ਵੋਟਰ ਸੂਚੀਆਂ ਨੂੰ ਸਹੀ ਤੇ ਪਾਰਦਰਸ਼ੀ ਬਣਾਉਣ ਲਈ ਪਾਰਟੀਆਂ ਦਾ ਸਹਿਯੋਗ ਜ਼ਰੂਰੀ : ਜ਼ਿਲ੍ਹਾ ਚੋਣ ਅਫਸਰ
ਵੋਟਰ ਸੂਚੀਆਂ ਨੂੰ ਸਹੀ ਤੇ ਪਾਰਦਰਸ਼ੀ ਬਣਾਉਣ ਲਈ ਰਾਜਸੀ ਪਾਰਟੀਆਂ ਦਾ ਸਹਿਯੋਗ ਜ਼ਰੂਰੀ - ਜ਼ਿਲ੍ਹਾ ਚੋਣ ਅਫਸਰ
Publish Date: Sun, 21 Jun 2026 07:16 PM (IST)
Updated Date: Mon, 22 Jun 2026 04:10 AM (IST)

ਐੱਸਆਈਆਰ ਤਹਿਤ ਜ਼ਿਲ੍ਹੇ ਦੇ ਸਮੂਹ ਹਲਕਿਆਂ ’ਚ ਬੂਥ ਲੈਵਲ ਏਜੰਟਾਂ ਦੀ ਕਰਵਾਈ ਟ੍ਰੇਨਿੰਗ ਸਟਾਫ ਰਿਪੋਰਟਰ, •ਪੰਜਾਬੀ ਜਾਗਰਣ, ਤਰਨਤਾਰਨ : ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਐੱਸਆਈਆਰ-2026 ਤਹਿਤ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਵੱਲੋਂ ਨਾਮਜ਼ਦ ਕੀਤੇ ਗਏ ਬੂਥ ਲੈਵਲ ਏਜੰਟਾਂ ਬੀਐੱਲਏਜ਼ ਦੀ ਟ੍ਰੇਨਿੰਗ ਕਰਵਾਈ ਗਈ। ਵਿਧਾਨ ਸਭਾ ਹਲਕਾ ਤਰਨਤਾਰਨ, ਪੱਟੀ, ਖਡੂਰ ਸਾਹਿਬ ਅਤੇ ਖੇਮਕਰਨ ਵਿਖੇ ਇਨ੍ਹਾਂ ਟ੍ਰੇਨਿੰਗ ਸੈਸ਼ਨਾਂ ਦੀ ਅਗਵਾਈ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਕੀਤੀ ਗਈ। ਟ੍ਰੇਨਿੰਗ ਦੌਰਾਨ ਬੀਐੱਲਏਜ਼ ਨੂੰ ਐੱਸਆਈਆਰ ਦੇ ਸਮੁੱਚੇ ਪ੍ਰੋਗਰਾਮ, ਚੋਣ ਕਮਿਸ਼ਨ ਵੱਲੋਂ ਜਾਰੀ ਹਿਦਾਇਤਾਂ ਅਤੇ ਵੋਟਰ ਸੂਚੀਆਂ ਦੀ ਸ਼ੁੱਧਤਾ ਨੂੰ ਯਕੀਨੀ ਬਣਾਉਣ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਮਾਸਟਰ ਟ੍ਰੇਨਰਾਂ ਨੇ ਬੀਐੱਲਏਜ਼ ਨੂੰ ਟ੍ਰੇਨਿੰਗ ਦਿੱਤੀ। ਟ੍ਰੇਨਿੰਗ ਦੌਰਾਨ ਬੀਐੱਲਏਜ਼ ਨੂੰ ਗਣਨਾ ਫਾਰਮ ਭਰਨ ਦੀ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣੂੰ ਕਰਵਾਇਆ ਗਿਆ ਅਤੇ ਵੋਟਰ ਰਜਿਸਟ੍ਰੇਸ਼ਨ, ਨਾਮ ਸ਼ਾਮਿਲ ਕਰਨ, ਸੋਧ ਕਰਨ ਅਤੇ ਹੋਰ ਚੋਣੀ ਪ੍ਰਕਿਰਿਆਵਾਂ ਸਬੰਧੀ ਪ੍ਰਯੋਗਿਕ ਜਾਣਕਾਰੀ ਵੀ ਦਿੱਤੀ ਗਈ। ਅਧਿਕਾਰੀਆਂ ਨੇ ਭਾਗੀਦਾਰਾਂ ਦੇ ਸਵਾਲਾਂ ਦੇ ਜਵਾਬ ਦੇ ਕੇ ਉਨ੍ਹਾਂ ਦੀਆਂ ਸ਼ੰਕਾਵਾਂ ਦਾ ਨਿਵਾਰਣ ਕੀਤਾ। ਜ਼ਿਲ੍ਹਾ ਚੋਣ ਅਫ਼ਸਰ ਰਾਹੁਲ ਨੇ ਇਸ ਦੌਰਾਨ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਨੂੰ ਹੋਰ ਵਧੇਰੇ ਸਹੀ, ਪਾਰਦਰਸ਼ੀ ਅਤੇ ਅਪਡੇਟ ਬਣਾਉਣ ਲਈ ਐੱਸਆਈਆਰ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਬੂਥ ਲੈਵਲ ਏਜੰਟਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ, ਕਿਉਂਕਿ ਉਹ ਰਾਜਨੀਤਿਕ ਪਾਰਟੀਆਂ ਅਤੇ ਚੋਣ ਪ੍ਰਸ਼ਾਸਨ ਦਰਮਿਆਨ ਇਕ ਅਹਿਮ ਕੜੀ ਵਜੋਂ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ 25 ਜੂਨ 2026 ਤੋਂ ਬੂਥ ਲੈਵਲ ਅਫ਼ਸਰ ਘਰ-ਘਰ ਜਾ ਕੇ ਵੋਟਰਾਂ ਨੂੰ ਗਣਨਾ ਫਾਰਮ ਵੰਡਣਗੇ। ਇਸ ਦੌਰਾਨ ਬੀਐੱਲਏ ਵੱਲੋਂ ਬੀਐੱਲਓ ਦਾ ਸਹਿਯੋਗ ਕਰਦਿਆਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਹਰ ਯੋਗ ਵੋਟਰ ਤਕ ਫਾਰਮ ਪਹੁੰਚੇ ਅਤੇ ਵੋਟਰ ਸੂਚੀਆਂ ਵਿਚ ਕਿਸੇ ਵੀ ਤਰ੍ਹਾਂ ਦੀ ਗਲਤੀ ਜਾਂ ਤਰੁੱਟੀ ਨੂੰ ਸਮੇਂ ਸਿਰ ਦਰੁਸਤ ਕੀਤਾ ਜਾ ਸਕੇ। ਉਨ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਕਮਿਸ਼ਨ ਦੀ ਇਸ ਮਹੱਤਵਪੂਰਨ ਮੁਹਿੰਮ ਵਿਚ ਸਰਗਰਮ ਸਹਿਯੋਗ ਦੇਣ, ਤਾਂ ਜੋ ਹਰ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿਚ ਦਰਜ ਹੋ ਸਕੇ ਅਤੇ ਲੋਕਤੰਤਰਿਕ ਪ੍ਰਕਿਰਿਆ ਨੂੰ ਹੋਰ ਮਜ਼ਬੂਤੀ ਮਿਲ ਸਕੇ।