ਮੁੱਖ ਮੰਤਰੀ ਭਗਵੰਤ ਮਾਨ ਨੇ ਔਰਤਾਂ ਨੂੰ ਸਨਮਾਨ ਰਾਸ਼ੀ ਦੇਣ ਦਾ ਵਾਅਦਾ ਪੂਰਾ ਕੀਤਾ : ਵਿਧਾਇਕ ਧੁੰਨ ਮੁੱਖ ਮੰਤਰੀ ਭਗਵੰਤ ਮਾਨ ਨੇ ਔਰਤਾਂ ਨੂੰ ਸਨਮਾਨ ਰਾਸ਼ੀ ਦੇਣ ਦਾ ਵਾਅਦਾ ਪੂਰਾ ਕੀਤਾ- ਵਿਧਾਇਕ ਧੁੰਨ
Publish Date: Thu, 02 Jul 2026 04:26 PM (IST)
Updated Date: Fri, 03 Jul 2026 04:02 AM (IST)
ਰਾਜਵਿੰਦਰ ਸਿੰਘ ਰਾਜੂ•, ਪੰਜਾਬੀ ਜਾਗਰਣ, ਵਲਟੋਹਾ : ਵਿਧਾਨ ਸਭਾ ਹਲਕਾ ਖੇਮਕਰਨ ਤੋਂ ਆਮ ਆਦਮੀ ਪਾਰਟੀ ਦੇ ਮਿਹਨਤੀ ਵਿਧਾਇਕ ਸਰਵਨ ਸਿੰਘ ਧੁੰਨ ਨੇ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਚੁੱਕੇ ਗਏ ਇਤਿਹਾਸਕ ਕਦਮ ਦੀ ਜ਼ੋਰਦਾਰ ਸ਼ਲਾਘਾ ਕੀਤੀ ਹੈ। ਇਲਾਕੇ ਦੇ ਲੋਕਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਧੁੰਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਦੌਰਾਨ ਕੀਤਾ ਆਪਣਾ ਇਕ ਹੋਰ ਸਭ ਤੋਂ ਵੱਡਾ ਗਾਰੰਟੀ ਵਾਅਦਾ ਪੂਰਾ ਕਰ ਦਿੱਤਾ ਹੈ। ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿਚ 1 ਹਜ਼ਾਰ ਅਤੇ 1500 ਰੁਪਏ ਪ੍ਰਤੀ ਮਹੀਨਾ ਸਨਮਾਨ ਰਾਸ਼ੀ ਪਾਉਣ ਦਾ ਜੋ ਵੱਡਾ ਫੈਸਲਾ ਲਿਆ ਗਿਆ ਹੈ, ਉਹ ਆਪਣੇ ਆਪ ਵਿਚ ਇਕ ਮੀਲ ਪੱਥਰ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਪੰਜਾਬ ਦੀਆਂ ਮਾਵਾਂ ਅਤੇ ਭੈਣਾਂ ਆਰਥਿਕ ਤੌਰ ’ਤੇ ਹੋਰ ਮਜ਼ਬੂਤ ਹੋਣਗੀਆਂ ਅਤੇ ਉਨ੍ਹਾਂ ਨੂੰ ਆਪਣੀਆਂ ਛੋਟੀਆਂ-ਮੋਟੀਆਂ ਨਿੱਜੀ ਜ਼ਰੂਰਤਾਂ ਲਈ ਹੁਣ ਕਿਸੇ ਅੱਗੇ ਹੱਥ ਨਹੀਂ ਅੱਡਣਾ ਪਵੇਗਾ। ਇਹ ਸਕੀਮ ਸਾਬਿਤ ਕਰਦੀ ਹੈ ਕਿ ਆਮ ਆਦਮੀ ਪਾਰਟੀ ਜੋ ਕਹਿੰਦੀ ਹੈ, ਉਹ ਹਰ ਹਾਲ ਵਿਚ ਕਰਕੇ ਵਿਖਾਉਂਦੀ ਹੈ। ਪਿਛਲੀਆਂ ਰਵਾਇਤੀ ਪਾਰਟੀਆਂ ’ਤੇ ਨਿਸ਼ਾਨਾ ਸਾਧਦਿਆਂ ਵਿਧਾਇਕ ਸਰਵਨ ਸਿੰਘ ਧੁੰਨ ਨੇ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਦੀਆਂ ਸਰਕਾਰਾਂ ਨੇ ਹਮੇਸ਼ਾ ਔਰਤਾਂ ਨੂੰ ਸਿਰਫ ਵੋਟ ਬੈਂਕ ਸਮਝਿਆ ਅਤੇ ਚੋਣਾਂ ਆਉਣ ਤੇ ਝੂਠੇ ਲਾਰੇ ਲਗਾ ਕੇ ਠੱਗਣ ਦਾ ਕੰਮ ਕੀਤਾ। ਪਰ ਮੁੱਖ ਮੰਤਰੀ ਭਗਵੰਤ ਮਾਨ ਨੇ ਸੱਚੀ ਨੀਅਤ ਨਾਲ ਪੰਜਾਬ ਦੀਆਂ ਔਰਤਾਂ ਦਾ ਮਾਣ-ਸਨਮਾਨ ਬਹਾਲ ਕੀਤਾ ਹੈ। ਇਹ ਵਿੱਤੀ ਸਹਾਇਤਾ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀਆਂ ਔਰਤਾਂ ਲਈ ਇਕ ਬਹੁਤ ਵੱਡਾ ਸਹਾਰਾ ਬਣੇਗੀ, ਜਿਸ ਨਾਲ ਉਹ ਆਪਣੇ ਬੱਚਿਆਂ ਦਾ ਪਾਲਣ-ਪੋਸ਼ਣ ਹੋਰ ਵੀ ਵਧੀਆ ਢੰਗ ਨਾਲ ਕਰ ਸਕਣਗੀਆਂ। ਸਰਕਾਰ ਦੇ ਇਸ ਇਤਿਹਾਸਕ ਫੈਸਲੇ ਨਾਲ ਪੂਰੇ ਪੰਜਾਬ ਦੇ ਨਾਲ-ਨਾਲ ਹਲਕਾ ਖੇਮਕਰਨ ਦੀਆਂ ਔਰਤਾਂ ਵਿਚ ਵੀ ਭਾਰੀ ਖੁਸ਼ੀ ਅਤੇ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਮੌਕੇ ਵਿਧਾਇਕ ਧੁੰਨ ਨੇ ਆਮ ਆਦਮੀ ਪਾਰਟੀ ਦੀਆਂ ਹੋਰ ਲੋਕ-ਪੱਖੀ ਨੀਤੀਆਂ ਦੀ ਵੀ ਰੱਜ ਕੇ ਤਾਰੀਫ਼ ਕੀਤੀ। ਉਨ੍ਹਾਂ ਦੱਸਿਆ ਕਿ ਸਰਕਾਰ ਬਣਨ ਦੇ ਪਹਿਲੇ ਦਿਨ ਤੋਂ ਹੀ ਲੋਕ ਹਿੱਤਾਂ ਵਿਚ ਵੱਡੇ ਫੈਸਲੇ ਲਏ ਜਾ ਰਹੇ ਹਨ। ਅੱਜ ਪੰਜਾਬ ਦੇ 90 ਫੀਸਦੀ ਤੋਂ ਵੱਧ ਘਰਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਆ ਰਿਹਾ ਹੈ, ਜਿਸ ਨਾਲ ਹਰ ਪਰਿਵਾਰ ਨੂੰ ਹਜ਼ਾਰਾਂ ਰੁਪਏ ਦੀ ਬੱਚਤ ਹੋ ਰਹੀ ਹੈ। ਪਿੰਡ-ਪਿੰਡ ਖੋਲ੍ਹੇ ਗਏ ਆਮ ਆਦਮੀ ਮੁਹੱਲਾ ਕਲੀਨਿਕਾਂ ਵਿਚ ਲੋਕਾਂ ਨੂੰ ਮੁਫ਼ਤ ਅਤੇ ਮਿਆਰੀ ਸਿਹਤ ਸਹੂਲਤਾਂ ਮਿਲ ਰਹੀਆਂ ਹਨ, ਜਿਥੇ ਮੁਫ਼ਤ ਟੈਸਟ ਅਤੇ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਸਿੱਖਿਆ ਦੇ ਖੇਤਰ ਵਿਚ ਕ੍ਰਾਂਤੀ ਲਿਆਉਂਦਿਆਂ ਸਕੂਲ ਆਫ਼ ਐਮੀਨੈਂਸ ਬਣਾਏ ਗਏ ਹਨ, ਜਿਥੇ ਗਰੀਬਾਂ ਦੇ ਬੱਚੇ ਵੀ ਹੁਣ ਅਮੀਰਾਂ ਵਾਂਗ ਵਿਸ਼ਵ ਪੱਧਰੀ ਸਿੱਖਿਆ ਪ੍ਰਾਪਤ ਕਰ ਰਹੇ ਹਨ। ਨੌਜਵਾਨਾਂ ਨੂੰ ਬਿਨ੍ਹਾਂ ਕਿਸੇ ਸਿਫਾਰਸ਼, ਬਿਨਾਂ ਪਰਚੀ ਅਤੇ ਬਿਨਾਂ ਰਿਸ਼ਵਤ ਤੋਂ ਨਿਰੋਲ ਮੈਰਿਟ ਦੇ ਆਧਾਰ ਤੇ 40 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਅੰਤ ਵਿਚ ਵਿਧਾਇਕ ਸਰਵਨ ਸਿੰਘ ਧੁੰਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਵੱਲ ਤੇਜ਼ੀ ਨਾਲ ਵਧ ਰਹੀ ਹੈ। ਉਨ੍ਹਾਂ ਹਲਕਾ ਖੇਮਕਰਨ ਦੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੇ ਸਮੇਂ ਵਿਚ ਹਲਕੇ ਅੰਦਰ ਵਿਕਾਸ ਕਾਰਜਾਂ ਦੀ ਰਫਤਾਰ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਕਿਸੇ ਵੀ ਪਿੰਡ ਨੂੰ ਬੁਨਿਆਦੀ ਸਹੂਲਤਾਂ ਪੱਖੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਆਮ ਆਦਮੀ ਪਾਰਟੀ ਦਾ ਮੁੱਖ ਉਦੇਸ਼ ਆਮ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣਾ ਹੈ ਅਤੇ ਪੰਜਾਬ ਅੱਜ ਸਹੀ ਮਾਅਨਿਆਂ ਵਿਚ ਤਰੱਕੀ ਦੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ।