ਪੰਜਾਬ ਸਰਕਾਰ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ : ਈਟੀਓ
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਕੀਤੀ ਸਮੀਖਿਆ
Publish Date: Tue, 23 Jun 2026 08:13 PM (IST)
Updated Date: Wed, 24 Jun 2026 04:07 AM (IST)

ਜਸਪਾਲ ਸਿੰਘ ਜੱਸੀ•, ਪੰਜਾਬੀ ਜਾਗਰਣ, ਤਰਨਤਾਰਨ : ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਮੰਗਲਵਾਰ ਨੂੰ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਪੰਜਾਬ ਸਰਕਾਰ ਦੀ ਨਸ਼ਾ ਮੁਕਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਸਮੀਖਿਆ ਕੀਤੀ। ਇਸ ਸਮੀਖਿਆ ਮੀਟਿੰਗ ਵਿਚ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਜ਼ਿਲ੍ਹੇ ਦੀ ਨਸ਼ਾ ਮੁਕਤੀ ਮੋਰਚਾ ਦੀ ਸਮੁੱਚੀ ਟੀਮ ਤੋਂ ਇਲਾਵਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਵੀ ਮੌਜੂਦ ਰਹੇ। ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਸਬੰਧੀ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਜਿਥੇ ਵੱਡੀ ਗਿਣਤੀ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਦੀਆਂ ਸਲਾਖਾਂ ਪਿੱਛੇ ਭੇਜਿਆ ਹੈ, ਉਥੇ ਨਸ਼ੇ ਦੀ ਦਲਦਲ ਵਿਚ ਫਸੇ ਨੌਜਵਾਨਾਂ ਦੇ ਮੁੜ ਵਸੇਬੇ ਲਈ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਲੋਕਾਂ, ਖ਼ਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਨਸ਼ਾ ਮੁਕਤ ਜੀਵਨ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਨਸ਼ਾ ਮੁਕਤੀ ਮੋਰਚਾ ਦੀ ਟੀਮ, ਸਿਵਲ ਤੇ ਪੁਲਿਸ ਪ੍ਰਸ਼ਾਸਨ ਨੂੰ ਆਪਸੀ ਤਾਲਮੇਲ ਅਤੇ ਸੰਜ਼ੀਦਗੀ ਨਾਲ ਕੰਮ ਕਰਨ ਦੀ ਤਾਕੀਦ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਸਰਕਾਰ ਜਾਂ ਪ੍ਰਸ਼ਾਸਨ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਮਾਜ ਦੇ ਹਰੇਕ ਵਰਗ ਦਾ ਸਹਿਯੋਗ ਮਿਲੇ ਤਾਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਟੀਚਾ ਜਲਦ ਹਾਸਲ ਕੀਤਾ ਜਾ ਸਕਦਾ ਹੈ। ਇਸ ਮੌਕੇ ਏਡੀਸੀ ਪੇਂਡੂ ਵਿਕਾਸ ਸੰਜੀਵ ਕੁਮਾਰ ਸ਼ਰਮਾ, ਐੱਸਡੀਐੱਮ ਤਰਨ ਤਾਰਨ ਡਾ. ਕਰਨਵੀਰ ਸਿੰਘ, ਐੱਸਡੀਐੱਮ ਖਡੂਰ ਸਾਹਿਬ ਸੰਜੀਵ ਸ਼ਰਮਾ, ਐੱਸਡੀਐੱਮ ਪੱਟੀ ਅਮਨਦੀਪ ਸਿੰਘ, ਐੱਸਪੀ ਹੈੱਡਕੁਆਰਟਰ ਸੁਖਨਿੰਦਰ ਸਿੰਘ, ਐੱਸਪੀ ਡੀ ਡਾ. ਰਿਪੁਦਮਨ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਪਿਆਰ ਸਿੰਘ, ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਕੋਆਰਡੀਨੇਟਰ ਅਮਰਿੰਦਰ ਸਿੰਘ ਐਮੀ, ਵਾਈਸ ਜ਼ਿਲ੍ਹਾ ਕੋਆਰਡੀਨੇਟਰ ਕੁਲਦੀਪ ਸਿੰਘ ਢਿੱਲੋਂ, ਅਸੈਂਬਲੀ ਕੋਆਰਡੀਨੇਟਰ ਤਰਨਤਾਰਨ ਆਲਮਬੀਰ ਸਿੰਘ ਰੰਧਾਵਾ, ਅਸੈਂਬਲੀ ਕੋਆਰਡੀਨੇਟਰ ਖੇਮਕਰਨ ਜੋਗਿੰਦਰ ਸਿੰਘ ਸੰਧੂ, ਅਸੰਬਲੀ ਕੋਆਰਡੀਨੇਟਰ ਪੱਟੀ ਪਰਮਜੀਤ ਸਿੰਘ ਚੰਬਲ ਅਤੇ ਅਸੰਬਲੀ ਕੋਆਰਡੀਨੇਟਰ ਖਡੂਰ ਸਾਹਿਬ ਜਸਕਰਨ ਸਿੰਘ ਲਾਡੀ ਆੜ੍ਹਤੀਆ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਨਸ਼ਾ ਮੁਕਤੀ ਮੋਰਚਾ ਦੇ ਵਾਈਸ ਕੋਆਰਡੀਨੇਟਰ, ਬਲਾਕ ਕੋਆਰਡੀਨੇਟਰ ਅਤੇ ਹੋਰ ਸ਼ਖਸੀਅਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ। ------ ਆਪਣੇ ਖੇਤਰਾਂ ’ਚ ਮੁਹਿੰਮ ਨੂੰ ਮਜ਼ਬੂਤ ਕਰਨ ਕੋਆਰਡੀਨੇਟਰ : ਲਾਲਪੁਰਾ ਖਡੂਰ ਸਾਹਿਬ ਹਲਕੇ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਇਸ ਮੌਕੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਨਸ਼ਾ ਮੁਕਤੀ ਮੋਰਚਾ ਦੇ ਕੋਆਰਡੀਨੇਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਰਾਂ ਵਿਚ ਵੱਧ ਤੋਂ ਵੱਧ ਲੋਕਾਂ ਨੂੰ ਇਸ ਮੁਹਿੰਮ ਨਾਲ ਜੋੜਨ ਅਤੇ ਨਸ਼ਾ ਮੁਕਤੀ ਦੇ ਸੰਦੇਸ਼ ਨੂੰ ਹਰ ਘਰ ਤਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਉਣ। ਇਸ ਮੌਕੇ ਹੋਰਨਾਂ ਬੁਲਾਰਿਆਂ ਨੇ ਵੀ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈਆਂ ਜਾ ਰਹੀਆਂ ਕਾਰਵਾਈਆਂ ਅਤੇ ਜਾਗਰੂਕਤਾ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ।