- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੋਨਮ ਵਾਂਗਚੁਕ ਦੇ ਹੱਕ ’ਚ ਪੱਟੀ ਵਿਚ ਭਲਕੇ ਸਿਵਲ ਸੁਸਾਇਟੀ ਮੈਂਬਰ ਭੁੱਖ ਹੜਤਾਲ ’ਤੇ ਬੈਠਣਗੇ

ਬੱਲੂ ਮਹਿਤਾ, •ਪੰਜਾਬੀ ਜਾਗਰਣ,
ਪੱਟੀ : ਲੱਦਾਖ ਦੇ ਪ੍ਰਸਿੱਧ ਵਾਤਾਵਰਣ ਪ੍ਰੇਮੀ ਅਤੇ ਸਿੱਖਿਆ ਸੁਧਾਰਕ ਸੋਨਮ ਵਾਂਗਚੁਕ ਵੱਲੋਂ ਦੇਸ਼ ਦੀ ਸਿੱਖਿਆ ਪ੍ਰਣਾਲੀ ਵਿਚ ਸੁਧਾਰਾਂ ਅਤੇ ਵਿਦਿਆਰਥੀਆਂ ਦੇ ਹੱਕਾਂ ਲਈ ਕੀਤੀ ਜਾ ਰਹੀ ਭੁੱਖ ਹੜਤਾਲ ਦੇ ਸਮਰਥਨ ਵਿਚ ਪੱਟੀ ਵਿਖੇ ਵੀ ਸਿਵਲ ਸੁਸਾਇਟੀ ਮੈਂਬਰਾਂ ਵੱਲੋਂ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਸਿਵਲ ਸੁਸਾਇਟੀ ਨਾਲ ਜੁੜੇ ਆਗੂ ਕਾਮਰੇਡ ਮਹਾਂਵੀਰ ਸਿੰਘ ਗਿੱਲ ਨੇ ਕਿਹਾ ਕਿ ਉਹ ਸੋਨਮ ਵਾਂਗਚੁਕ ਦੀ ਆਵਾਜ਼ ਨੂੰ ਮਜ਼ਬੂਤ ਕਰਨ ਲਈ ਐਤਵਾਰ ਨੂੰ ਸਵੇਰੇ 9 ਤੋਂ 5 ਵਜੇ ਤਕ ਵੇਰਕਾ ਡੇਅਰੀ ਤਰਨਤਾਰਨ ਰੋਡ ਪੱਟੀ ਵਿਚ ਇਕ ਦਿਨ ਦੀ ਭੁੱਖ ਹੜਤਾਲ ’ਤੇ ਬੈਠਣਗੇ ਅਤੇ ਲੋਕਾਂ ਨੂੰ ਇਸ ਮੁਹਿੰਮ ਨਾਲ ਜੁੜਨ ਦੀ ਅਪੀਲ ਕਰਨਗੇ।
ਇਸ ਸਬੰਧੀ ਉਨ੍ਹਾਂ ਦੱਸਿਆ ਕਿ ਦੇਸ਼ ਭਰ ਦੇ ਲੱਖਾਂ ਵਿਦਿਆਰਥੀ ਪ੍ਰੀਖਿਆਵਾਂ ਵਿਚ ਕਥਿਤ ਬੇਨਿਯਮੀਆਂ, ਪੇਪਰ ਲੀਕ ਅਤੇ ਸਿੱਖਿਆ ਪ੍ਰਣਾਲੀ ਦੀਆਂ ਖਾਮੀਆਂ ਕਾਰਨ ਪ੍ਰਭਾਵਿਤ ਹੋਏ ਹਨ। ਬਹੁਤ ਸਾਰੇ ਵਿਦਿਆਰਥੀਆਂ ਨੇ ਆਤਮ ਹੱਤਿਆ ਵੀਂ ਕਰ ਲਈ ਹੈ, ਅਜਿਹੇ ਹਾਲਾਤਾਂ ਵਿਚ ਸੋਨਮ ਵਾਂਗਚੁਕ ਵੱਲੋਂ ਸ਼ੁਰੂ ਕੀਤਾ ਗਿਆ ਸੰਘਰਸ਼ ਸਿਰਫ਼ ਵਿਦਿਆਰਥੀਆਂ ਦਾ ਹੀ ਨਹੀਂ, ਸਗੋਂ ਦੇਸ਼ ਦੇ ਭਵਿੱਖ ਦਾ ਸੰਘਰਸ਼ ਹੈ।
ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਨਿਰਪੱਖ, ਪਾਰਦਰਸ਼ੀ ਅਤੇ ਭਰੋਸੇਯੋਗ ਪ੍ਰੀਖਿਆ ਪ੍ਰਣਾਲੀ ਮਿਲਣੀ ਚਾਹੀਦੀ ਹੈ। ਸਿੱਖਿਆ ਪ੍ਰਣਾਲੀ ਵਿਚ ਸੁਧਾਰ ਸਮੇਂ ਦੀ ਲੋੜ ਹੈ ਅਤੇ ਸਰਕਾਰ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਨੌਜਵਾਨਾਂ ਦਾ ਭਵਿੱਖ ਸੁਰੱਖਿਅਤ ਨਹੀਂ ਹੋਵੇਗਾ, ਤਾਂ ਦੇਸ਼ ਦੀ ਤਰੱਕੀ ਵੀ ਪ੍ਰਭਾਵਿਤ ਹੋਵੇਗੀ।
ਸਿਵਲ ਸੁਸਾਇਟੀ ਮੈਂਬਰਾਂ ਨੇ ਦੱਸਿਆ ਕਿ ਭੁੱਖ ਹੜਤਾਲ ਦੌਰਾਨ ਵਿਦਿਆਰਥੀਆਂ, ਮਾਪਿਆਂ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਵੀ ਸੱਦਾ ਦਿੱਤਾ ਜਾਵੇਗਾ, ਤਾਂ ਜੋ ਸਿੱਖਿਆ ਨਾਲ ਜੁੜੇ ਮੁੱਦਿਆਂ ’ਤੇ ਵਿਆਪਕ ਚਰਚਾ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਅੰਦੋਲਨ ਕਿਸੇ ਰਾਜਨੀਤਿਕ ਮਕਸਦ ਲਈ ਨਹੀਂ, ਸਗੋਂ ਦੇਸ਼ ਦੇ ਵਿਦਿਆਰਥੀਆਂ ਦੇ ਹਿੱਤਾਂ ਦੀ ਰੱਖਿਆ ਲਈ ਹੈ।
ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪ੍ਰੀਖਿਆਵਾਂ ਨਾਲ ਜੁੜੇ ਵਿਵਾਦਾਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ, ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਜਦ ਤਕ ਵਿਦਿਆਰਥੀਆਂ ਨੂੰ ਇਨਸਾਫ਼ ਨਹੀਂ ਮਿਲਦਾ, ਤਦ ਤਕ ਅਜਿਹੀਆਂ ਲੋਕਤੰਤਰਿਕ ਅਤੇ ਸ਼ਾਂਤਮਈ ਗਤੀਵਿਧੀਆਂ ਜਾਰੀ ਰਹਿਣਗੀਆਂ।
ਸਿਵਲ ਸੁਸਾਇਟੀ ਮੈਂਬਰਾਂ ਰਣਜੀਤ ਸਿੰਘ ਸੇਵਾ ਮੁਕਤ ਐੱਸਡੀਐੱਮ, ਜਸਬੀਰ ਸਿੰਘ ਸੰਧੂ ਸੇਵਾ ਮੁਕਤ ਮੈਨੇਜਰ, ਵਜੀਰ ਸਿੰਘ ਪਾਰਸ, ਪ੍ਰਿੰਸੀਪਲ ਹਰਦੀਪ ਸਿੰਘ, ਐਡਵੋਕੇਟ ਗੁਰਿੰਦਰ ਸ਼ਰਮਾ ਨੇ ਸਮੂਹ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਭਵਿੱਖ ਨਾਲ ਜੁੜੇ ਇਸ ਮਹੱਤਵਪੂਰਨ ਮੁੱਦੇ ’ਤੇ ਆਪਣਾ ਸਮਰਥਨ ਦੇਣ ਅਤੇ ਭੁੱਖ ਹੜਤਾਲ ਵਿਚ ਸ਼ਮੂਲੀਅਤ ਕਰਕੇ ਆਪਣੀ ਆਵਾਜ਼ ਬੁਲੰਦ ਕਰਨ।