- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਹਿਕਾਰੀ ਖੰਡ ਮਿੱਲ ਸ਼ੇਰੋਂ ਦੀ ਮਾਲਕੀ ਬਦਲਣ ਖ਼ਿਲਾਫ਼ ਪੱਕਾ ਮੋਰਚਾ 45ਵੇਂ ਦਿਨ ਵੀ ਜਾਰੀ

ਪੱਤਰ ਪ੍ਰੇਰਕ/ਰਾਕੇਸ਼ ਨਈਅਰ, •ਪੰਜਾਬੀ ਜਾਗਰਣ,
ਚੋਹਲਾ ਸਾਹਿਬ/ਤਰਨਤਾਰਨ : ਸਹਿਕਾਰੀ ਖੰਡ ਮਿੱਲ ਸ਼ੇਰੋਂ ਦੀ ਮਾਲਕੀ ਬਦਲਣ ਦੇ ਵਿਰੋਧ ਵਿਚ ਚੱਲ ਰਿਹਾ ਪੱਕਾ ਮੋਰਚਾ ਅੱਜ 45ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਸੰਘਰਸ਼ ਕਰ ਰਹੀਆਂ ਵੱਖ-ਵੱਖ ਕਿਸਾਨ ਅਤੇ ਜਨਤਕ ਜਥੇਬੰਦੀਆਂ ਦੇ ਆਗੂਆਂ ਨੇ ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਕਿਸਾਨਾਂ ਦੀ ਆਰਥਿਕ ਹਾਲਤ ਮਜ਼ਬੂਤ ਕਰਨ ਦੇ ਸਰਕਾਰੀ ਦਾਅਵੇ ਖੋਖਲੇ ਸਾਬਿਤ ਹੋ ਰਹੇ ਹਨ।
ਬੁਲਾਰਿਆਂ ਨੇ ਕਿਹਾ ਕਿ ਸਹਿਕਾਰੀ ਖੰਡ ਮਿੱਲ ਸ਼ੇਰੋਂ ਦੀ ਜ਼ਮੀਨ ਕਿਸਾਨਾਂ ਵੱਲੋਂ ਆਪਣੇ ਛੋਟੇ-ਛੋਟੇ ਹਿੱਸੇ ਜੋੜ ਕੇ ਸਾਂਝੇ ਯਤਨਾਂ ਨਾਲ ਸਥਾਪਤ ਕੀਤੀ ਗਈ ਸੀ। ਇਸ ਮਿੱਲ ਨੇ ਖੇਤਰ ਦੇ ਕਿਸਾਨਾਂ ਦੀ ਆਰਥਿਕਤਾ ਨੂੰ ਮਜ਼ਬੂਤੀ ਦਿੱਤੀ ਅਤੇ ਅਨੇਕਾਂ ਨੌਜਵਾਨਾਂ ਨੂੰ ਸਿੱਧੇ ਅਤੇ ਅਸਿੱਧੇ ਤੌਰ ’ਤੇ ਰੋਜ਼ਗਾਰ ਪ੍ਰਦਾਨ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਮਿੱਲ ਨੂੰ ਚਲਾਉਣ ਦੀ ਬਜਾਏ ਇਸ ਦੀ ਕੀਮਤੀ ਜ਼ਮੀਨ ਕੌਡੀਆਂ ਦੇ ਭਾਅ ਵੇਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜੋ ਕਿ ਕਿਸਾਨਾਂ ਦੇ ਹਿੱਤਾਂ ਦੇ ਖ਼ਿਲਾਫ਼ ਹੈ।
ਆਗੂਆਂ ਨੇ ਕਿਹਾ ਕਿ ਸਰਕਾਰ ਇਕ ਪਾਸੇ ਲੋਕ ਹਿੱਤਾਂ ਦੀ ਗੱਲ ਕਰਦੀ ਹੈ ਅਤੇ ਦੂਜੇ ਪਾਸੇ ਕਿਸਾਨਾਂ ਦੀ ਮਲਕੀਅਤ ਵਾਲੀਆਂ ਸੰਸਥਾਵਾਂ ਨੂੰ ਖਤਮ ਕਰਨ ਦੇ ਰਾਹ ’ਤੇ ਤੁਰ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਿਸਾਨਾਂ ਦੀ ਸਹਿਮਤੀ ਤੋਂ ਬਿਨਾਂ ਮਿੱਲ ਦੀ ਮਾਲਕੀ ਬਦਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ।
ਅੱਜ ਦੇ ਭਰਵੇਂ ਇਕੱਠ ਨੂੰ ਜ਼ਮਹੂਰੀ ਕਿਸਾਨ ਸਭਾ ਦੇ ਮਨਜੀਤ ਸਿੰਘ ਬੱਗੂ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਛੱਤਰ ਸਿੰਘ ਪੰਨੂ, ਅਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਰਤਨ ਸਿੰਘ ਢੰਡ ਅਤੇ ਜੱਸਾ ਸਿੰਘ ਕੱਦ ਗਿੱਲ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਮੇਹਰ ਸਿੰਘ ਸਖੀਰਾ, ਕੌਮੀ ਕਿਸਾਨ ਯੂਨੀਅਨ ਦੇ ਤਰਸੇਮ ਸਿੰਘ ਲੁਹਾਰ ਅਤੇ ਕੁਲ ਹਿੰਦ ਕਿਸਾਨ ਸਭਾ ਦੇ ਬਲਕਾਰ ਸਿੰਘ ਵਲਟੋਹਾ ਅਤੇ ਦਵਿੰਦਰ ਸੋਹਲ ਨੇ ਸੰਬੋਧਨ ਕੀਤਾ। ਉਨ੍ਹਾਂ ਲੋਕਾਂ ਨੂੰ ਸੰਘਰਸ਼ ਲਈ ਲਾਮਬੰਦ ਹੋਣ ਅਤੇ ਮਿੱਲ ਨੂੰ ਬਚਾਉਣ ਲਈ ਇਕਜੁੱਟ ਰਹਿਣ ਦੀ ਅਪੀਲ ਕੀਤੀ।
ਇਸ ਮੌਕੇ ਪੈਨਸ਼ਨਰ ਐਂਡ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਵੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਸੰਘਰਸ਼ ਨੂੰ ਆਪਣਾ ਸਮਰਥਨ ਦਿੱਤਾ। ਸਮਰਥਨ ਦੇਣ ਵਾਲਿਆਂ ਵਿਚ ਦਲਬੀਰ ਸਿੰਘ ਚੰਬਾ, ਪ੍ਰਿੰਸੀਪਲ ਕਸ਼ਮੀਰ ਸਿੰਘ ਸੰਧੂ, ਗੁਰਨਾਮ ਸਿੰਘ ਧੁੰਨ, ਅਵਤਾਰ ਸਿੰਘ ਗਿੱਲ, ਸੁਖਦੇਵ ਸਿੰਘ ਮਰਹਾਣਾ, ਗਿਆਨ ਸਿੰਘ ਮੋਹਨਪੁਰ, ਕਾਬਲ ਸਿੰਘ ਚੰਬਾ, ਭੁਪਿੰਦਰ ਸਿੰਘ ਗੰਡੀਵਿੰਡ ਅਤੇ ਲਖਬੀਰ ਸਿੰਘ ਰੂੜੀਵਾਲਾ ਸਮੇਤ ਹੋਰ ਪਤਵੰਤੇ ਵਿਅਕਤੀ ਹਾਜ਼ਰ ਸਨ।