- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੇਸਹਾਰਾ ਪਸ਼ੂਆਂ ਦੀ ਵੱਧਦੀ ਗਿਣਤੀ ਬਣੀ ਚਿੰਤਾ ਦਾ ਵਿਸ਼ਾ, ਹਾਦਸਿਆਂ ਦਾ ਬਣਿਆ ਰਹਿੰਦਾ ਖਦਸ਼ਾ

ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ
ਪੰਜਾਬ ਵਿਚ ਬੇਸਹਾਰਾ ਪਸ਼ੂਆਂ ਦੀ ਗਿਣਤੀ ਦਿਨੋਂ-ਦਿਨ ਵਧਦੀ ਜਾ ਰਹੀ ਹੈ, ਜਿਸ ਕਾਰਨ ਸ਼ਹਿਰਾਂ ਅਤੇ ਪਿੰਡਾਂ ਵਿਚ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼ਹਿਰਾਂ ਦੀਆਂ ਮੁੱਖ ਸੜਕਾਂ, ਗਲੀਆਂ, ਬਾਜ਼ਾਰਾਂ ਅਤੇ ਰਿਹਾਇਸ਼ੀ ਇਲਾਕਿਆਂ ਤੋਂ ਇਲਾਵਾ ਰਾਸ਼ਟਰੀ ਅਤੇ ਰਾਜ ਮਾਰਗਾਂ ’ਤੇ ਵੀ ਵੱਡੀ ਗਿਣਤੀ ਵਿਚ ਲਾਵਾਰਿਸ ਪਸ਼ੂ ਘੁੰਮਦੇ ਨਜ਼ਰ ਆਉਂਦੇ ਹਨ। ਇਸ ਕਾਰਨ ਸੜਕ ਹਾਦਸਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਕਈ ਲੋਕ ਆਪਣੀਆਂ ਕੀਮਤੀ ਜਾਨਾਂ ਵੀ ਗੁਆ ਚੁੱਕੇ ਹਨ।
ਰਾਤ ਦੇ ਸਮੇਂ ਸੜਕਾਂ ’ਤੇ ਬੈਠੇ ਪਸ਼ੂ ਵਾਹਨ ਚਾਲਕਾਂ ਲਈ ਵੱਡਾ ਖ਼ਤਰਾ ਬਣ ਜਾਂਦੇ ਹਨ। ਦੋ ਪਹੀਆ ਵਾਹਨ ਚਾਲਕ ਅਤੇ ਛੋਟੇ ਵਾਹਨਾਂ ਵਿਚ ਸਫ਼ਰ ਕਰਨ ਵਾਲੇ ਲੋਕ ਅਕਸਰ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ। ਇਸ ਤੋਂ ਇਲਾਵਾ ਕਿਸਾਨਾਂ ਨੂੰ ਵੀ ਖੇਤਾਂ ਵਿਚ ਖੜ੍ਹੀਆਂ ਫ਼ਸਲਾਂ ਨੂੰ ਬੇਸਹਾਰਾ ਪਸ਼ੂਆਂ ਤੋਂ ਬਚਾਉਣ ਲਈ ਯਤਨ ਕਰਨੇ ਪੈਂਦੇ ਹਨ। ਜਿਸ ਨਾਲ ਉਨ੍ਹਾਂ ਦੀ ਵੀ ਪ੍ਰੇਸ਼ਾਨੀ ਵਧ ਰਹੀ ਹੈ।
ਸਰਕਾਰ ਵੱਲੋਂ ਗਊ ਸੈਸ ਦੇ ਨਾਂ ’ਤੇ ਟੈਕਸ ਇਕੱਠਾ ਕੀਤਾ ਜਾਂਦਾ ਹੈ, ਪਰ ਲੋਕਾਂ ਦਾ ਮੰਨਣਾ ਹੈ ਕਿ ਇਸ ਰਾਸ਼ੀ ਦੀ ਵਰਤੋਂ ਗਊ ਧਨ ਦੀ ਸੰਭਾਲ ਅਤੇ ਬੇਸਹਾਰਾ ਪਸ਼ੂਆਂ ਲਈ ਲੋੜੀਂਦੇ ਪ੍ਰਬੰਧ ਕਰਨ ਲਈ ਪ੍ਰਭਾਵਸ਼ਾਲੀ ਢੰਗ ਨਾਲ ਹੁੰਦੀ ਨਜ਼ਰ ਨਹੀਂ ਆ ਰਹੀ। ਸਮਾਜਿਕ ਜਥੇਬੰਦੀਆਂ ਅਤੇ ਜਾਗਰੂਕ ਨਾਗਰਿਕਾਂ ਨੇ ਸਰਕਾਰ ਤੋਂ ਗਊਸ਼ਾਲਾਵਾਂ ਦੀ ਗਿਣਤੀ ਵਧਾਉਣ, ਮੌਜੂਦਾ ਗਊਸ਼ਾਲਾਵਾਂ ਨੂੰ ਯੋਗ ਵਿੱਤੀ ਸਹਾਇਤਾ ਦੇਣ ਅਤੇ ਲਾਵਾਰਿਸ ਪਸ਼ੂਆਂ ਦੀ ਸੰਭਾਲ ਲਈ ਠੋਸ ਨੀਤੀ ਬਣਾਉਣ ਦੀ ਮੰਗ ਕੀਤੀ ਹੈ। ਤਰਨਤਾਰਨ ਜ਼ਿਲ੍ਹੇ ਵਿਚ ਇਕ ਸਰਕਾਰੀ ਗਊਸ਼ਾਲਾ ਤਾਂ ਹੈ, ਪਰ ਇਸ ਦੇ ਬਾਵਜੂਦ ਸੈਂਕੜੇ ਪਸ਼ੂ ਅੱਜ ਵੀ ਸੜਕਾਂ ’ਤੇ ਘੁੰਮਦੇ ਦਿਖਾਈ ਦਿੰਦੇ ਹਨ।
-------
ਪਸ਼ੂ ਭਲਾਈ ਹੀ ਨਹੀਂ ਬਲਕਿ ਜਨ ਸੁਰੱਖਿਆ ਦਾ ਵੀ ਮੁੱਦਾ : ਐਡਵੋਕੇਟ ਅਰੋੜਾ
ਸਮਾਜ ਚਿੰਤਕ ਐਡਵੋਕੇਟ ਰਾਕੇਸ਼ ਰਮਨ ਅਰੋੜਾ ਨੇ ਕਿਹਾ ਕਿ ਬੇਸਹਾਰਾ ਪਸ਼ੂਆਂ ਦੀ ਸਮੱਸਿਆ ਹੁਣ ਸਿਰਫ਼ ਪਸ਼ੂ ਭਲਾਈ ਦਾ ਨਹੀਂ, ਸਗੋਂ ਜਨ ਸੁਰੱਖਿਆ ਦਾ ਵੀ ਵੱਡਾ ਮੁੱਦਾ ਬਣ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਗਊ ਸੈਸ ਤੋਂ ਪ੍ਰਾਪਤ ਹੋਣ ਵਾਲੇ ਫੰਡਾਂ ਦੀ ਪਾਰਦਰਸ਼ੀ ਵਰਤੋਂ ਕਰਦਿਆਂ ਹਰ ਜ਼ਿਲ੍ਹੇ ਵਿਚ ਆਧੁਨਿਕ ਗਊਸ਼ਾਲਾਵਾਂ ਸਥਾਪਤ ਕਰਨੀਆਂ ਚਾਹੀਦੀਆਂ ਹਨ, ਤਾਂ ਜੋ ਸੜਕਾਂ ਤੋਂ ਬੇਸਹਾਰਾ ਪਸ਼ੂਆਂ ਨੂੰ ਹਟਾ ਕੇ ਉਨ੍ਹਾਂ ਦੀ ਸਹੀ ਸੰਭਾਲ ਕੀਤੀ ਜਾ ਸਕੇ।
-----
ਪਸ਼ੂਆਂ ਨੂੰ ਸੁਰੱਖਿਅਤ ਥਾਵਾਂ ’ਤੇ ਭੇਜਣ ਨਾਲ ਹੀ ਬਚਣਗੀਆਂ ਮਨੁੱਖੀ ਜਾਨਾਂ : ਖੇੜਾ
ਸੜਕ ਹਾਦਸਿਆਂ ਨੂੰ ਘੱਟ ਕਰਨ ਲਈ ਯਤਨਸ਼ੀਲ ਸੁਸਾਇਟੀ ਫਾਰ ਐਕਸੀਡੈਂਟ ਏਡ ਅਤੇ ਟਰੈਫਿਕ ਹੈਲਪ ਸਾਥ ਦੇ ਚੇਅਰਮੈਨ ਰਮਨੀਕ ਸਿੰਘ ਖੇੜਾ ਨੇ ਕਿਹਾ ਕਿ ਬੇਸਹਾਰਾ ਪਸ਼ੂਆਂ ਕਾਰਨ ਹਰ ਸਾਲ ਅਨੇਕਾਂ ਸੜਕ ਹਾਦਸੇ ਵਾਪਰਦੇ ਹਨ ਅਤੇ ਕਿਸਾਨਾਂ ਦੀਆਂ ਫ਼ਸਲਾਂ ਦਾ ਵੀ ਵੱਡਾ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਥਾਨਕ ਪ੍ਰਸ਼ਾਸਨ, ਨਗਰ ਕੌਂਸਲਾਂ ਅਤੇ ਪੰਚਾਇਤਾਂ ਨੂੰ ਸਾਂਝੇ ਤੌਰ ’ਤੇ ਮੁਹਿੰਮ ਚਲਾ ਕੇ ਇਨ੍ਹਾਂ ਪਸ਼ੂਆਂ ਨੂੰ ਸੁਰੱਖਿਅਤ ਥਾਵਾਂ ’ਤੇ ਭੇਜਣ ਅਤੇ ਗਊਸ਼ਾਲਾਵਾਂ ਨਾਲ ਤਾਲਮੇਲ ਬਣਾਉਣ ਦੀ ਲੋੜ ਹੈ, ਤਾਂ ਜੋ ਲਾਵਾਰਿਸ ਪਸ਼ੂਆਂ ਕਾਰਨ ਸੜਕਾਂ ’ਤੇ ਜਾ ਰਹੀਆਂ ਜਾਨਾਂ ਨੂੰ ਬਚਾਇਆ ਜਾ ਸਕੇ।
-----
ਦੁੱਧ ਨਾ ਦੇਣ ਵਾਲੇ ਪਸ਼ੂਆਂ ਦੀ ਸੰਭਾਲ ਲਈ ਵੀ ਹੋਣ ਪ੍ਰਬੰਧ ਛ ਸੁੱਚਾ ਸਿੰਘ
ਸਮਾਜ ਸੇਵੀ ਸੁੱਚਾ ਸਿੰਘ ਕੱਕਾ ਕੰਡਿਆਲਾ ਨੇ ਕਿਹਾ ਕਿ ਇਸ ਸਮੱਸਿਆ ਦੇ ਹੱਲ ਲਈ ਸਰਕਾਰ ਦੇ ਨਾਲ-ਨਾਲ ਸਮਾਜ ਨੂੰ ਵੀ ਆਪਣੀ ਜ਼ਿੰਮੇਵਾਰੀ ਨਿਭਾਉਣੀ ਹੋਵੇਗੀ। ਉਨ੍ਹਾਂ ਕਿਹਾ ਕਿ ਦੁੱਧ ਨਾ ਦੇਣ ਵਾਲੇ ਪਸ਼ੂਆਂ ਨੂੰ ਸੜਕਾਂ ’ਤੇ ਛੱਡਣ ਦੀ ਬਜਾਏ ਉਨ੍ਹਾਂ ਦੀ ਸੰਭਾਲ ਲਈ ਉੱਚਿਤ ਪ੍ਰਬੰਧ ਕੀਤੇ ਜਾਣ। ਉਨ੍ਹਾਂ ਸਰਕਾਰ ਤੋਂ ਬੇਸਹਾਰਾ ਪਸ਼ੂਆਂ ਦੇ ਪੱਕੇ ਪੁਨਰਵਾਸ ਅਤੇ ਸੰਭਾਲ ਲਈ ਲੰਬੇ ਸਮੇਂ ਦੀ ਨੀਤੀ ਬਣਾਉਣ ਦੀ ਮੰਗ ਕਰਦਿਆਂ ਕਿਹਾ ਕਿ ਕਈ ਵਾਰ ਹਾਦਸਿਆਂ ਦੌਰਾਨ ਜ਼ਖ਼ਮੀ ਹੋ ਕੇ ਤਿਲ-ਤਿਲ ਕੇ ਦਮ ਤੋੜਦੇ ਵੀ ਨਜ਼ਰ ਆਉਂਦੇ ਹਨ।