੇ ਸਰੀਰਿਕ ਸਮਰੱਥਾ ਵਿਚ ਵਾਧਾ ਹੁੰਦਾ ਹੈ। ਉਨ੍ਹਾਂ ਹਰ ਵਿਅਕਤੀ ਨੂੰ ਰੋਜ਼ਾਨਾ ਯੋਗ ਕਰਨ ਦੀ ਅਪੀਲ ਕੀਤੀ। ਯੁਵਾ ਪ੍ਰਧਾਨ ਰਾਜੇਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ 10 ਜੂਨ ਤੋਂ ਚੱਲ ਰਹੇ ਇਸ ਕੈਂਪ ਦੌਰਾਨ ਯੋਗ ਆਸਨਾਂ ਦੇ ਨਾਲ-ਨਾਲ ਸਿਹਤਮੰਦ ਜੀਵਨ ਸ਼ੈਲੀ, ਸੰਤੁਲਿਤ ਖੁਰਾਕ ਅਤੇ ਨਸ਼ਿਆਂ ਤੋਂ ਦੂਰ ਰਹਿਣ ਬਾਰੇ ਵੀ ਜਾਗਰੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਖੇਡਾਂ ਅਤੇ ਯੋਗ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ।
ਇਸ ਮੌਕੇ ਯੋਗ ਗੁਰੂ ਰਣਜੀਤ ਸਿੰਘ ਭੁੱਲਰ ਨੇ ਭਾਗੀਦਾਰਾਂ ਨੂੰ ਵੱਖ-ਵੱਖ ਯੋਗ ਆਸਨਾ ਅਤੇ ਪ੍ਰਾਣਾਯਾਮ ਦੀਆਂ ਕਿਰਿਆਵਾਂ ਕਰਵਾ ਕੇ ਉਨ੍ਹਾਂ ਦੇ ਸਿਹਤ ਸਬੰਧੀ ਲਾਭਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਯੋਗ ਸਿਰਫ਼ ਕਸਰਤ ਨਹੀਂ, ਸਗੋਂ ਇਕ ਅਜਿਹਾ ਜੀਵਨ ਮਾਰਗ ਹੈ ਜੋ ਸਰੀਰ, ਮਨ ਅਤੇ ਆਤਮਾ ਨੂੰ ਸੰਤੁਲਿਤ ਰੱਖਦਾ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਯੋਗ ਦਿਵਸ ਮਨਾਉਣ ਦਾ ਮਕਸਦ ਲੋਕਾਂ ਨੂੰ ਸਿਹਤਮੰਦ ਅਤੇ ਨਿਰੋਗ ਜੀਵਨ ਵੱਲ ਪ੍ਰੇਰਿਤ ਕਰਨਾ ਹੈ।
ਸਮਾਗਮ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਯੋਗ ਅਪਣਾਉਣ ਨਾਲ ਨਾ ਸਿਰਫ਼ ਸਰੀਰਿਕ ਤਾਕਤ ਵਿਚ ਵਾਧਾ ਹੁੰਦਾ ਹੈ, ਸਗੋਂ ਮਾਨਸਿਕ ਤਣਾਅ, ਚਿੰਤਾ ਅਤੇ ਗੁੱਸੇ ਵਰਗੀਆਂ ਸਮੱਸਿਆਵਾਂ ’ਤੇ ਵੀ ਕਾਬੂ ਪਾਇਆ ਜਾ ਸਕਦਾ ਹੈ। ਸਮਾਗਮ ਦੇ ਅੰਤ ’ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਅਤੇ ਯੋਗ ਨਾਲ ਜੁੜਨ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਰਾਜੇਸ਼ ਸ਼ਰਮਾ ਜ਼ਿਲ੍ਹਾ ਸੋਸ਼ਲ ਮੀਡੀਆ ਪ੍ਰਭਾਰੀ, ਹਰੀ ਚੰਦ ਜ਼ਿਲ੍ਹਾ ਪ੍ਰਭਾਰੀ, ਵਜ਼ੀਰ ਸਿੰਘ ਪਾਰਸ, ਕਾਮਰੇਡ ਸੁਖਦੇਵ ਸਿੰਘ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।