ਜ਼ਿਲ੍ਹਾ ਚੋਣ ਅਫ਼ਸਰ ਨੇ ਐੱਸਆਈਆਰ ਸਬੰਧੀ ਸਿਆਸੀ ਪਾਰਟੀਆਂ ਨਾਲ ਕੀਤੀ ਸਮੀਖਿਆ ਮੀਟਿੰਗ
ਜ਼ਿਲ੍ਹਾ ਚੋਣ ਅਫ਼ਸਰ ਨੇ ਐੱਸਆਈਆਰ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਕੀਤੀ ਸਮੀਖਿਆ ਮੀਟਿੰਗ
Publish Date: Tue, 23 Jun 2026 06:20 PM (IST)
Updated Date: Wed, 24 Jun 2026 04:04 AM (IST)

ਪ੍ਰਸ਼ਾਸਨ ਦਾ ਪੂਰਾ ਸਹਿਯੋਗ ਕਰਨ ਦੀ ਕੀਤੀ ਅਪੀਲ 25 ਜੂਨ ਤੋਂ 24 ਜੁਲਾਈ ਤਕ ਬੀਐੱਲਓਜ਼ ਘਰ-ਘਰ ਜਾ ਕੇ ਭਰਵਾਉਣਗੇ ਗਣਨਾ ਫਾਰਮ ਜਸਪਾਲ ਸਿੰਘ ਜੱਸੀ•, ਪੰਜਾਬੀ ਜਾਗਰਣ, ਤਰਨਤਾਰਨ : ਜ਼ਿਲ੍ਹਾ ਤਰਨਤਾਰਨ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਮੁਹਿੰਮ ਐੱਸਆਈਆਰ ਨੂੰ ਪੂਰੀ ਪਾਰਦਰਸ਼ਤਾ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਇਹ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਹੁਲ ਨੇ ਅੱਜ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਸਮੀਖਿਆ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦਾ ਉਦੇਸ਼ ਹਰੇਕ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿਚ ਸ਼ਾਮਿਲ ਕਰਨਾ ਅਤੇ ਅਯੋਗ ਵਿਅਕਤੀਆਂ ਦੇ ਨਾਮ ਹਟਾਉਣਾ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 23-24 ਜੂਨ ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਬੀਐੱਲਓਜ਼, ਬੀਐੱਲਏ ਨਾਲ ਵਿਸ਼ੇਸ਼ ਗਹਿਰੀ ਸੁਧਾਈ ਸਬੰਧੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਟ੍ਰੇਨਿੰਗਾਂ ਅਤੇ ਗਣਨਾ ਫਾਰਮਾਂ ਦੀ ਛਪਾਈ ਅਤੇ ਤਿਆਰੀ ਦਾ ਕੰਮ ਮੁਕੰਮਲ ਹੋ ਚੁੱਕਾ ਹੈ, ਅਤੇ 25 ਜੂਨ ਤੋਂ 24 ਜੁਲਾਈ ਤਕ ਬੀਐੱਲਓਜ਼ ਘਰ-ਘਰ ਜਾ ਕੇ ਪ੍ਰੀ-ਪ੍ਰਿੰਟਿਡ ਗਣਨਾ ਫਾਰਮ ਵੰਡਣ ਅਤੇ ਭਰਵਾਉਣ ਦਾ ਕੰਮ ਕਰਨਗੇ। ਉਨ੍ਹਾਂ ਦੱਸਿਆ ਕਿ 3 ਅਗਸਤ, 2026 ਨੂੰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕੀਤੀ ਜਾਵੇਗੀ ਅਤੇ 3 ਅਗਸਤ ਤੋਂ 2 ਸਤੰਬਰ ਤਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 28 ਸਤੰਬਰ ਤਕ ਕੀਤਾ ਜਾਵੇਗਾ ਅਤੇ ਅੰਤਿਮ ਵੋਟਰ ਸੂਚੀ 1 ਅਕਤੂਬਰ, 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵੋਟਰਾਂ ਦੀ ਸਹੂਲਤ ਲਈ ਸਾਲ 2003 ਦੀਆਂ ਵੋਟਰ ਸੂਚੀਆਂ ਨੂੰ ਮੌਜੂਦਾ ਸੂਚੀਆਂ ਨਾਲ ਜੋੜਿਆ ਗਿਆ ਹੈ। ਬੀਐੱਲਓਜ਼ ਵੋਟਰਾਂ ਨਾਲ ਸੰਪਰਕ ਕਰਨ ਲਈ ਤਿੰਨ ਵਾਰ ਉਨ੍ਹਾਂ ਦੇ ਘਰ ਜਾਣਗੇ। ਉਨ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਆਪਣੇ ਬੂਥ ਲੈਵਲ ਏਜੰਟ-2 ਨਿਯੁਕਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਵਿਸ਼ੇਸ਼ ਗਹਿਰੀ ਸੁਧਾਈ ਦੇ ਹਰੇਕ ਪੜਾਅ ਦੌਰਾਨ ਰਾਜਨੀਤਿਕ ਪਾਰਟੀਆਂ ਦਾ ਸਹਿਯੋਗ ਲਿਆ ਜਾਵੇਗਾ। ਉਨ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਵਿਸ਼ੇਸ਼ ਗਹਿਰੀ ਸੁਧਾਈ ਐੱਸਆਈਆਰ ਵਿਚ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਇਸ ਮਹੱਤਵਪੂਰਨ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਬੀਐੱਲਓਜ਼ ਨੂੰ ਪੂਰਾ ਸਹਿਯੋਗ ਦੇਣ ਤਾਂ ਜੋ ਹਰ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿਚ ਦਰਜ ਹੋ ਸਕੇ। ਇਸ ਮੌਕੇ ਤਹਿਸੀਲਦਾਰ ਚੋਣਾਂ ਇੰਦਰਜੀਤ ਸਿੰਘ, ਚੋਣ ਕਾਨੂੰਗੋ ਦਿਲਬਾਗ ਸਿੰਘ ਤੋਂ ਇਲਾਵਾ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਹਾਜਰ ਸਨ, ਜਿਨ੍ਹਾਂ ਵਿਚ ਕਾਂਗਰਸ ਤੋਂ ਬਰਕਤ ਸਿੰਘ ਵੋਹਰਾ, ਆਮ ਆਦਮੀ ਪਾਰਟੀ ਤੋਂ ਤਰਸੇਮ ਸਿੰਘ, ਮਨਦੀਪ ਸਿੰਘ ਤੇ ਮਨਜੀਤ ਸਿੰਘ ਰੰਧਾਵਾ ਅਤੇ ਸ਼੍ਰੋਮਣੀ ਅਕਾਲੀ ਦਲ ਤੋਂ ਗੁਰਭੇਜ ਸਿੰਘ ਤੇ ਸੰਜੀਵ ਸ਼ਾਮਿਲ ਸਨ।