- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬੀ ਜਾਗਰਣ ਦੀ ਖ਼ਬਰ ਦਾ ਅਸਰ: ਪੀਡਬਲਯੂਡੀ ਦੀ ਬੇਰੁਖ਼ੀ ਵਿਚਕਾਰ ਨਗਰ ਕੌਂਸਲ ਪੱਟੀ ਨੇ ਸੰਭਾਲਿਆ ਮੋਰਚਾ

-ਖ਼ਬਰ ਦਾ ਅਸਰ
ਨਗਰ ਕੌਂਸਲ ਪੱਟੀ ਨੇ ਸਰਹਾਲੀ ਰੋਡ ਤੋਂ ਪਾਣੀ ਦੀ ਨਿਕਾਸੀ ਦਾ ਕੰਮ ਕੀਤਾ ਸ਼ੁਰੂ
ਬੱਲੂ ਮਹਿਤਾ•, ਪੰਜਾਬੀ ਜਾਗਰਣ,
ਪੱਟੀ : ਸ਼ਹਿਰ ਦੇ ਸਰਹਾਲੀ ਰੋਡ ਦੀ ਖਸਤਾ ਹਾਲਤ ਅਤੇ ਲੰਬੇ ਸਮੇਂ ਤੋਂ ਰੁਕੇ ਪਏ ਨਿਰਮਾਣ ਕਾਰਜ ਸਬੰਧੀ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਉਜਾਗਰ ਕਰਦਿਆਂ ‘ਪੰਜਾਬੀ ਜਾਗਰਣ’ ਵੱਲੋਂ ਮੰਗਲਵਾਰ ਨੂੰ ਪ੍ਰਮੁੱਖਤਾ ਨਾਲ ਖ਼ਬਰ ਪ੍ਰਕਾਸ਼ਿਤ ਕੀਤੀ ਗਈ ਸੀ। ਖ਼ਬਰ ਦੇ ਪ੍ਰਕਾਸ਼ਿਤ ਹੋਣ ਤੋਂ ਬਾਅਦ ਇਸ ਦਾ ਅਸਰ ਵੀ ਦੇਖਣ ਨੂੰ ਮਿਲਿਆ ਹੈ। ਸ਼ਹਿਰ ਵਾਸੀਆਂ ਦੀਆਂ ਲਗਾਤਾਰ ਸ਼ਿਕਾਇਤਾਂ ਅਤੇ ਮੰਗ ਨੂੰ ਧਿਆਨ ਵਿਚ ਰੱਖਦਿਆਂ ਨਗਰ ਕੌਂਸਲ ਪੱਟੀ ਵੱਲੋਂ ਸੜਕ ’ਤੇ ਖੜ੍ਹੇ ਪਾਣੀ ਦੀ ਨਿਕਾਸੀ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਸਰਹਾਲੀ ਰੋਡ ਪੱਟੀ ਦੀਆਂ ਸਭ ਤੋਂ ਮਹੱਤਵਪੂਰਨ ਸੜਕਾਂ ਵਿੱਚੋਂ ਇਕ ਹੈ, ਜੋ ਕਈ ਪਿੰਡਾਂ ਅਤੇ ਨੈਸ਼ਨਲ ਸਬ ਹਾਈਵੇ ਨਾਲ ਜੁੜਦੀ ਹੈ। ਇਸ ਰਸਤੇ ਰੋਜ਼ਾਨਾ ਹਜ਼ਾਰਾਂ ਲੋਕ, ਵਿਦਿਆਰਥੀ, ਮਰੀਜ਼ ਅਤੇ ਵਪਾਰੀ ਆਵਾਜਾਈ ਕਰਦੇ ਹਨ। ਸੜਕ ਨੂੰ ਕੁਝ ਸਮਾਂ ਪਹਿਲਾਂ ਨਿਰਮਾਣ ਲਈ ਪੁੱਟਿਆ ਗਿਆ ਸੀ ਪਰ ਕੰਮ ਅਧੂਰਾ ਛੱਡ ਦਿੱਤਾ ਗਿਆ, ਜਿਸ ਕਾਰਨ ਥਾਂ-ਥਾਂ ਡੂੰਘੇ ਟੋਏ ਬਣ ਗਏ ਅਤੇ ਬਰਸਾਤੀ ਪਾਣੀ ਖੜ੍ਹਾ ਰਹਿਣ ਨਾਲ ਲੋਕਾਂ ਦੀਆਂ ਮੁਸ਼ਕਿਲਾਂ ਹੋਰ ਵੱਧ ਗਈਆਂ।
ਇਸ ਸਬੰਧੀ ਸਥਾਨਿਕ ਲੋਕਾਂ ਦਾ ਕਹਿਣਾ ਹੈ ਕਿ ਸੜਕ ਦੇ ਨਿਰਮਾਣ ਅਤੇ ਮੁਰੰਮਤ ਦੀ ਜ਼ਿੰਮੇਵਾਰੀ ਲੋਕ ਨਿਰਮਾਣ ਵਿਭਾਗ (ਪੀਡਬਲਯੂਡੀ) ਦੀ ਬਣਦੀ ਹੈ, ਪਰ ਸਮੱਸਿਆ ਦੇ ਗੰਭੀਰ ਹੋਣ ਦੇ ਬਾਵਜੂਦ ਵਿਭਾਗ ਵੱਲੋਂ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ‘ਪੰਜਾਬੀ ਜਾਗਰਣ’ ਵਿਚ ਖ਼ਬਰ ਪ੍ਰਕਾਸ਼ਿਤ ਹੋਣ ਤੋਂ ਬਾਅਦ ਵੀ ਪੀਡਬਲਯੂਡੀ ਦੇ ਅਧਿਕਾਰੀਆਂ ਵੱਲੋਂ ਸੜਕ ਦੇ ਨਿਰਮਾਣ ਨੂੰ ਲੈ ਕੇ ਕੋਈ ਕਾਰਵਾਈ ਹੁੰਦੀ ਨਜ਼ਰ ਨਹੀਂ ਆਈ। ਦੂਜੇ ਪਾਸੇ ਨਗਰ ਕੌਂਸਲ ਪੱਟੀ ਨੇ ਲੋਕ ਹਿੱਤ ਨੂੰ ਧਿਆਨ ਵਿਚ ਰੱਖਦਿਆਂ ਆਪਣੇ ਸੀਮਤ ਸਾਧਨਾਂ ਨਾਲ ਸੜਕ ’ਤੇ ਖੜ੍ਹੇ ਪਾਣੀ ਦੀ ਨਿਕਾਸੀ ਦਾ ਕੰਮ ਸ਼ੁਰੂ ਕਰਵਾ ਦਿੱਤਾ ਹੈ। ਭਾਵੇਂ ਇਹ ਸੜਕ ਨਗਰ ਕੌਂਸਲ ਦੇ ਅਧਿਕਾਰਤ ਖੇਤਰ ਵਿਚ ਨਹੀਂ ਆਉਂਦੀ, ਫਿਰ ਵੀ ਲੋਕਾਂ ਨੂੰ ਤੁਰੰਤ ਰਾਹਤ ਦੇਣ ਲਈ ਇਹ ਉਪਰਾਲਾ ਕੀਤਾ ਗਿਆ ਹੈ। ਨਗਰ ਕੌਂਸਲ ਦੇ ਇਸ ਕਦਮ ਦੀ ਇਲਾਕਾ ਵਾਸੀਆਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ।
ਸ਼ਹਿਰ ਵਾਸੀਆਂ ਨੇ ਕਿਹਾ ਕਿ ਪਾਣੀ ਦੀ ਨਿਕਾਸੀ ਨਾਲ ਕੁਝ ਹੱਦ ਤਕ ਰਾਹਤ ਮਿਲੇਗੀ, ਪਰ ਸਮੱਸਿਆ ਦਾ ਪੱਕਾ ਹੱਲ ਸੜਕ ਦੇ ਨਿਰਮਾਣ ਕਾਰਜ ਨੂੰ ਜਲਦ ਮੁਕੰਮਲ ਕਰਨ ਵਿਚ ਹੀ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਪੀਡਬਲਯੂਡੀ ਵਿਭਾਗ ਤੋਂ ਮੰਗ ਕੀਤੀ ਕਿ ਸਰਹਾਲੀ ਰੋਡ ਦੇ ਰੁਕੇ ਹੋਏ ਨਿਰਮਾਣ ਕਾਰਜ ਨੂੰ ਤੁਰੰਤ ਮੁੜ ਸ਼ੁਰੂ ਕਰਵਾ ਕੇ ਜਲਦੀ ਪੂਰਾ ਕੀਤਾ ਜਾਵੇ, ਤਾਂ ਜੋ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਸਥਾਈ ਹੱਲ ਹੋ ਸਕੇ ਅਤੇ ਕਿਸੇ ਵੱਡੇ ਹਾਦਸੇ ਤੋਂ ਬਚਿਆ ਜਾ ਸਕੇ।